Nazrana Times

ਪੰਜਾਬੀ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

14 Aug, 2026 04:55 PM

ਅੰਮ੍ਰਿਤਸਰ, 14 ਅਗਸਤ- ਕੰਵਰ ਪ੍ਰਤਾਪ ਸਿੰਘ  / ਤਾਜੀਮਨੂਰ ਕੌਰ  — ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾ ਰਹੀ ਸਿੱਖ ਸੰਗਤ ਨਾਲ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਕੁਝ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਹੀ ਲੋਕਾਂ ਦੇ ਲੋਕਤੰਤਰੀ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ। ਕਿਸੇ ਵੀ ਮਾਮਲੇ ਦਾ ਹੱਲ ਤਾਕਤ ਦੀ ਵਰਤੋਂ ਜਾਂ ਲਾਠੀਆਂ ਵਰ੍ਹਾ ਕੇ ਨਹੀਂ, ਸਗੋਂ ਗੱਲਬਾਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੰਗਤਾਂ ’ਤੇ ਗੱਡੀ ਚੜ੍ਹਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜੁਆਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਸੱਚ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅਜਿਹੇ ਮਾਮਲਿਆਂ ਦਾ ਹੱਲ ਵੀ ਸ਼ਾਂਤਮਈ ਤੇ ਸੰਵਿਧਾਨਕ ਢੰਗ ਨਾਲ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਤੁਰੰਤ ਗਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ, ਤਾਂ ਜੋ ਮਾਮਲਾ ਹੋਰ ਨਾ ਵਧੇ ਅਤੇ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸੰਗਤ ਨਾਲ ਧੱਕੇਸ਼ਾਹੀ ਦੀ ਵਰਤੋਂ ਕਿਸੇ ਵੀ ਹਾਲਤ ਵਿਚ ਮਸਲੇ ਦਾ ਹੱਲ ਨਹੀਂ ਹੋ ਸਕਦੀ। ਸਰਕਾਰ ਨੂੰ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਨਿਰਪੱਖਤਾ, ਪਾਰਦਰਸ਼ਤਾ ਅਤੇ ਸੰਵਾਦ ਦੀ ਨੀਤੀ ਅਪਣਾਉਣੀ ਚਾਹੀਦੀ ਹੈ।

Posted By: GURBHEJ SINGH ANANDPURI

Latest News