ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਤੇ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ : ਮੁੱਖ ਮੰਤਰੀ ਭਗਵੰਤ ਮਾਨ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ  ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਤੇ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ : ਮੁੱਖ ਮੰਤਰੀ ਭਗਵੰਤ ਮਾਨ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਹਰ ਹਾਲ ਕਾਇਮ ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੀਤਾ ਕੰਮ.

ਚੰਡੀਗੜ੍ਹ; 27 ਸਤੰਬਰ (ਮੰਗਤ ਸਿੰਘ ਸੈਦਪੁਰ) : ਸੂਬਾ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਹੋਈ ਵਿਸਥਾਰਤ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਇਸ ਕਾਨੂੰਨ ਦਾ ਮੁੱਖ ਆਧਾਰ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਈ ਇਸ ਮੀਟਿੰਗ ਵਿੱਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀਆਂ ਕੁਝ ਧਾਰਾਵਾਂ ਬਾਰੇ ਉਠਾਏ ਗਏ ਖਦਸ਼ਿਆਂ ਬਾਰੇ ਅਤੇ ਸਲਾਹ-ਮਸ਼ਵਰੇ ਤੇ ਆਪਸੀ ਸਹਿਮਤੀ ਨਾਲ ਇਹਨਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰਨ, ਸੁਝਾਵਾਂ 'ਤੇ ਵਿਚਾਰ ਕਰਨ ਅਤੇ ਸਹਿਮਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਵਿਸਥਾਰਪੂਰਵਕ ਅਤੇ ਨਿਰੰਤਰ ਮੀਟਿੰਗਾਂ ਕਰਨ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਪ੍ਰਤੀ ਆਪਣੀ ਭਾਵਨਾ ਉੱਤੇ ਕਾਇਮ ਰਹੇ ਅਤੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਇਸ ਕਾਨੂੰਨ ਦੀਆਂ ਮੱਦਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਦੇ ਸਮੇਂ, ਇਸ ਕਾਨੂੰਨ ਦੀ ਮੂਲ ਭਾਵਨਾ ਅਤੇ ਮੁੱਖ ਮਕਸਦ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਇਸ ਕਾਨੂੰਨ ਦਾ ਮੁੱਖ ਆਧਾਰ ਹੈ। ਇਸ ਲਈ ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।" ਮੁੱਖ ਮੰਤਰੀ ਨੇ ਕਿਹਾ, "ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਕਾਨੂੰਨ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਪਹਿਲੀ ਵਾਰ, ਅਜਿਹਾ ਘਿਨਾਉਣਾ ਅਪਰਾਧ ਕਰਨ ਬਾਰੇ ਸੋਚਣ ਵਾਲਿਆਂ ਵਿੱਚ ਖੌਫ ਦੀ ਭਾਵਨਾ ਪੈਦਾ ਹੋ ਰਹੀ ਹੈ।" ਸਾਡੀ ਸਰਕਾਰ ਦਾ ਮੁੱਖ ਮਕਸਦ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਕਦੇ ਵੀ ਅਜਿਹਾ ਗੰਭੀਰ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ। 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀਆਂ ਕੁਝ ਧਾਰਾਵਾਂ ਬਾਰੇ ਕੁਝ ਖਦਸ਼ੇ ਪ੍ਰਗਟਾਏ ਗਏ ਹਨ ਅਤੇ ਅਸੀਂ ਇਨ੍ਹਾਂ ਖਦਸ਼ਿਆਂ 'ਤੇ ਪੂਰੀ ਤਰ੍ਹਾਂ ਵਿਚਾਰ ਕਰਨ ਲਈ ਤਿਆਰ ਹਾਂ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਮਕਸਦ ਲਈ ਸਾਡੀ ਸਰਕਾਰ ਨੇ ਧਾਰਮਿਕ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸੀਅਤਾਂ, ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਵਾਲੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕਰੇਗੀ ਅਤੇ ਸੂਬਾ ਸਰਕਾਰ ਨੂੰ ਢੁਕਵੀਂ ਸੇਧ ਦੇਣ ਤੋਂ ਪਹਿਲਾਂ ਕਾਨੂੰਨ ਦੇ ਹਰ ਪਹਿਲੂ ਦੀ ਘੋਖ ਕਰੇਗੀ। ਮੁੱਖ ਮੰਤਰੀ ਨੇ ਕਿਹਾ, "ਸੁਝਾਈਆਂ ਗਈਆਂ ਸੋਧਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਨੂੰਨੀ, ਸੰਵਿਧਾਨਕ ਅਤੇ ਹੋਰ ਸਬੰਧਤ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਸੁਖਾਵਾਂ ਹੱਲ ਕੱਢਿਆ ਜਾ ਸਕੇ। ਮੈਂ ਨੋਡਲ ਅਧਿਕਾਰੀ, ਪੀ.ਸੀ.ਐਸ. ਹਰਜੀਤ ਸਿੰਘ ਸੰਧੂ ਨੂੰ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਦੀਆਂ ਮੀਟਿੰਗਾਂ ਲਈ ਮੁਕੰਮਲ ਤਾਲਮੇਲ ਯਕੀਨੀ ਬਣਾਉਣ ਅਤੇ ਕਮੇਟੀ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਆਖਿਆ ਹੈ ਤਾਂ ਜੋ ਆਪਸੀ ਵਿਚਾਰ-ਵਟਾਂਦਰੇ ਅਤੇ ਸਹਿਮਤੀ ਨਾਲ ਲੋੜ ਮੁਤਾਬਕ ਕਾਨੂੰਨ ਵਿੱਚ ਜ਼ਰੂਰੀ ਸੋਧਾਂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਲਈ ਨਿਰੰਤਰ ਮੀਟਿੰਗਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਦੋਵਾਂ ਧਿਰਾਂ ਦੀ ਤਸੱਲੀ ਹੋਣ ‘ਤੇ ਸਰਬਸੰਮਤੀ ਬਣਾਈ ਜਾ ਸਕੇ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ। ਸਾਡੀ ਸਰਕਾਰ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸਤਿਕਾਰ ਅਤੇ ਸੰਵੇਦਨਸ਼ੀਲਤਾ ਨਾਲ ਨੇਪਰੇ ਚਾੜ੍ਹੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬਿੱਲ ਕਾਨੂੰਨੀ ਮਾਹਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ, ਜਿਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਇਸ ਵਿੱਚ ਅਜਿਹੀ ਕੋਈ ਕਮੀ ਜਾਂ ਖਾਮੀ ਨਾ ਰਹਿ ਜਾਵੇ ਜੋ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰ ਸਕੇ। ਜਦੋਂ ਵੀ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ, ਤਾਂ ਇਹ ਲੋਕਾਂ ਦੇ ਹਿਰਦਿਆਂ ਅਤੇ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।" ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਨੇ ਬਿਲਕੁਲ ਨਵਾਂ ਕਾਨੂੰਨ ਲਿਆਉਣ ਦੀ ਬਜਾਏ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਤਾਂ ਜੋ ਸੋਧੇ ਹੋਏ ਕਾਨੂੰਨ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾ ਸਕੇ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨੀ ਢਾਂਚਾ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਿਆ ਰਹੇ ਅਤੇ ਹਰ ਜਾਇਜ਼ ਕਾਨੂੰਨੀ ਅਤੇ ਸੰਵਿਧਾਨਕ ਚਿੰਤਾ ਦਾ ਨਿਪਟਾਰਾ ਵੀ ਕੀਤਾ ਜਾ ਸਕੇ।" ਉਨ੍ਹਾਂ ਕਿਹਾ, “ਸਾਡੀ ਸਰਕਾਰ ਇੱਕ ਸਖ਼ਤ ਕਾਨੂੰਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਨਿਰਧਾਰਤ ਕੀਤੀ ਜਾ ਸਕੇ। ਅਤੀਤ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਪੂਰੀ ਤਰ੍ਹਾਂ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਕਾਨੂੰਨ ਬੇਅਦਬੀ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।" ਉਨ੍ਹਾਂ ਕਿਹਾ, "ਪ੍ਰਸਤਾਵਿਤ ਸੋਧਾਂ ਨੂੰ ਬਹੁਤ ਹੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ, ਸੰਵਿਧਾਨਕ ਅਤੇ ਕਾਨੂੰਨੀ ਸਿਧਾਂਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਅੱਗੇ ਵਧਾਇਆ ਜਾਵੇਗਾ। ਸੂਬਾ ਸਰਕਾਰ ਦਾ ਉਦੇਸ਼ ਸਪੱਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਪੂਰੀ ਤਰ੍ਹਾਂ ਸੁਰੱਖਿਅਤ ਰਹਿਣੀ ਚਾਹੀਦੀ ਹੈ ਅਤੇ ਕਾਨੂੰਨ ਨੂੰ ਆਪਣੇ ਨਿਰਧਾਰਤ ਮਕਸਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲ.ਕੇ. ਯਾਦਵ, ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਦੇ ਨਾਲ-ਨਾਲ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਸ਼ਾਮਲ ਸੱਤ-ਮੈਂਬਰੀ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੀ ਨੁਮਾਇੰਦਗੀ ਕਰ ਰਹੇ ਬਾਬਾ ਸਾਹਿਬ ਸਿੰਘ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾ-ਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾ-ਮੁਕਤ) ਗੁਰਬੀਰ ਸਿੰਘ, ਆਈ.ਪੀ.ਐਸ. (ਸੇਵਾ-ਮੁਕਤ) ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਸਨ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੀਟਿੰਗ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ, “ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਮੁਤਾਬਕ ਸਕਾਰਾਤਮਕ ਨਤੀਜੇ ਵੱਲ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।”..

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.