Nazrana Times

ਪੰਜਾਬੀ

ਭਾਈ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਇੱਕ ਦਿਨ ਦੀ ਪੈਰੋਲ ਦੇਣਾ ਸਰਕਾਰੀ ਧੱਕੇਸ਼ਾਹੀ: ਭਾਈ ਗੁਰਪ੍ਰੀਤ ਸਿੰਘ

14 Nov, 2026 09:03 PM

ਅੰਮ੍ਰਿਤਸਰ, 14 ਨਵੰਬਰ , ਰਣਜੀਤ ਸਿੰਘ ਖ਼ਾਲਸਾ 
ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਜੀ ਦੇ ਅਕਾਲ ਚਲਾਣੇ ਮੌਕੇ ਸਿਰਫ਼ ਇੱਕ ਦਿਨ ਦੀ ਪੈਰੋਲ ਦੇਣਾ ਸਰਕਾਰ ਦੀ ਵੱਡੀ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਦਾਦੀ ਜੀ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਅਜਿਹੇ ਦੁੱਖ ਦੀ ਘੜੀ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਪਰਿਵਾਰ ਨਾਲ ਰਹਿਣ ਲਈ ਢੁੱਕਵਾਂ ਸਮਾਂ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਗੱਲ ਤਾਂ ਸਰਕਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਘੱਟੋ-ਘੱਟ ਉਨ੍ਹਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਕੇ ਲੋੜੀਂਦੀ ਮਿਆਦ ਦੀ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਪਰਿਵਾਰ ਦਾ ਦੁੱਖ ਵੰਡਾ ਸਕਣ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਅ ਸਕਣ। ਭਾਈ ਗੁਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਲੋਕਾਂ ਵੱਲੋਂ ਚੁਣੇ ਹੋਏ ਮੈਂਬਰ ਪਾਰਲੀਮੈਂਟ ਹਨ। ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਹਾਜ਼ਰ ਹੋ ਕੇ ਆਪਣੇ ਹਲਕੇ ਅਤੇ ਪੰਜਾਬ ਦੇ ਲੋਕਾਂ ਦੇ ਮਸਲੇ ਉਠਾਉਣ ਤੇ ਬੋਲਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਦੁੱਖ ਅਤੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦਿਆਂ ਇਨ੍ਹਾਂ ਮੰਗਾਂ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ।

Posted By: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Latest News