ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ 328 ਪਾਵਨ ਸਰੂਪਾਂ, ਫ਼ਿਲਮਾਂ ਤੇ ਗ਼ੈਰ-ਗੁਰਦੁਆਰਾ ਥਾਵਾਂ ’ਤੇ ਅਨੰਦ ਕਾਰਜ ਸਬੰਧੀ ਕੀਤੇ ਗਏ ਅਹਿਮ ਫੈਸਲੇ
- ਧਾਰਮਿਕ/ਰਾਜਨੀਤੀ
- 28 Dec, 2025 03:51 PM (Asia/Kolkata)
ਅੰਮ੍ਰਿਤਸਰ, 28 ਦਸੰਬਰ , ਕੰਵਰ ਪ੍ਰਤਾਪ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ, ਫ਼ਿਲਮਾਂ ਅਤੇ ਗ਼ੈਰ-ਗੁਰਦੁਆਰਾ ਥਾਵਾਂ ’ਤੇ ਕੀਤੇ ਜਾਂਦੇ ਅਨੰਦ ਕਾਰਜਾਂ ਦੇ ਮਾਮਲਿਆਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇੱਕ ਅਹਿਮ ਇਕੱਤਰਤਾ ਹੋਈ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਤੇ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।
ਇਕੱਤਰਤਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਪੰਥਕ ਅਤੇ ਸੰਵਿਧਾਨਕ ਸੰਸਥਾ ਹੈ ਅਤੇ ਭਾਰਤ ਦੇ ਸੰਵਿਧਾਨ ਅਨੁਸਾਰ ਕੋਈ ਵੀ ਸਰਕਾਰ ਕਿਸੇ ਵੀ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਦਖ਼ਲ ਨਹੀਂ ਦੇ ਸਕਦੀ। ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਨੂੰ ਸ. ਈਸ਼ਰ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਜਾਇਜ਼ ਠਹਿਰਾਇਆ ਜਾ ਰਿਹਾ ਹੈ, ਜਦਕਿ ਉਸੇ ਰਿਪੋਰਟ ਦੇ ਪੰਨਾ ਨੰਬਰ 230 ’ਤੇ ਸਪੱਸ਼ਟ ਲਿਖਿਆ ਹੈ ਕਿ ਇਹ ਮਾਮਲਾ ਸਰਕਾਰੀ ਕਾਨੂੰਨ ਜਾਂ ਪੁਲਿਸ ਰਾਹੀਂ ਸਹੀ ਢੰਗ ਨਾਲ ਹੱਲ ਹੋਣ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਚਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਿਆਂ ਰਾਹੀਂ ਹੀ ਸੁਲਝਾਇਆ ਜਾਣਾ ਚਾਹੀਦਾ ਹੈ।
ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਪੰਜਾਬ ਪੁਲਿਸ ਕੋਲ ਦਰਜ ਕਰਵਾਈਆਂ ਅਜਿਹੀਆਂ ਸ਼ਿਕਾਇਤਾਂ ਦੀ ਲੰਬੀ ਸੂਚੀ ਹੈ ਜੋ ਸਿੱਖਾਂ ਵਿਰੁੱਧ ਕੀਤੇ ਜਾਂਦੇ ਨਫ਼ਰਤੀ ਪ੍ਰਚਾਰ ਸਬੰਧੀ ਪੁਲਿਸ ਨੂੰ ਕਾਰਵਾਈ ਲਈ ਦਿੱਤੀਆਂ ਗਈਆਂ ਹਨ। ਪਰ ਪੁਲਿਸ ਨੇ ਸਿੱਖਾਂ, ਸਿੱਖ ਸਿਧਾਂਤਾਂ ਤੇ ਸੰਸਥਾਵਾਂ ਵਿਰੁੱਧ ਕੀਤੇ ਜਾ ਰਹੇ ਇਸ ਨਫ਼ਰਤੀ ਪ੍ਰਚਾਰ ਦੇ ਦੋਸ਼ੀਆਂ ਵਿਰੁੱਧ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੈਰੋਡੀ/ਜਾਹਲੀ ਸੋਸ਼ਲ ਮੀਡੀਆ ਖਾਤੇ ਬਣਾ ਕਿ ਸਿੱਖਾਂ ਖਿਲਾਫ਼ ਸਮਾਜ ਅੰਦਰ ਨਫ਼ਰਤ ਸ਼ਰੇਆਮ ਫੈਲਾਈ ਜਾ ਰਹੀ ਹੈ, ਪਰੰਤੂ ਪੁਲਿਸ ਹੁਣ ਤੱਕ ਇਸ ਨੂੰ ਬੰਦ ਕਰਵਾ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਦੂਜੇ ਪਾਸੇ ਨਿਹੰਗ ਬਾਣੇ ਵਿੱਚ ਹੋਣ ਕਰਕੇ ਇੱਕ ਸਿੱਖ ’ਤੇ ਖਿਡਾਉਣਾ ਬੰਦੂਕ ਦਿਖਾਉਣਾ ਵੀ ਵੱਡਾ ਅਪਰਾਧ ਹੋ ਜਾਂਦਾ ਹੈ ਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ। ਅਜਿਹੇ ਵਿੱਚ ਸਰਕਾਰ ਤੇ ਪੁਲਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦੂਰਨੀ ਮਾਮਲੇ ਦੀ ਪੜਤਾਲ ਕਰਨ ਦਾ ਹੱਕ ਦੇਣ ਦੀ ਮੰਗ ਗ਼ੈਰ-ਵਾਜਬ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਤੋਂ ਭੇਜੇ ਗਏ ਅਜਿਹੇ 25 ਤੋਂ ਵੱਧ ਮਾਮਲੇ ਚੱਲਦੇ ਹਨ, ਜਿਨ੍ਹਾਂ ਵਿੱਚ ਜਾਂ ਤਾਂ ਸਿਰਫ਼ ਪਰਚਾ ਦਰਜ ਕਰਕੇ ਅਗਾਂਹ ਕੋਈ ਕਾਰਵਾਈ ਨਹੀਂ ਕੀਤੀ ਗਈ ਜਾਂ ਸ਼ਿਕਾਇਤਾਂ ਦੇ ਬਾਵਜੂਦ ਵੀ ਪਰਚੇ ਦਰਜ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਸਪੱਸ਼ਟ ਕਰੇ ਕਿ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਦਰਜ ਕਰਵਾਏ ਗਏ - ਸ੍ਰੀ ਦਰਬਾਰ ਸਾਹਿਬ ਦਾ ਜੰਗਲਾ ਟੱਪ ਕੇ ਕੀਤੀ ਬੇਅਦਬੀ, ਸ਼੍ਰੋਮਣੀ ਕਮੇਟੀ ਦੇ ਜਾਹਲੀ ਸੋਸ਼ਲ ਮੀਡੀਆ ਖਾਤੇ ਦਾ ਮਾਮਲਾ, ਪੁਨੀਤ ਸਾਹਨੀ ਵਿਰੁੱਧ ਸ਼ਿਕਾਇਤ, ਸਿੱਖ ਵਿਰੋਧੀ ਸਮੱਗਰੀ ਪਾਉਂਦੇ 28 ਯੂਟਿਊਬ ਚੈਨਲਾਂ ਵਿਰੁੱਧ ਸ਼ਿਕਾਇਤ, ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਵਿਰੁੱਧ ਚੱਲਦੇ ਮਾਮਲੇ ਵਿੱਚ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਆਦੇਸ਼ ਵਿੱਚ ਕਿਹਾ ਗਿਆ ਕਿ ਰਿਪੋਰਟ ਦੇ ਪੰਨਾ ਨੰਬਰ 231 ਉੱਤੇ ਸਪੱਸ਼ਟ ਲਿਖਿਆ ਹੈ ਕਿ ਪੜਤਾਲ ਕਮਿਸ਼ਨ ਦਾ ਇਹ ਮੰਨਣਾ ਹੈ ਅਤੇ ਗੁਰਮਤਿ ਅਨੁਸਾਰ ਇਹ ਸੁਝਾਅ ਹੈ ਕਿ ਇਨ੍ਹਾਂ ਪਾਵਨ ਸਰੂਪਾਂ ਦੇ ਮਸਲਿਆਂ ਦਾ ਕੋਈ ਵੀ ਰਾਜਨੀਤਿਕ ਪਾਰਟੀ ਆਪਣਾ ਸਖ਼ਸ਼ੀ ਲਾਭ ਉਠਾਉਣ ਦਾ ਯਤਨ ਨਾ ਕਰੇ, ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਅਜਿਹਾ ਕਰਨ ਦਾ ਯਤਨ ਕਰੇਗੀ, ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਤੀ ਜਵਾਬਦੇਹ ਹੋਵੇਗੀ ਅਤੇ ਪੰਥ ਦੋਖੀ ਹੋਵੇਗੀ। ਆਦੇਸ਼ ਵਿੱਚ ਮੌਜੂਦਾ ਪੰਜਾਬ ਸਰਕਾਰ ਅਤੇ ਸੱਤਾਧਾਰੀ ਸਿਆਸੀ ਪਾਰਟੀ ਨੂੰ ਆਗਾਹ ਕੀਤਾ ਗਿਆ ਕਿ ਜੇਕਰ ਉਨ੍ਹਾਂ ਨੇ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਦਖ਼ਲਅੰਦਾਜ਼ੀ ਬੰਦ ਨਾ ਕੀਤੀ ਤਾਂ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਪੰਜ ਸਿੰਘ ਸਾਹਿਬਾਨ ਨੇ ਉਸ ਸਮੇਂ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ 17 ਨਵੰਬਰ 2020 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸ਼ਤਾਬਦੀ ਸਮਾਗਮ ਮੌਕੇ ਦਿੱਤੇ ਗਏ ਬਿਆਨ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਪ੍ਰਬੰਧਕੀ ਭ੍ਰਿਸ਼ਟਾਚਾਰ ਅਤੇ ਵਿੱਤੀ ਅਣਗਹਿਲੀ ਨਾਲ ਸਬੰਧਤ ਸੀ, ਜਿਸ ਵਿੱਚ ਦੋਸ਼ੀ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਕੀਤਾ ਜਾ ਚੁੱਕਾ ਹੈ।
ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਸਰਕਾਰ ਜਾਂ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਪੰਥਕ ਹਿੱਤਾਂ ਵਿੱਚ ਨਹੀਂ ਹੈ। ਸਾਰੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਇਹ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਆਪਸੀ ਵਿਚਾਰ-ਵਟਾਂਦਰੇ ਰਾਹੀਂ ਸੁਲਝਾਇਆ ਜਾਵੇ। ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਗਿਆ ਕਿ ਸੰਗਤ ਦੇ ਸ਼ੰਕੇ ਦੂਰ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣ ਅਤੇ ਜੇਕਰ ਕਿਸੇ ਵੀ ਥਾਂ ਪਾਵਨ ਸਰੂਪ ਮਿਲਣ, ਤਾਂ ਉਸ ਦੀ ਤੁਰੰਤ ਇਤਲਾਹ ਕੇਂਦਰੀ ਦਫ਼ਤਰ, ਅੰਮ੍ਰਿਤਸਰ ਵਿਖੇ ਦਿੱਤੀ ਜਾਵੇ।
ਇਕੱਤਰਤਾ ਵਿੱਚ ਗ਼ੈਰ-ਗੁਰਦੁਆਰਾ ਥਾਵਾਂ ਉੱਤੇ ਕੀਤੇ ਜਾਂਦੇ ਅਨੰਦ ਕਾਰਜਾਂ ਦਾ ਮਾਮਲਾ ਵੀ ਵਿਚਾਰਿਆ ਗਿਆ। ਇਸ ਸਬੰਧੀ ਪਾਸ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਕਿ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਸਮੁੰਦਰਾਂ ਦੇ ਕੰਢੇ ਬੀਚਾਂ ਅਤੇ ਵਪਾਰਕ ਫਾਰਮ ਹਾਊਸਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ ਕਰਨ’ਤੇ ਪੂਰਨ ਰੂਪ ਵਿੱਚ ਪਾਬੰਦੀ ਹੈ। ਪੰਜ ਸਿੰਘ ਸਾਹਿਬਾਨ ਨੇ 16 ਮਾਰਚ 1998 ਅਤੇ 16 ਅਕਤੂਬਰ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਪੁਰਾਣੇ ਆਦੇਸ਼ਾਂ ਦੀ ਰੋਸ਼ਨੀ ਵਿੱਚ ਇਹ ਮੁੜ ਸਪੱਸ਼ਟ ਕੀਤਾ ਕਿ ਅਜਿਹੀਆਂ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਹੀਂ ਲਿਜਾਏ ਜਾ ਸਕਦੇ। ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ, ਪ੍ਰਬੰਧਕਾਂ ਤੇ ਸੇਵਾਦਾਰਾਂ ਅਤੇ ਸਮੂਹ ਰਾਗੀ ਜਥਿਆਂ ਨੂੰ ਇਹ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਆਦੇਸ਼ਾਂ ਦਾ ਪੂਰਨ ਸਮਰਪਣ ਭਾਵ ਨਾਲ ਪਾਲਣ ਕਰਨ। ਉਲੰਘਣਾ ਹੋਣ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਦੇਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਅਤੇ ਅਜਿਹੇ ਸਥਾਨਾਂ ਉੱਤੇ ਅਨੰਦ ਕਾਰਜ ਕਰਨ ਵਾਲੇ ਰਾਗੀ ਜਥਿਆਂ, ਮੈਰਿਜ ਪੈਲੇਸਾਂ, ਰਿਜ਼ੋਰਟਾਂ, ਬੀਚਾਂ, ਵਪਾਰਕ ਫਾਰਮ ਹਾਊਸਾਂ ਦੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਕੱਤਰਤਾ ਵਿੱਚ ਫ਼ਿਲਮਾਂ ਦਾ ਮਾਮਲੇ ਵਿਚਾਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਵਾਰ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਪੱਸ਼ਟ ਆਦੇਸ਼ ਕੀਤਾ ਗਿਆ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਿੱਖ ਯੋਧਿਆਂ/ਸ਼ਹੀਦਾਂ, ਆਦਿ ਮਹਾਂਪੁਰਖਾਂ ਅਤੇ ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਸਿੰਘ ਸਾਹਿਬਾਨ ਨੇ ਮਹਿਸੂਸ ਕੀਤਾ ਕਿ ਮੌਜੂਦਾ ਸੂਚਨਾ ਤਕਨਾਲੋਜੀ ਅਤੇ ਏਆਈ ਦੇ ਯੁੱਗ ਵਿੱਚ ਇਹ ਬਹੁਤ ਹੀ ਸੰਜੀਦਾ ਅਤੇ ਅਹਿਮ ਮਸਲਾ ਹੈ ਜਿਸ ਸਬੰਧੀ ਠੋਸ ਨੀਤੀ ਬਣਾਉਣ ਦੀ ਲੋੜ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਧਾਰਮਿਕ ਤੇ ਪੰਥਕ ਵਿਦਵਾਨਾਂ ਦੀ ਰਾਏ ਅਨੁਸਾਰ ਸੰਨ 1934, 1940, 2003, 2015 ਅਤੇ 2022 ਵਿੱਚ ਫ਼ਿਲਮਾਂ ਬਾਰ ਲਏ ਗਏ ਫ਼ੈਸਲਿਆਂ ਦੀ ਪ੍ਰੋੜ੍ਹਤਾ ਕੀਤੀ ਗਈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਤੀ 02 ਮਈ 2025 ਨੂੰ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਤੇ ਪੰਥਕ ਸ਼ਖ਼ਸੀਅਤਾਂ ਨਾਲ ਵੀ ਦੀਰਘ ਵਿਚਾਰ ਕੀਤੇ ਗਏ ਸਨ। ਕਿਹਾ ਗਿਆ ਕਿ ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਗਿਆ ਕਿ ਭਾਰਤ ਦੇ ਵੱਡੇ ਫ਼ਿਲਮ ਨਿਰਮਾਤਾ ਘਰਾਣਿਆਂ ਨੂੰ ਚਿੱਠੀਆਂ ਲਿਖ ਕੇ ਇਸ ਆਦੇਸ਼ ਦੀ ਕਾਪੀ ਭੇਜੀ ਜਾਵੇ ਅਤੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਸਿੱਖ ਇਤਿਹਾਸ ਨਾਲ ਸਬੰਧਤ ਕੋਈ ਵੀ ਫ਼ਿਲਮ ਨਹੀਂ ਬਣਾ ਸਕਦੇ।
Leave a Reply