Nazrana Times

ਪੰਜਾਬੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ....

24 Jul, 2026 05:35 PM

ਸਾਹਿਬਜ਼ਾਦਾਾ ਅਜੀਤ ਸਿੰਘ ਨਗਰ 23 ਜੁਲਾਈ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ 7ਵੇ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਮੀਰੀ ਪੀਰੀ ਦਿਵਸ ਅਤੇ ਦਸਵੀਂ ਦਾ ਸ਼ੁੱਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਜੀ ਲਾਂਡਰਾਂ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੁਆਰਾ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕ੍ਰਿਪਾਨਾ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਗਿਆਨੀ ਗੁਰਜੰਟ ਸਿੰਘ ਜੀ ਗੁਰਦੁਆਰਾ ਦੇਗਸਰ ਸਾਹਿਬ, ਕਟਾਣਾ ਵਾਲਿਆਂ ਨੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ। ਭਾਈ ਮਹਾਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਹਰਿਗੋਬਿੁੰਦ ਸਾਹਿਬ ਜੀ ਮਹਾਰਾਜ ਦੁਆਰਾ ਸਮੁੱਚੀ ਮਾਨਵਤਾ ਨੂੰ ਇਨਸਾਫ ਦਿਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਿਰਜਣਾ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ, ਭਾਈ ਧਰਮਿੰਦਰ ਸਿੰਘ ਜੀ ਪਟਿਆਲਾ ਵਾਲੇ, ਭਾਈ ਹਰਬੀਰ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਇਆ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News