ਪਰਮਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਰੋਸ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਘਰ ਅੱਗੇ ਲਾਇਆ ਗਿਆ 'ਲਾਹਨਤ ਪੱਤਰ'
ਰਵੀ ਖਹਿਰਾ,ਖਡੂਰ ਸਾਹਿਬ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਰੋਸ ਵਜੋਂ, ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਸਤਨਾਮ ਸਿੰਘ ਮਾਣੋਚਹਾਲ ਦੇ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼-ਪਸੰਦ ਲੋਕਾਂ ਨੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਘਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਦੇ ਘਰ ਦੇ ਬਾਹਰ 'ਲਾਹਨਤ ਪੱਤਰ' ਚਿਪਕਾਇਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ
ਰੇਸ਼ਮ ਸਿੰਘ ਘੁਰਕਵਿਡ ,ਹਰਬਿੰਦਰ ਜੀਤ ਸਿੰਘ ਕੰਗ ਦਿਆਲ ਸਿੰਘ ਮੀਆਂ ਵਿੰਡ ਸਤਨਾਮ ਸਿੰਘ ਖੋਜਕੀਪੁਰ
, ਸੁਖਚੈਨ ਸਿੰਘ ਆਲੋਵਾਲ , ਪਾਖਰ ਸਿੰਘ ਲਾਲਪੁਰਾ ਸਤਨਾਮ ਸਿੰਘ ਖੋਜਕੀਪੁਰ , ਬੀਬੀ ਰਣਜੀਤ ਕੌਰ ਗੁਰਜੀਤ ਕੌਰ ਉਪਜੀਤ ਕੋਰ , ਮਨਜੀਤ ਕੋਰ ਮੋਹਣ ਪੁਰ
, ਮਨਜੀਤ ਸਿੰਘ ਕਰਮੂੰਵਾਲ ਤਜਿੰਦਰ ਸਿੰਘ ਰਾਜੂ ਰੂਸਲਪਰ , ਜਵਾਹਰ ਸਿੰਘ ਟਾਂਡਾ ਕੁਲਦੀਪ ਸਿੰਘ ਵੈਈਪੁਈ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਦਾ ਖ਼ਾਤਮਾ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਜਿਹੜੇ ਨੌਜਵਾਨ ਜ਼ਮੀਨੀ ਪੱਧਰ 'ਤੇ ਨਸ਼ਿਆਂ ਵਿਰੁੱਧ ਲੜ ਰਹੇ ਹਨ, ਉਨ੍ਹਾਂ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਦੇ ਨੁਮਾਇੰਦੇ ਅਤੇ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਬੈਠੇ ਹਨ। ਪਰਮਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਦਬਾਉਣ ਦੀ ਇੱਕ ਸਾਜ਼ਿਸ਼ ਹੈ।
ਜਥੇਬੰਦੀ ਦੀਆਂ ਮੁੱਖ ਮੰਗਾਂ:
ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਪਿੱਛੇ ਸ਼ਾਮਲ ਮੁੱਖ ਸਾਜ਼ਿਸ਼ਘੜਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਇਸ ਘਟਨਾ ਦੀ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਸਿਆਸੀ ਚਿਹਰਿਆਂ ਦਾ ਪਰਦਾਫਾਸ਼ ਹੋ ਸਕੇ।
ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ।
ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਕਾਤਲਾਂ ਖ਼ਿਲਾਫ਼ ਤੁਰੰਤ ਠੋਸ ਕਾਰਵਾਈ ਨਾ ਕੀਤੀ, ਤਾਂ ਇਹ ਸੰਘਰਸ਼ ਸਿਰਫ਼ ਹਲਕਾ ਪੱਧਰ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੂਰੇ ਪੰਜਾਬ ਵਿੱਚ ਤਿੱਖੇ ਰੂਪ ਵਿੱਚ ਫੈਲਾਇਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਅਤੇ ਬਲਾਕ ਪੱਧਰੀ ਸੀਨੀਅਰ ਆਗੂ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।