ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ’ਤੇ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਸਿੱਖ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ
ਕਰਾਚੀ, 23 ਨਵੰਬਰ 2026: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਬਾਬਾ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮੁੱਚੀ ਮਨੁੱਖਤਾ ਲਈ ਰਾਹ ਦਸੇਰਾ ਦੱਸਿਆ।
ਬਿਲਾਵਲ ਹਾਊਸ ਦੇ ਮੀਡੀਆ ਸੈੱਲ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਬਿਲਾਵਲ ਭੁੱਟੋ ਜ਼ਰਦਾਰੀ ਨੇ ਦੁਨੀਆ ਭਰ ਤੋਂ ਨਨਕਾਣਾ ਸਾਹਿਬ ਆ ਰਹੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ। ਉਨ੍ਹਾਂ ਬਾਬਾ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਪਹੁੰਚ ਰਹੀ ਸੰਗਤ ਨੂੰ ਜੀ ਆਇਆਂ ਕਿਹਾ।
ਆਪਣੇ ਸੁਨੇਹੇ ਵਿੱਚ ਉਨ੍ਹਾਂ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ—ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ—ਸਾਰੀ ਮਨੁੱਖਤਾ ਨੂੰ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਇਨ੍ਹਾਂ ਸਿੱਖਿਆਵਾਂ ਦਾ ਭਾਵ ਪਰਮਾਤਮਾ ਦਾ ਨਾਮ ਸਿਮਰਨਾ, ਮਿਹਨਤ ਤੇ ਇਮਾਨਦਾਰੀ ਨਾਲ ਰੋਜ਼ੀ ਕਮਾਉਣਾ ਅਤੇ ਦੂਜਿਆਂ ਨਾਲ ਵੰਡ ਕੇ ਛਕਣਾ ਦੱਸਿਆ।
ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪਿਆਰ, ਸ਼ਾਂਤੀ, ਬਰਾਬਰੀ, ਮਨੁੱਖਤਾ, ਇਨਸਾਫ਼ ਅਤੇ ਦੂਜਿਆਂ ਦੀ ਸੇਵਾ ਦਾ ਸੁਨੇਹਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖਿਆਵਾਂ ਧਾਰਮਿਕ ਹੱਦਾਂ ਤੋਂ ਪਾਰ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ’ਤੇ ਮਾਣ ਹੈ। ਪਾਕਿਸਤਾਨ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿਤਕਰੇ ਦੇ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਮਾਣ-ਸਤਿਕਾਰ, ਆਜ਼ਾਦੀ ਤੇ ਸੁਰੱਖਿਆ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਦੀ ਬਰਾਬਰੀ, ਧਾਰਮਿਕ ਆਜ਼ਾਦੀ ਅਤੇ ਇਕ-ਦੂਜੇ ਦੇ ਵਿਸ਼ਵਾਸਾਂ ਦਾ ਸਤਿਕਾਰ ਸ਼ਾਂਤਮਈ, ਸਾਂਝ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਨੀਂਹ ਹਨ।
ਇਸ ਮੌਕੇ ਸਿੰਧ ਸਰਕਾਰ ਦੇ ਮਨੁੱਖੀ ਅਧਿਕਾਰ ਵਿਭਾਗ ਵਿੱਚ ਘੱਟਗਿਣਤੀ ਹੱਕਾਂ ਦੀ ਰਾਖੀ ਲਈ ਫੋਕਲ ਪਰਸਨ ਸਰਦਾਰ ਰਾਮ ਸਿੰਘ ਨੇ ਪੀਪੀਪੀ ਚੇਅਰਮੈਨ ਦੇ ਬਿਆਨ ਦਾ ਸਵਾਗਤ ਕੀਤਾ।
ਸਰਦਾਰ ਰਾਮ ਸਿੰਘ ਨੇ ਕਿਹਾ ਕਿ ਪਾਕਿਸਤਾਨ ਪੀਪਲਜ਼ ਪਾਰਟੀ ਹਮੇਸ਼ਾ ਘੱਟਗਿਣਤੀ ਹੱਕਾਂ ਦੀ ਰਾਖੀ, ਧਾਰਮਿਕ ਆਜ਼ਾਦੀ, ਬਰਾਬਰੀ ਅਤੇ ਧਾਰਮਿਕ ਸਾਂਝ ਵਿੱਚ ਵਿਸ਼ਵਾਸ ਰੱਖਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਾਰੀਆਂ ਧਾਰਮਿਕ ਘੱਟਗਿਣਤੀਆਂ ਨੂੰ ਬਰਾਬਰ ਦੇ ਨਾਗਰਿਕ ਮੰਨਦੀ ਹੈ ਅਤੇ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਰਾਖੀ ਤੇ ਬਿਨਾਂ ਵਿਤਕਰੇ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਬਿਲਾਵਲ ਭੁੱਟੋ ਜ਼ਰਦਾਰੀ ਦੇ ਸੁਨੇਹੇ ਨੂੰ ਧਾਰਮਿਕ ਆਜ਼ਾਦੀ, ਬਰਾਬਰੀ ਅਤੇ ਘੱਟਗਿਣਤੀ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਮਜ਼ਬੂਤ ਪ੍ਰਗਟਾਵਾ ਦੱਸਿਆ।