‘13 ਨਵੰਬਰ ਦੀ 'ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਤੇਜ਼,ਅਕਾਲੀ ਆਗੂਆਂ ਵੱਲੋਂ ਸਰਪੰਚ ਬਿੱਲਾ ਸ਼ੇਰੋਂ ਨਾਲ ਮੁਲਾਕਾਤ
ਨਸ਼ਿਆਂ ਖ਼ਿਲਾਫ਼ ਔਰਤਾਂ ਦੀ ਆਵਾਜ਼ ਬਣੇਗੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ : ਖਹਿਰਾ ਫਾਰਮ ਸ਼ੇਰੋਂ ਵਿਖੇ ਹੋਵੇਗਾ ਵਿਸ਼ਾਲ ਇਕੱਠ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,11 ਨਵੰਬਰ
ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਅਕਾਲੀ ਆਗੂ ਦਸੰਧਾ ਸਿੰਘ ਗਾਬੜੀਆ, ਗੁਰਨਾਮ ਸਿੰਘ ਅਤੇ ਮੰਗਲ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਚੱਲ ਰਹੀਆਂ ਸਰਗਰਮੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਅਕਾਲੀ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੇ ਨਸ਼ਿਆਂ ਦੇ ਪ੍ਰਕੋਪ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਸਮਾਜਿਕ ਬੁਰਾਈ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰਨ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ 13 ਨਵੰਬਰ ਨੂੰ ਖਹਿਰਾ ਫਾਰਮ ਸ਼ੇਰੋਂ ਵਿਖੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਕੱਠ ਨੂੰ ਸੰਬੋਧਨ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਗੰਭੀਰ ਸਮੱਸਿਆ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ। ਖ਼ਾਸ ਕਰਕੇ ਮਾਵਾਂ ਅਤੇ ਧੀਆਂ ਦੀ ਭੂਮਿਕਾ ਇਸ ਲੜਾਈ ਵਿੱਚ ਬੇਹੱਦ ਅਹਿਮ ਹੈ।
ਅਕਾਲੀ ਆਗੂਆਂ ਨੇ ਦੱਸਿਆ ਕਿ 13 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਾਵਾਂ, ਧੀਆਂ ਅਤੇ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ।