ਪੰਜਾਬ ਨਾਲ ਵਿਤਕਰਾ ਕਰਨਾ ਬੰਦ ਕਰੇ ਕੇਂਦਰ ਸਰਕਾਰ, ਸੂਬੇ ਨੂੰ ਬਣਦਾ ਹੱਕ ਦਿੱਤਾ ਜਾਵੇ : ਪਰਵਿੰਦਰ ਢੋਟ
ਆਪ ਆਗੂ ਨੇ ਕਿਹਾ- ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਨਾ ਕੋਈ ਵੱਡਾ ਪ੍ਰੋਜੈਕਟ ਮਿਲਿਆ, ਨਾ ਉਦਯੋਗ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦੀ ਕੋਈ ਨਵੀਂ ਸੌਗਾਤ
ਕਪੂਰਥਲਾ 19 ਜੁਲਾਈ ਗੌਰਵ ਮੜੀਆ
ਆਮ ਆਦਮੀ ਪਾਰਟੀ ਕਪੂਰਥਲਾ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਢੋਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ਤੋਂ ਸੂਬੇ ਦੇ ਲੋਕਾਂ ਨੂੰ ਕਾਫ਼ੀ ਉਮੀਦਾਂ ਸਨ, ਪਰ ਉਨ੍ਹਾਂ ਨੂੰ ਕੋਈ ਨਵਾਂ ਵਿਕਾਸ ਪ੍ਰੋਜੈਕਟ, ਵੱਡਾ ਉਦਯੋਗ ਜਾਂ ਰੁਜ਼ਗਾਰ ਦੀ ਸੌਗਾਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਹ ਦੌਰਾ ਸਿਰਫ਼ ਭਾਸ਼ਣਾਂ ਅਤੇ ਸਿਆਸੀ ਬਿਆਨਬਾਜ਼ੀ ਤੱਕ ਹੀ ਸੀਮਤ ਰਿਹਾ।
ਪਰਵਿੰਦਰ ਢੋਟ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੰਮੇ ਸਮੇਂ ਤੋਂ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐੱਫ.), ਜੀ.ਐੱਸ.ਟੀ. ਦਾ ਬਕਾਇਆ, ਨੈਸ਼ਨਲ ਹੈਲਥ ਮਿਸ਼ਨ ਸਮੇਤ ਹੋਰ ਕੇਂਦਰੀ ਸਕੀਮਾਂ ਦੀ ਰਕਮ ਸਮੇਂ ਸਿਰ ਜਾਰੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸੂਬੇ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਜੁੜੇ ਮੁੱਦਿਆਂ 'ਤੇ ਵੀ ਕੇਂਦਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਰਿਹਾ ਹੈ। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਗਾਰੰਟੀ ਦੇਣ, ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਇਸ ਤੋਂ ਇਲਾਵਾ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਲਈ ਕੋਈ ਵਿਸ਼ੇਸ਼ ਆਰਥਿਕ ਪੈਕੇਜ ਜਾਂ ਵੱਡਾ ਉਦਯੋਗਿਕ ਨਿਵੇਸ਼ ਵੀ ਨਹੀਂ ਕੀਤਾ ਗਿਆ।
ਪਰਵਿੰਦਰ ਢੋਟ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਵਿਦੇਸ਼ਾਂ ਅਤੇ ਹੋਰ ਸੂਬਿਆਂ ਵੱਲ ਰੁਖ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਤ ਕਰਨ ਜਾਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੋਈ ਗੰਭੀਰ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਪੁੱਛਿਆ ਕਿ ਕੇਂਦਰ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਿੰਨੇ ਵੱਡੇ ਉਦਯੋਗ ਲਗਾਏ ਅਤੇ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ।
ਪਰਵਿੰਦਰ ਢੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਦੀ ਲੜਾਈ ਲਗਾਤਾਰ ਲੜਦੀ ਰਹੇਗੀ ਅਤੇ ਕੇਂਦਰ ਸਰਕਾਰ ਤੋਂ ਸੂਬੇ ਦਾ ਬਣਦਾ ਹੱਕ ਹਰ ਹਾਲਤ ਵਿੱਚ ਲੈ ਕੇ ਰਹੇਗੀ।
Posted By: GURBHEJ SINGH ANANDPURI