ਅੰਤ੍ਰਿੰਗ ਕਮੇਟੀ ਦੀ ਮੀਟਿੰਗ: ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ
- ਧਾਰਮਿਕ/ਰਾਜਨੀਤੀ
- 17 Mar,2025

ਚੰਡੀਗੜ੍ਹ 17 ਮਾਰਚ ਜੁਗਰਾਜ ਸਿੰਘ ਸਰਹਾਲੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਅੰਤਰਿੰਗ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਚੰਡੀਗੜ੍ਹ ਵਿੱਚ ਆਯੋਜਿਤ ਹੋਈ। ਇਸ ਮੀਟਿੰਗ ਦੌਰਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ। ਕਮੇਟੀ ਮੈਂਬਰਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਮਜਬੂਰ ਕਰਨਗੇ।
ਇਸ ਦੇ ਨਾਲ ਹੀ, ਐੱਸ.ਜੀ.ਪੀ.ਸੀ. ਦੇ ਅੰਦਰ ਚੱਲ ਰਹੀਆਂ ਕਿਆਸਰਾਈਆਂ ਨੂੰ ਹੋਰ ਵਧਾਵਾ ਮਿਲ ਗਿਆ ਹੈ ਕਿ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਦੇ ਹਨ।
ਧਾਮੀ ਨੇ ਨੈਤਿਕ ਆਧਾਰ ‘ਤੇ ਦਿੱਤਾ ਸੀ ਅਸਤੀਫ਼ਾ
ਯਾਦ ਰਹੇ ਕਿ ਹਰਜਿੰਦਰ ਸਿੰਘ ਧਾਮੀ ਨੇ ਕਰੀਬ ਇਕ ਮਹੀਨਾ ਪਹਿਲਾਂ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਇਹ ਕਦਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ, ਸੋਸ਼ਲ ਮੀਡੀਆ ‘ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਅਹੁਦੇ ਤੋਂ ਹਟਾਉਣ ਦੇ ਤਰੀਕੇ ਦੀ ਆਲੋਚਨਾ ਕਰਨ ਤੋਂ ਬਾਅਦ ਚੁੱਕਿਆ ਸੀ।
ਮੈਂਬਰਾਂ ਵਲੋਂ ਮਨਾਉਣ ਦੀ ਕੋਸ਼ਿਸ਼ ਜਾਰੀ
ਹਾਲਾਂਕਿ, ਕਮੇਟੀ ਮੈਂਬਰਾਂ ਨੇ ਕਈ ਵਾਰ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਹੁਣ ਤੱਕ ਇਹ ਗੱਲ ਸਵੀਕਾਰ ਨਹੀਂ ਕੀਤੀ। ਹੁਣ, ਮੀਟਿੰਗ ‘ਚ ਮਤਾ ਪਾਸ ਹੋਣ ਤੋਂ ਬਾਅਦ, ਉਨ੍ਹਾਂ ਉੱਤੇ ਦਬਾਅ ਵਧ ਗਿਆ ਹੈ ਕਿ ਉਹ ਮੁੜ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਵਜੋਂ ਸੇਵਾ ਨਿਭਾਉਣ ਲਈ ਤਿਆਰ ਹੋਣ।
ਇਸ ਮਾਮਲੇ ‘ਚ ਹੁਣ ਅਗਲਾ ਕਦਮ ਹਰਜਿੰਦਰ ਸਿੰਘ ਧਾਮੀ ਦੀ ਆਖਰੀ ਚੋਣ ‘ਤੇ ਨਿਰਭਰ ਕਰੇਗਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈਣਗੇ ਜਾਂ ਨਹੀਂ।
Posted By:

Leave a Reply