ਕਪੂਰਥਲਾ ’ਚ ਵੱਡਾ ਸਿਆਸੀ ਧਮਾਕਾ! ਚਾਰ ਪ੍ਰਮੁੱਖ ਹਸਤੀਆਂ ਨੇ ਫੜਿਆ ‘ਆਪ’ ਦਾ ਪੱਲਾ
- ਰਾਜਨੀਤੀ
- (Asia/Kolkata)
ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਨੂਪ ਕੱਲ੍ਹਣ ਸਮੇਤ ਚਾਰ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਕਰਵਾਇਆ ਪਾਰਟੀ ’ਚ ਸ਼ਾਮਲ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਪੂਰਥਲਾ ਦੀ ਸਿਆਸਤ ’ਚ ਨਵੀਂ ਹਲਚਲ
ਚੰਡੀਗੜ੍ਹ/ ਕਪੂਰਥਲਾ, 17 ਅਕਤੂਬਰ,ਮੰਗਤ ਸਿੰਘ ਸੈਦਪੁਰ /ਗੌਰਵ ਮੜੀਆ।
ਕਪੂਰਥਲਾ ਦੀ ਸਿਆਸਤ ਵਿੱਚ ਉਸ ਸਮੇਂ ਨਵੀਂ ਹਲਚਲ ਪੈਦਾ ਹੋ ਗਈ, ਜਦੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਅਨੂਪ ਕੱਲ੍ਹਣ ਸਮੇਤ ਚਾਰ ਪ੍ਰਮੁੱਖ ਹਸਤੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਉੱਘੇ ਉਦਯੋਗਪਤੀ ਤਰਲੋਚਨ ਧਿੰਜਨ, ਉੱਘੇ ਉਦਯੋਗਪਤੀ ਦਵਿੰਦਰ ਪਾਲ ਸਿੰਘ ਹੰਸਪਾਲ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐੱਸ.ਐੱਸ. ਵਾਲੀਆ ਦੇ ਨਾਮ ਸ਼ਾਮਲ ਹਨ। ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੀਨੀਅਰ ਕੌਂਸਲਰ ਨਰਿੰਦਰ ਸਿੰਘ ਮਨਸੂ ਅਤੇ ਸਾਬਕਾ ਕੌਂਸਲਰ ਕਰਨ ਮਹਾਜਨ ਵੀ ਮੌਜੂਦ ਸਨ।
ਇਨ੍ਹਾਂ ਪ੍ਰਮੁੱਖ ਹਸਤੀਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਪੂਰਥਲਾ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਖ਼ਾਸ ਤੌਰ ’ਤੇ ਅਨੂਪ ਕੱਲ੍ਹਣ ਦੇ ‘ਆਪ’ ਵਿੱਚ ਜਾਣ ਨੂੰ ਸਥਾਨਕ ਸਿਆਸਤ ਦੇ ਨਜ਼ਰੀਏ ਤੋਂ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ, ਕਿਉਂਕਿ ਉਹ ਲੰਮੇ ਸਮੇਂ ਤੱਕ ਕਾਂਗਰਸ ਨਾਲ ਜੁੜੇ ਰਹੇ ਹਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਰਗੇ ਅਹਿਮ ਅਹੁਦੇ ’ਤੇ ਵੀ ਰਹਿ ਚੁੱਕੇ ਹਨ।

ਰਾਣਾ ਗੁਰਜੀਤ ਸਿੰਘ ਦੇ ਸਿਆਸੀ ਖੇਮੇ ’ਚ ਵਧ ਸਕਦੀ ਹੈ ਹਲਚਲ
ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਜੁੜੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਇਸ ਘਟਨਾਕ੍ਰਮ ਨੂੰ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਸਥਾਨਕ ਸਿਆਸੀ ਚਰਚਾਵਾਂ ਅਨੁਸਾਰ, ਕਾਂਗਰਸ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣਾ ਆਉਣ ਵਾਲੇ ਸਮੇਂ ਵਿੱਚ ਹਲਕੇ ਦੀ ਸਿਆਸਤ ਨੂੰ ਨਵਾਂ ਮੋੜ ਦੇ ਸਕਦਾ ਹੈ।
ਕਪੂਰਥਲਾ ਦੀ ਸਿਆਸਤ ਵਿੱਚ ਰਾਣਾ ਗੁਰਜੀਤ ਸਿੰਘ ਦਾ ਲੰਮਾ ਸਿਆਸੀ ਤਜਰਬਾ ਅਤੇ ਉਨ੍ਹਾਂ ਨਾਲ ਜੁੜੇ ਪੁਰਾਣੇ ਕਾਂਗਰਸੀ ਆਗੂਆਂ ਦੀ ਭੂਮਿਕਾ ਹਮੇਸ਼ਾ ਚਰਚਾ ਦਾ ਵਿਸ਼ਾ ਰਹੀ ਹੈ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਨਵੀਂ ਸਿਆਸੀ ਪਾਰੀ ਸ਼ੁਰੂ ਕਰਨਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਲਈ ਨਵੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਪੈਦਾ ਕਰ ਸਕਦਾ ਹੈ।
ਕੀ 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ?
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਅਜੇ ਸਮਾਂ ਬਾਕੀ ਹੈ, ਪਰ ਕਪੂਰਥਲਾ ਵਿੱਚ ਵੱਖ-ਵੱਖ ਪਾਰਟੀਆਂ ਦੀਆਂ ਸਰਗਰਮੀਆਂ ਅਤੇ ਆਗੂਆਂ ਦੀ ਦਲ-ਬਦਲੀ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਚਾਰ ਪ੍ਰਮੁੱਖ ਸ਼ਖ਼ਸੀਅਤਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਇਹ ਚਰਚਾ ਵੀ ਤੇਜ਼ ਹੋ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੀ ਸਿਆਸਤ ਵਿੱਚ ਹੋਰ ਕਿਹੜੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।
ਹਾਲਾਂਕਿ, ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਚੋਣਾਂ ਦੌਰਾਨ ਕੀ ਪ੍ਰਭਾਵ ਪਵੇਗਾ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ, ਕਪੂਰਥਲਾ ਦੀ ਸਿਆਸਤ ਵਿੱਚ ਇਸ ਘਟਨਾਕ੍ਰਮ ਨੇ ਨਵੀਂ ਚਰਚਾ ਛੇੜ ਦਿੱਤੀ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਹੁਣ ਅਗਲੇ ਸਿਆਸੀ ਕਦਮਾਂ ’ਤੇ ਟਿਕੀਆਂ ਹੋਈਆਂ ਹਨ।
Leave a Reply