ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ-ਮੁਕਤ ਜ਼ਿਲ੍ਹਾ ਬਣੇਗਾ: ਚੀਮਾ
- ਰਾਜਨੀਤੀ
- 05 Mar,2025

ਤਰਨਤਾਰਨ, 05 ਮਾਰਚ –ਰਾਕੇਸ਼ ਨਈਅਰ
ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ-ਮੁਕਤ ਜ਼ਿਲ੍ਹਾ ਬਣੇਗਾ।
ਵਿੱਤ ਮੰਤਰੀ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਹੁਕਮ ਦਿੱਤੇ ਕਿ ਨਸ਼ਿਆਂ ਵਿਰੁੱਧ ਜੰਗ 'ਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਨਸ਼ਾ ਛੁਡਾਊ ਗਤੀਵਿਧੀਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਮੁੜਣ ਲਈ ਖੇਡਾਂ ਅਤੇ ਵਿਦਿਅਕ ਮੁਕਾਬਲਿਆਂ ਵਧਾਉਣ ਦੀ ਜ਼ਰੂਰਤ ਉਤੇ ਜ਼ੋਰ ਦਿੱਤਾ।
ਚੀਮਾ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਤੇਜ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ। ਤਰਨਤਾਰਨ ਦੇ ਐਸ.ਐਸ.ਪੀ. ਅਭਿਮਨਿਊ ਰਾਣਾ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਸਾਲ 26 ਕਰੋੜ ਰੁਪਏ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 13 ਕਿਲੋ ਹੈਰੋਇਨ ਜ਼ਬਤ ਹੋਈ ਹੈ।
ਇਸ ਮੌਕੇ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਡਾ. ਕਸ਼ਮੀਰ ਸਿੰਘ ਸੋਹਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੀ ਰਾਇ ਰੱਖੀ। ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਮਤਾ ਪਾਸ ਕਰਕੇ ਨਸ਼ਿਆਂ ਦੀ ਵਿਕਰੀ 'ਤੇ ਪੂਰੀ ਰੋਕ ਲਗਾ ਦਿੱਤੀ ਹੈ, ਜਦਕਿ 87 ਪਿੰਡਾਂ ਵਿੱਚ ਨੌਜਵਾਨਾਂ ਨੂੰ ਵਾਲੀਬਾਲ ਕਿੱਟਾਂ ਵੰਡਣ ਦਾ ਪ੍ਰੋਗਰਾਮ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਤੋਂ ਨਸ਼ਾ ਤਸਕਰੀ ਕਰ ਰਹੇ ਗੈਂਗਸਟਰਾਂ ਨੂੰ ਕਾਨੂੰਨੀ ਕਾਰਵਾਈ ਲਈ ਵਾਪਸ ਲਿਆ ਜਾਵੇਗਾ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਰਹੱਦ ਪਾਰੋਂ ਆਉਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ-ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।
SEO
Posted By:

Leave a Reply