ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਦੀ ਪ੍ਰਭੂਸੱਤਾ ਬਹਾਲ ਕਰਨ ਲਈ ਅਰਦਾਸ
- ਧਾਰਮਿਕ/ਰਾਜਨੀਤੀ
- 10 Mar,2025

ਅੰਮ੍ਰਿਤਸਰ, 10 ਮਾਰਚ ਗੁਰਮੀਤ ਸਿੰਘ ਵਲਟੋਹਾ
ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸੰਗਠਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਦੌਰਾਨ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ੍ਰੀ ਅਕਾਲ ਤਖ਼ਤ ਦੀ ਪ੍ਰਭੂਸੱਤਾ ਸਿੱਖ ਸੰਗਤ ਦੇ ਹੱਥ ਵਿੱਚ ਦੇਣ ਅਤੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਲਈ ਵਿਧੀ ਵਿਧਾਨ ਬਣਾਉਣ ਦੀ ਮੰਗ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ, ਡਾ. ਖੁਸ਼ਹਾਲ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਇਕਜੁੱਟਤਾ ਅਤੇ ਤਖ਼ਤ ਦੀ ਪ੍ਰਬੰਧਕੀ ਸੁਤੰਤਰਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਬਿਨਾਂ ਵਿਧੀ ਵਿਧਾਨ ਦੇ ਹੋਣ ਕਾਰਨ ਹੀ ਅੱਜ ਇਹ ਸਥਿਤੀ ਪੈਦਾ ਹੋਈ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸ੍ਰੋਮਣੀ ਕਮੇਟੀ ਨੇ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਸਵੇਰੇ ਮੂੰਹ ਹਨੇਰੇ ਕਰਵਾਈ, ਜਿਸ ਵਿੱਚ ਸੰਗਤ ਜਾਂ ਹੋਰ ਜਥੇਬੰਦੀਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਹ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਰਵਾਇਤਾਂ ਦੇ ਉਲਟ ਹੈ।
ਜਸਵਿੰਦਰ ਸਿੰਘ ਐਡਵੋਕੇਟ ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਜਬਰੀ ਸੇਵਾ ਮੁਕਤੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿੱਖ ਕੌਮ ਨੂੰ ਇਕਜੁੱਟ ਕਰਨ ਵਿੱਚ ਅਸਫਲ ਹੋਣ ਦਾ ਦੋਸ਼ ਲਗਾ ਕੇ ਹਟਾਇਆ ਗਿਆ, ਪਰ ਉਹ ਅਜੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਸਿਆਸੀ ਜਥੇਬੰਦੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਦਾ ਹਿੱਸਾ ਹੈ।
ਸਿੱਖ ਜਥੇਬੰਦੀਆਂ ਨੇ ਇਸ ਮਾਮਲੇ 'ਤੇ ਅੱਗੇ ਦੀ ਰਣਨੀਤੀ ਨਿਰਧਾਰਤ ਕਰਨ ਲਈ ਇੱਕ ਵੱਡਾ ਪੰਥਕ ਇਕੱਠ ਬੁਲਾਉਣ ਦਾ ਐਲਾਨ ਕੀਤਾ ਹੈ।
Posted By:

Leave a Reply