Nazrana Times

ਪੰਜਾਬੀ

ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ ਜਾ ਸਕਦੀ ਹੈ‌ ਅੰਦੋਲਨ ਨਹੀਂ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ

11 Oct, 2026 01:27 PM

ਬਿੰਦਰ ਸਿੰਘ ਖੁੱਡੀ ਕਲਾਂ 
ਨਵੀਂ ਦਿੱਲੀ, 11 ਅਕਤੂਬਰ 

:​ਦਿੱਲੀ ਦੇ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਵੱਲੋਂ ਮਰੀਆਦਾ ਭੰਗ ਕੀਤੇ ਜਾਣ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸੰਗਤ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਹਮੇਸ਼ਾ ਤੋਂ ਹੀ ਦਇਆ, ਮਾਨਵਤਾ, ਨਿਸ਼ਕਾਮ ਸੇਵਾ ਅਤੇ ਭਾਈਚਾਰਕ ਸਾਂਝ ਦਾ ਇੱਕ ਮਹਾਨ ਪ੍ਰਤੀਕ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਗੁਰੂ ਘਰ ਦੇ ਦਰਵਾਜ਼ੇ ਬਿਨਾਂ ਕਿਸੇ ਧਰਮ, ਜਾਤ, ਪਛਾਣ ਜਾਂ ਪਿਛੋਕੜ ਦੇ ਫ਼ਰਕ ਤੋਂ ਹਰ ਲੋੜਵੰਦ ਅਤੇ ਸ਼ਰਨਾਰਥੀ ਲਈ ਹਮੇਸ਼ਾ ਖੁੱਲ੍ਹੇ ਰਹੇ ਹਨ ਅਤੇ ਅੱਜ ਵੀ ਉਸੇ ਤਰ੍ਹਾਂ ਖੁੱਲ੍ਹੇ ਹਨ। 

​ ਉਹਨਾਂ ਕਿਹਾ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਕੁਝ ਅੰਦੋਲਨਕਾਰੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਅਤੇ ਉਸ ਤੋਂ ਬਾਅਦ ਪੁਲਿਸ ਕਾਰਵਾਈ ਨੂੰ ਲੈ ਕੇ ਵਿਵਾਦਪੂਰਨ ਵੀਡੀਓਜ਼ ਅਤੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਹਨਾਂ ਇਸ ਪੂਰੇ ਮਾਮਲੇ 'ਤੇ ਚਿੰਤਾ ਪ੍ਰਗਟਾਉਂਦਿਆਂ ਉਹਨਾਂ ਕਿਹਾ ਕਿ ਜਿੱਥੇ ਗੁਰੂ ਘਰ ਹਰ ਕਿਸੇ ਦਾ ਸਵਾਗਤ ਕਰਦਾ ਹੈ, ਉੱਥੇ ਹੀ ਇਸ ਪਵਿੱਤਰ ਅਸਥਾਨ ਦੀ ਮਰਿਆਦਾ, ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਬਣਾਏ ਰੱਖਣਾ ਵੀ ਹਰ ਇੱਕ ਨਾਗਰਿਕ ਅਤੇ ਸ਼ਰਧਾਲੂ ਦੀ ਬਰਾਬਰ ਜ਼ਿੰਮੇਵਾਰੀ ਹੈ। ਉਹਨਾਂ ​ਸੰਗਤ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਅਤੇ ਇਸ ਦੇ ਪ੍ਰਬੰਧਨ ਬਾਰੇ ਫੈਲਾਏ ਜਾ ਰਹੇ ਕਿਸੇ ਵੀ ਤਰ੍ਹਾਂ ਦੇ ਨਕਾਰਾਤਮਕ ਪ੍ਰਚਾਰ, ਝੂਠੀਆਂ ਅਫ਼ਵਾਹਾਂ ਜਾਂ ਰਾਜਨੀਤਕ ਲਾਹਾ ਲੈਣ ਵਾਲੀ ਗੁੰਮਰਾਹਕੁੰਨ ਜਾਣਕਾਰੀ ਦੇ ਬਹਿਕਾਵੇ ਵਿੱਚ ਨਾ ਆਉਣ। ਗੁਰੂ ਘਰ ਸਭ ਦਾ ਸਾਂਝਾ ਹੈ ਅਤੇ ਇਸ ਦੀ ਅਲੌਕਿਕ ਪਵਿੱਤਰਤਾ ਦੀ ਰੱਖਿਆ ਕਰਨਾ ਸਭ ਦਾ ਸਾਂਝਾ ਫ਼ਰਜ਼ ਹੈ। ਲੋਕਾਂ ਨੂੰ ਆਪਸੀ ਏਕਤਾ ਬਣਾਏ ਰੱਖਣ ਅਤੇ ਅਜਿਹੀਆਂ ਗੁੰਮਰਾਹਕੁੰਨ ਖ਼ਬਰਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਅਤੇ ਭਾਈਚਾਰਕ ਸਾਂਝ ਨੂੰ ਠੇਸ ਨਾ ਪਹੁੰਚੇ।

Posted By: GURBHEJ SINGH ANANDPURI

Latest News