ਮੋਹਨਜੀਤ ਸਿੰਘ ਮਾਮਲੇ ’ਚ ਸਰਕਾਰ ’ਤੇ ਵਰ੍ਹੇ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ
ਕਿਹਾ—ਹੱਕਾਂ ਦੀ ਆਵਾਜ਼ ਉਠਾਉਣ ਵਾਲਿਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,5 ਸਤੰਬਰ
ਮੁੱਖ ਮੰਤਰੀ ਨੂੰ ਕਾਲੀ ਝੰਡੀ ਦਿਖਾ ਕੇ ਵਿਰੋਧ ਕਰਨ ਉਪਰੰਤ ਮੋਹਨਜੀਤ ਸਿੰਘ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।ਇਸ ਮਾਮਲੇ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਸਰਕਾਰ ’ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਤਾਨਾਸ਼ਾਹੀ ਵਾਲਾ ਹੁੰਦਾ ਜਾ ਰਿਹਾ ਹੈ,ਜਿੱਥੇ ਲੋਕਾਂ ਵੱਲੋਂ ਆਪਣੇ ਹੱਕਾਂ ਅਤੇ ਮਸਲਿਆਂ ਸਬੰਧੀ ਆਵਾਜ਼ ਉਠਾਉਣ ਨੂੰ ਵੀ ਗਲਤ ਸਮਝਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀਆਂ ਨੀਤੀਆਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਹੱਕ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ’ਤੇ ਕੀਤੇ ਗਏ ਦੁਰਵਿਵਹਾਰ ਅਤੇ ਟਾਰਚਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ ਤਾਂ ਇਸ ਮਾਮਲੇ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨੋਟਿਸ ਲੈ ਕੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਕਾਨੂੰਨ ਦੀ ਉਲੰਘਣਾ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਾਬਤ ਹੁੰਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਦੀ ਆਵਾਜ਼ ਸੁਣਨ ਲਈ ਹੁੰਦੀਆਂ ਹਨ,ਆਵਾਜ਼ ਦਬਾਉਣ ਲਈ ਨਹੀਂ।ਪੰਜਾਬ ਵਿੱਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਸਰਕਾਰ ਤੋਂ ਸਵਾਲ ਪੁੱਛਣ ਦਾ ਸੰਵਿਧਾਨਕ ਹੱਕ ਮਿਲਣਾ ਚਾਹੀਦਾ ਹੈ।
Posted By: GURBHEJ SINGH ANANDPURI