Nazrana Times

ਪੰਜਾਬੀ

40 ਕਿਲੋ ਹੈਰੋਇਨ ਦੀ ਬਰਾਮਦਗੀ ਅਤੇ ਹਵਾਲਾਤੀ ਦੀ ਸ਼ੱਕੀ ਮੌਤ ਨੂੰ ਲੈ ਕੇ ਮੰਤਰੀ ਈਟੀਓ 'ਤੇ ਵਰ੍ਹੇ ਡੈਨੀ ਬੰਡਾਲਾ

19 Nov, 2026 01:44 PM

ਬੋਲੇ- 200 ਕਰੋੜ ਦੀ ਹੈਰੋਇਨ ਫੜੇ ਜਾਣ ਤੋਂ ਬਾਅਦ ਖ਼ਬਰ ਨੂੰ ਫਰਜ਼ੀ ਦੱਸ ਕੇ ਸੋਸ਼ਲ ਮੀਡੀਆ ਪੇਜ 'ਤੇ ਕਾਰਵਾਈ ਕਿਉਂ ਕੀਤੀl ਗਈ? ਮੁੱਖ ਮੰਤਰੀ ਭਗਵੰਤ ਮਾਨ ਦੇਣ ਜਵਾਬ; ਮੰਤਰੀ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਦੋਵਾਂ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ

ਅੰਮ੍ਰਿਤਸਰ - ਸੁਰਜੀਤ ਸਿੰਘ ਖਾਲਸਾ

ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰੈਜ਼ੀਡੈਂਟ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਜੰਡਿਆਲਾ ਗੁਰੂ ਵਿੱਚ 40 ਕਿਲੋ ਹੈਰੋਇਨ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ ਹਵਾਲਾਤੀ ਪੁਨੀਤ ਪਾਲ ਢਿੱਲੋਂ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਆਖ਼ਰ 200 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਸਾਹਮਣੇ ਆਉਣ ਪਿੱਛੇ ਕੀ ਕਾਰਨ ਹਨ? ਉਨ੍ਹਾਂ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਨ, ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਡੈਨੀ ਬੰਡਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ 14 ਜਨਵਰੀ 2026 ਨੂੰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਨੇ ਜੰਡਿਆਲਾ ਗੁਰੂ-ਤਰਨਤਾਰਨ ਰੋਡ 'ਤੇ ਕਾਰਵਾਈ ਕਰਦਿਆਂ 40 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 200 ਕਰੋੜ ਰੁਪਏ ਦੱਸੀ ਗਈ ਸੀ ਅਤੇ ਇਸ ਸਬੰਧੀ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਇਸ ਬਰਾਮਦਗੀ ਨਾਲ ਸਬੰਧਤ ਖ਼ਬਰ 'ਵਾਇਸ ਆਫ਼ ਜੰਡਿਆਲਾ ਗੁਰੂ' ਸੋਸ਼ਲ ਮੀਡੀਆ ਪੇਜ 'ਤੇ ਪ੍ਰਕਾਸ਼ਿਤ ਕੀਤੀ ਗਈ ਤਾਂ ਡੀਜੀਪੀ ਵੱਲੋਂ ਵੀ ਟਵੀਟ ਕਰਕੇ 40 ਕਿਲੋ ਹੈਰੋਇਨ ਦੀ ਬਰਾਮਦਗੀ ਦੀ ਪੁਸ਼ਟੀ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਮੀਡੀਆ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਸਵਾਲ ਪੁੱਛੇ ਗਏ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਕਿੱਥੋਂ ਆਇਆ, ਇਸ ਨੂੰ ਕੌਣ ਲੈ ਕੇ ਆਇਆ ਸੀ ਅਤੇ ਇਸ ਪਿੱਛੇ ਕਿਹੜੇ ਲੋਕ ਸ਼ਾਮਲ ਹਨ? ਡੈਨੀ ਬੰਡਾਲਾ ਨੇ ਦੋਸ਼ ਲਾਇਆ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪੇਜ 'ਤੇ ਦਬਾਅ ਬਣਾਇਆ ਗਿਆ ਅਤੇ ਪੁਲਿਸ ਵੱਲੋਂ ਖ਼ਬਰ ਨੂੰ ਫਰਜ਼ੀ ਦੱਸਿਆ ਗਿਆ। ਇਸ ਤੋਂ ਬਾਅਦ ਪੇਜ ਨੂੰ ਹਟਾਉਣ ਅਤੇ ਕਾਰਵਾਈ ਕਰਨ ਦਾ ਮਾਮਲਾ ਸਾਹਮਣੇ ਆਇਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ 'ਤੇ ਵੀ ਦਬਾਅ ਬਣਾਇਆ ਗਿਆ ਕਿ ਉਹ ਇਸ ਖ਼ਬਰ ਨੂੰ ਗਲਤ ਕਰਾਰ ਦੇਵੇ।

ਡੈਨੀ ਬੰਡਾਲਾ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਦੌਰਾਨ ਉਨ੍ਹਾਂ ਦੇ ਸਾਹਮਣੇ ਦੋ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਆਈਆਂ। ਇੱਕ ਪਾਸੇ ਜੰਡਿਆਲਾ ਗੁਰੂ ਪੁਲਿਸ ਵੱਲੋਂ ਖ਼ਬਰ ਨੂੰ ਬੇਬੁਨਿਆਦ ਦੱਸਦਿਆਂ ਹੈਰੋਇਨ ਦੀ ਬਰਾਮਦਗੀ ਤੋਂ ਇਨਕਾਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ, ਜਦਕਿ ਦੂਜੇ ਪਾਸੇ ਐੱਸਐੱਸਓਸੀ ਦੀ ਐੱਫਆਈਆਰ ਵਿੱਚ 40 ਕਿਲੋ ਹੈਰੋਇਨ ਦੀ ਬਰਾਮਦਗੀ ਦਰਜ ਹੋਣ ਦਾ ਦਾਅਵਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਇਸ ਬਰਾਮਦਗੀ ਸਬੰਧੀ ਜਾਣਕਾਰੀ ਜਨਤਕ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟ ਕਰਨ ਕਿ ਆਖ਼ਰ ਕਿਹੜੀ ਜਾਣਕਾਰੀ ਸਹੀ ਹੈ? ਜੇਕਰ ਐੱਸਐੱਸਓਸੀ ਦੀ ਐੱਫਆਈਆਰ ਵਿੱਚ ਦਰਜ ਬਰਾਮਦਗੀ ਸਹੀ ਹੈ ਤਾਂ ਫਿਰ ਇਸ ਨੂੰ ਫਰਜ਼ੀ ਖ਼ਬਰ ਦੱਸਣ ਅਤੇ ਸੋਸ਼ਲ ਮੀਡੀਆ ਪੇਜ ਖ਼ਿਲਾਫ਼ ਕਾਰਵਾਈ ਕਰਨ ਦੀ ਲੋੜ ਕਿਉਂ ਪਈ? ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਬੰਧਤ ਡੀਐੱਸਪੀ 'ਤੇ ਸਿਆਸੀ ਦਬਾਅ ਬਣਾਇਆ ਗਿਆ ਤਾਂ ਜੋ ਇਸ ਮਾਮਲੇ ਨੂੰ ਦਬਾਇਆ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਤੋਂ ਪੁੱਛਿਆ ਕਿ ਆਖ਼ਰ ਮੰਤਰੀ ਇਸ ਮਾਮਲੇ ਵਿੱਚ ਕੀ ਛੁਪਾਉਣਾ ਚਾਹੁੰਦੇ ਹਨ ਅਤੇ ਕਿਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇੰਨੇ ਵੱਡੇ ਨਸ਼ਾ ਬਰਾਮਦਗੀ ਮਾਮਲੇ ਵਿੱਚ ਲੋਕਾਂ ਨੂੰ ਪੂਰੀ ਜਾਣਕਾਰੀ ਮਿਲਣੀ ਚਾਹੀਦੀ ਹੈ, ਨਾ ਕਿ ਸਵਾਲ ਚੁੱਕਣ ਵਾਲਿਆਂ ਦੀ ਆਵਾਜ਼ ਦਬਾਈ ਜਾਣੀ ਚਾਹੀਦੀ ਹੈ।

ਜੇਲ੍ਹ ਵਿੱਚ ਹਵਾਲਾਤੀ ਦੀ ਮੌਤ ਨੂੰ ਲੈ ਕੇ ਵੀ ਚੁੱਕੇ ਸਵਾਲ

ਡੈਨੀ ਬੰਡਾਲਾ ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ 15 ਸਤੰਬਰ ਨੂੰ 31 ਸਾਲਾ ਹਵਾਲਾਤੀ ਪੁਨੀਤ ਪਾਲ ਢਿੱਲੋਂ ਦੀ ਹੋਈ ਮੌਤ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਪੁਨੀਤ ਦੀ ਮੌਤ ਸ਼ੱਕੀ ਹਾਲਾਤ ਵਿੱਚ ਹੋਈ ਅਤੇ ਇਸ ਮਾਮਲੇ ਵਿੱਚ ਕਈ ਅਜਿਹੇ ਸਵਾਲ ਹਨ, ਜਿਨ੍ਹਾਂ ਦੇ ਜਵਾਬ ਮਿਲਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਅਨੁਸਾਰ ਜੇਲ੍ਹ ਵਿੱਚ ਪੁਨੀਤ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਸਮੇਂ ਸਿਰ ਡਾਕਟਰੀ ਇਲਾਜ ਨਹੀਂ ਦਿੱਤਾ ਗਿਆ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਉਸ ਦੀ ਹਾਲਤ ਖ਼ਰਾਬ ਹੋ ਰਹੀ ਸੀ ਤਾਂ ਸਮੇਂ ਸਿਰ ਇਲਾਜ ਕਿਉਂ ਨਹੀਂ ਕਰਵਾਇਆ ਗਿਆ? ਉਸ ਨੂੰ ਹਸਪਤਾਲ ਪਹੁੰਚਾਉਣ ਵਿੱਚ ਦੇਰੀ ਕਿਉਂ ਹੋਈ? ਜੇਕਰ ਸਮੇਂ ਸਿਰ ਇਲਾਜ ਮਿਲ ਜਾਂਦਾ ਤਾਂ ਕੀ ਉਸ ਦੀ ਜਾਨ ਬਚਾਈ ਜਾ ਸਕਦੀ ਸੀ? ਉਨ੍ਹਾਂ ਇਸ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਬੰਡਾਲਾ ਨੇ ਦਾਅਵਾ ਕੀਤਾ ਕਿ ਪੁਨੀਤ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ, ਜਿਸ ਦੀ ਕੀਮਤ ਕਰੀਬ ਪੰਜ ਕਰੋੜ ਰੁਪਏ ਦੱਸੀ ਗਈ। ਉਨ੍ਹਾਂ ਕਿਹਾ ਕਿ ਪੁਨੀਤ ਦੇ ਕੁਝ ਅਜਿਹੇ ਲੋਕਾਂ ਨਾਲ ਸਬੰਧਾਂ ਅਤੇ ਤਸਵੀਰਾਂ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ, ਜਿਨ੍ਹਾਂ ਵਿੱਚ ਮੰਤਰੀ ਹਰਭਜਨ ਸਿੰਘ ਈਟੀਓ, ਉਨ੍ਹਾਂ ਦੇ ਭਰਾ ਸਤਿੰਦਰ ਸਿੰਘ, ਪਤਨੀ ਅਤੇ ਪੁੱਤਰ ਨਾਲ ਉਸ ਦੀਆਂ ਤਸਵੀਰਾਂ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਵੀਰਾਂ ਅਤੇ ਕਥਿਤ ਸਬੰਧਾਂ ਦੇ ਆਧਾਰ 'ਤੇ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਪਰ ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ। ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਪੁਨੀਤ ਕਿਹੜੇ ਲੋਕਾਂ ਬਾਰੇ ਜਾਣਕਾਰੀ ਦੇਣਾ ਚਾਹੁੰਦਾ ਸੀ ਅਤੇ ਕੀ ਉਸ ਦੀ ਮੌਤ ਤੋਂ ਪਹਿਲਾਂ ਕਿਸੇ ਤਰ੍ਹਾਂ ਦਾ ਦਬਾਅ ਜਾਂ ਲਾਪਰਵਾਹੀ ਹੋਈ ਸੀ।

ਮੰਤਰੀ ਦੇ ਪਰਿਵਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ

ਡੈਨੀ ਬੰਡਾਲਾ ਨੇ ਦੋਸ਼ ਲਾਇਆ ਕਿ ਮੰਤਰੀ ਦੇ ਪਰਿਵਾਰ ਨਾਲ ਜੁੜੇ ਕੁਝ ਲੋਕਾਂ ਖ਼ਿਲਾਫ਼ ਵੀ ਨਸ਼ਾ ਤਸਕਰੀ ਨਾਲ ਸਬੰਧਤ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਮੰਤਰੀ ਦੇ ਭਤੀਜੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਦਰਜ ਐੱਫਆਈਆਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮੰਤਰੀ ਦੇ ਪਰਿਵਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਅਜਿਹੇ ਮਾਮਲੇ ਦਰਜ ਹਨ ਤਾਂ ਹੁਣ ਤੱਕ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਹੋਈ ਹੈ? ਕੀ ਜੰਡਿਆਲਾ ਗੁਰੂ ਵਿੱਚ ਨਸ਼ਿਆਂ ਦਾ ਕਾਰੋਬਾਰ ਸਿਆਸੀ ਜਾਂ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ? ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੰਡਿਆਲਾ ਗੁਰੂ ਦੇ ਲੋਕ ਖ਼ੁਦ ਇਸ ਸਮੱਸਿਆ ਨੂੰ ਲੈ ਕੇ ਆਵਾਜ਼ ਉਠਾ ਰਹੇ ਹਨ।

ਮੁੱਖ ਮੰਤਰੀ ਤੋਂ ਪੁੱਛਿਆ- ਪੰਜ ਸਾਲਾਂ ਤੋਂ ਕੈਬਨਿਟ ਵਿੱਚ ਮੰਤਰੀ ਹਨ, ਫਿਰ ਜਾਣਕਾਰੀ ਕਿਉਂ ਨਹੀਂ?

ਡੈਨੀ ਬੰਡਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਸਵਾਲਾਂ ਦੇ ਘੇਰੇ ਵਿੱਚ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ। ਅਜਿਹੇ ਵਿੱਚ ਸੂਬੇ ਦੇ ਕਿਸੇ ਇਲਾਕੇ ਵਿੱਚ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਣ, ਨਸ਼ਿਆਂ ਦੇ ਕਾਰੋਬਾਰ ਅਤੇ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ ਵਰਗੇ ਗੰਭੀਰ ਮਾਮਲਿਆਂ ਦੀ ਜਾਣਕਾਰੀ ਸਰਕਾਰ ਨੂੰ ਹੋਣੀ ਚਾਹੀਦੀ ਹੈ।

ਉਨ੍ਹਾਂ ਪੁੱਛਿਆ ਕਿ ਹਰਭਜਨ ਸਿੰਘ ਈਟੀਓ ਇੰਨੇ ਸਮੇਂ ਤੋਂ ਕੈਬਨਿਟ ਵਿੱਚ ਮੰਤਰੀ ਹਨ, ਫਿਰ ਜੰਡਿਆਲਾ ਗੁਰੂ ਵਿੱਚ ਸਾਹਮਣੇ ਆ ਰਹੇ ਇਨ੍ਹਾਂ ਮਾਮਲਿਆਂ ਬਾਰੇ ਮੁੱਖ ਮੰਤਰੀ ਨੂੰ ਜਾਣਕਾਰੀ ਕਿਉਂ ਨਹੀਂ ਹੈ? ਜੇਕਰ ਸਰਕਾਰ ਨੂੰ ਜਾਣਕਾਰੀ ਹੈ ਤਾਂ ਹੁਣ ਤੱਕ ਕਾਰਵਾਈ ਕਿਉਂ ਨਹੀਂ ਹੋਈ?

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਖ਼ੁਦ ਇਸ ਮਾਮਲੇ ਵਿੱਚ ਦਖ਼ਲ ਦੇਣ, ਦੋਵਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਸਾਰੇ ਤੱਥਾਂ ਤੇ ਕਥਿਤ ਸਬੰਧਾਂ ਦੀਆਂ ਕੜੀਆਂ ਜੋੜ ਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕੀਤਾ ਜਾਵੇ ਅਤੇ ਜਾਂਚ ਵਿੱਚ ਜਿਸ ਦੀ ਵੀ ਭੂਮਿਕਾ ਸਾਹਮਣੇ ਆਵੇ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਕਾਰਵਾਈ ਨਾ ਹੋਈ ਤਾਂ ਕੇਂਦਰੀ ਏਜੰਸੀਆਂ ਤੱਕ ਪਹੁੰਚ ਕਰਨਗੇ

ਡੈਨੀ ਬੰਡਾਲਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਨਸ਼ਿਆਂ ਕਾਰਨ ਕਈ ਘਰ ਪ੍ਰਭਾਵਿਤ ਹੋਏ ਹਨ ਅਤੇ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਕਾਨੂੰਨੀ ਰਾਹ ਅਪਣਾਏਗੀ। ਇਸ ਤੋਂ ਇਲਾਵਾ ਕੇਂਦਰੀ ਜਾਂਚ ਏਜੰਸੀਆਂ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵੀ ਇਹ ਮਾਮਲਾ ਉਠਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਇਸ ਗੰਭੀਰ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਣ ਨਹੀਂ ਦੇਣਾ ਹੈ। ਜਦੋਂ ਤੱਕ ਨਸ਼ਾ ਤਸਕਰੀ ਨਾਲ ਜੁੜੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਨਹੀਂ ਹੁੰਦੀ ਅਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਹ ਇਸ ਮੁੱਦੇ ਨੂੰ ਉਠਾਉਂਦੇ ਰਹਿਣਗੇ।

Posted By: SURJIT SINGH KHALSA

Latest News