ਸਿਮਰਨਜੀਤ ਸਿੰਘ ਮਾਨ ਵੱਲੋਂ ਭਾਈ ਮੋਹਕਮ ਸਿੰਘ ਨੂੰ ਦਮਦਮੀ ਟਕਸਾਲ ਦਾ ਮੁਖੀ ਥਾਪਿਆ ਗਿਆ
ਬਾਬੇ ਧੁੰਮੇ ਨੂੰ ਮੁਖੀ ਥਾਪਣਾ ਮੇਰੀ ਵੱਡੀ ਗਲਤੀ ਸੀ : ਮਾਨ
ਅੰਮ੍ਰਿਤਸਰ, 28 ਅਕਤੂਬਰ (ਚਰਨਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਕ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਸਾਬਕਾ ਬੁਲਾਰੇ ਭਾਈ ਮੋਹਕਮ ਸਿੰਘ ਨੂੰ ਟਕਸਾਲ ਦਾ ਮੁਖੀ ਐਲਾਨਿਆ। ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਧੁੰਮਾ ਦੀ ਦਸਤਾਰਬੰਦੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮੁਖੀ ਥਾਪਣਾ ਉਨ੍ਹਾਂ ਦੀ ਵੱਡੀ ਗਲਤੀ ਸੀ, ਜਿਸ ਨੂੰ ਉਹ ਅੱਜ ਸੰਗਤ ਦੀ ਹਾਜ਼ਰੀ ਵਿੱਚ ਮੰਨਦੇ ਹਨ। ਸ੍ਰੀ ਅੰਮ੍ਰਿਤਸਰ ਦੇ ਸੁਲਤਾਨਵਿੰਡ ਪਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਮਾਤਾ ਬੀਬੀ ਹਰਦੀਪ ਕੌਰ, ਸੁਪਤਨੀ ਸ਼ਹੀਦ ਭਾਈ ਜਗੀਰ ਸਿੰਘ, ਨਮਿਤ ਅੰਤਿਮ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ, ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।
ਸੰਗਤ ਨੂੰ ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਭਾਈ ਮੋਹਕਮ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਥ ਲਈ ਵੱਡੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਭਾਈ ਮੋਹਕਮ ਸਿੰਘ ਨੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਵਿੱਚ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਭਾਈ ਮੋਹਕਮ ਸਿੰਘ ਅਤੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਵੀ ਕੀਤਾ। ਸ. ਮਾਨ ਨੇ ਕਿਹਾ ਕਿ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਤੋਂ ਬਾਅਦ ਸੰਤ ਬਾਬਾ ਠਾਕੁਰ ਸਿੰਘ ਜੀ ਨੇ ਦਮਦਮੀ ਟਕਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਦੱਸਿਆ ਕਿ ਬਾਬਾ ਠਾਕੁਰ ਸਿੰਘ ਜੀ ਦੇ ਅਕਾਲ ਚਲਾਣੇ ਸਮੇਂ ਉਹ ਆਸਟ੍ਰੇਲੀਆ ਦੇ ਦੌਰੇ ’ਤੇ ਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਉਨ੍ਹਾਂ ਕੋਲ ਆ ਕੇ ਆਪਣੀ ਦਸਤਾਰਬੰਦੀ ਵਿੱਚ ਸ਼ਾਮਲ ਹੋਣ ਲਈ ਕਿਹਾ, ਜਿਸ ’ਤੇ ਉਨ੍ਹਾਂ ਆਪਣਾ ਦੌਰਾ ਰੱਦ ਕਰ ਦਿੱਤਾ ਅਤੇ ਬਾਬਾ ਠਾਕੁਰ ਸਿੰਘ ਜੀ ਦੇ ਦੁਸਹਿਰੇ ਦੇ ਸਮਾਗਮ ਵਿੱਚ ਪਹੁੰਚ ਕੇ ਧੁੰਮਾ ਦੇ ਸਿਰ ’ਤੇ ਦਸਤਾਰ ਸਜਾਈ। ਸ. ਮਾਨ ਨੇ ਆਖਿਆ, “ਬਾਬਾ ਹਰਨਾਮ ਸਿੰਘ ਧੁੰਮਾ ਨੂੰ ਮੁਖੀ ਥਾਪਣਾ ਮੇਰੀ ਬਹੁਤ ਵੱਡੀ ਗਲਤੀ ਸੀ। ਅੱਜ ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਖ਼ਾਲਸਾ ਪੰਥ ਦੀ ਹਾਜ਼ਰੀ ਵਿੱਚ ਆਪਣੀ ਗਲਤੀ ਮੰਨਦਾ ਹਾਂ ਅਤੇ ਇਸ ਨੂੰ ਠੀਕ ਕਰਦਿਆਂ ਭਾਈ ਮੋਹਕਮ ਸਿੰਘ ਨੂੰ ਦਮਦਮੀ ਟਕਸਾਲ ਦਾ ਮੁਖੀ ਐਲਾਨਦਾ ਹਾਂ।” ਇਸ ਮੌਕੇ ਉਨ੍ਹਾਂ ਭਾਈ ਮੋਹਕਮ ਸਿੰਘ ਨੂੰ ਸਿਰੋਪਾਓ ਅਤੇ ਲੋਈ ਭੇਟ ਕੀਤੀ ਅਤੇ ਸੰਗਤ ਨੇ ਜੈਕਾਰੇ ਲਾਏ।
ਸ. ਮਾਨ ਦੇ ਸੰਬੋਧਨ ਤੋਂ ਬਾਅਦ ਬਾਬਾ ਹਰਨਾਮ ਸਿੰਘ ਧੁੰਮਾ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਬੋਤਾ ਨੇ ਸਟੇਜ ਤੋਂ ਇਸ ਐਲਾਨ ਦਾ ਵਿਰੋਧ ਕੀਤਾ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਅਤੇ ਹਾਜ਼ਰ ਸੰਗਤ ਨੇ ਸੁਖਦੇਵ ਸਿੰਘ ਦਾ ਭਰਵਾਂ ਵਿਰੋਧ ਕੀਤਾ ਜਿਸ ਕਾਰਨ ਉਹ ਤੁਰੰਤ ਸਮਾਗਮ ਵਿੱਚੋਂ ਚਲੇ ਗਏ। ਸਮਾਗਮ ਵਿੱਚ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਰੋਡੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਦਲ ਖ਼ਾਲਸਾ ਦੇ ਭਾਈ ਕੰਵਰਪਾਲ ਸਿੰਘ ਬਿੱਟੂ, ਕਥਾਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਭਾਈ ਮਨਜੀਤ ਸਿੰਘ ਭੋਮਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਅਕਾਲ ਫੈਡਰੇਸ਼ਨ ਦੇ ਪ੍ਰਧਾਨ ਭਾਈ ਨਰਾਇਣ ਸਿੰਘ ਚੌੜਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਸੁੱਚਾ ਸਿੰਘ ਛੋਟੇਪੁਰ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਬੂਟਾ ਸਿੰਘ ਰਣਸੀਂਹ, ਭਾਈ ਵੱਸਣ ਸਿੰਘ ਜ਼ਫ਼ਰਵਾਲ, ਰਾਗੀ ਭਾਈ ਮੁਖਤਿਆਰ ਸਿੰਘ ਮੁਖੀ, ਸ਼ਹੀਦ ਜਥੇਦਾਰ ਭਾਈ ਸੁਜਾਨ ਸਿੰਘ ਮਨਾਵਾਂ ਦੇ ਭਤੀਜੇ ਜਥੇਦਾਰ ਭਾਈ ਸਤਨਾਮ ਸਿੰਘ ਮਨਾਵਾਂ, ਸ਼ਹੀਦ ਭਾਈ ਰਸ਼ਪਾਲ ਸਿੰਘ ਪੀਏ ਦੀ ਸੁਪਤਨੀ ਬੀਬੀ ਪ੍ਰੀਤਮ ਕੌਰ, ਭਾਈ ਅਮਰਜੀਤ ਸਿੰਘ ਮਰਿਆਦਾ, ਭਾਈ ਪਰਮਜੀਤ ਸਿੰਘ ਸਹੋਲੀ, ਬੀਬੀ ਕੁਲਬੀਰ ਕੌਰ ਧਾਮੀ, ਪਰਮਜੀਤ ਸਿੰਘ ਜਿੱਜੇਆਣੀ, ਬਲਵਿੰਦਰ ਸਿੰਘ ਪੱਖੋਕੇ, ਅਮਰਜੀਤ ਸਿੰਘ ਵੰਨਚੜੀ, ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਕਾਰਜ ਸਿੰਘ ਸਾਂਘਣਾ ਆਦਿ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਭਾਈ ਮੋਹਕਮ ਸਿੰਘ ਲਗਭਗ 20 ਸਾਲ ਦਮਦਮੀ ਟਕਸਾਲ ਦੇ ਬੁਲਾਰੇ ਰਹੇ ਹਨ। ਉਨ੍ਹਾਂ ਦਾ ਨਾਂ ਸੰਤ ਗਿਆਨੀ ਗੁਰਬਚਨ ਸਿੰਘ ਜੀ ਨੇ ਭਾਈ ਮੋਹਕਮ ਸਿੰਘ ਰੱਖਿਆ ਸੀ। ਉਹ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਕਾਰ ਹਾਦਸੇ ਸਮੇਂ ਵੀ ਉਨ੍ਹਾਂ ਨਾਲ ਸਨ ਅਤੇ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਨਾਲ ਕਥਾ ਸਮਾਗਮਾਂ ਵਿੱਚ ਸੇਵਾਵਾਂ ਨਿਭਾਉਂਦੇ ਰਹੇ। ਜੂਨ 1984 ਦੇ ਘੱਲੂਘਾਰੇ ਦੌਰਾਨ ਸੰਤ ਭਿੰਡਰਾਂਵਾਲਿਆਂ ਨੇ ਭਾਈ ਮੋਹਕਮ ਸਿੰਘ ਦੇ ਹੱਥ ਚਿੱਠੀ ਭੇਜ ਕੇ ਬਾਬਾ ਠਾਕੁਰ ਸਿੰਘ ਜੀ ਨੂੰ ਦਮਦਮੀ ਟਕਸਾਲ ਦੀ ਸੇਵਾ ਸੰਭਾਲਣ ਲਈ ਕਿਹਾ ਸੀ। ਭਾਈ ਮੋਹਕਮ ਸਿੰਘ 26 ਜਨਵਰੀ 1986 ਅਤੇ 10 ਨਵੰਬਰ 2015 ਦੇ ਸਰਬੱਤ ਖ਼ਾਲਸਾ ਸਮਾਗਮਾਂ ਦੇ ਪ੍ਰਬੰਧਕਾਂ ਵਿੱਚ ਵੀ ਸ਼ਾਮਲ ਰਹੇ ਹਨ। ਉਨ੍ਹਾਂ ਲੰਬਾ ਸਮਾਂ ਪੰਥਕ ਸਰਗਰਮੀਆਂ ਵਿੱਚ ਹਿੱਸਾ ਲਿਆ ਅਤੇ ਜੇਲ੍ਹ ਵੀ ਕੱਟੀ।
Posted By: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ