Nazrana Times

ਪੰਜਾਬੀ

ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਹੋਇਆ ਵਾਧਾ,ਸੂਰਜ 'ਤੇ ਭਾਰੀ ਪੈਣ ਲੱਗੀ ਧੁਆਂਖੀ ਧੁੰਦ

12 Nov, 2026 09:25 PM

ਕੁੱਲ ਮਾਮਲੇ 5,517 ਤੱਕ ਪੁੱਜੇ।ਫਿਰੋਜ਼ਪੁਰ, ਤਰਨਤਾਰਨ ਅਤੇ ਸੰਗਰੂਰ ਸਭ ਤੋਂ ਅੱਗੇ, ਪ੍ਰਸ਼ਾਸਨ ਵੱਲੋਂ 85 ਲੱਖ ਤੋਂ ਵੱਧ ਦੇ ਜੁਰਮਾਨੇ ਤੇ 1,259 ਐਫ.ਆਈ.ਆਰ. ਦਰਜ

ਹਰਵਿੰਦਰ ਕੌਰ ਖੁੱਡੀ ਕਲਾਂ 
ਬਰਨਾਲਾ, 12 , ਨਵੰਬਰ 

ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਦੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਅਪੀਲਾਂ ਅਤੇ ਸਖ਼ਤ ਚੇਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਪਰਾਲੀ ਦੇ ਧੂੰਏਂ ਬਦੌਲਤ ਦਿਨ ਸਮੇਂ ਹੀ ਹਨੇਰਾ ਛਾਉਣ ਲੱਗਿਆ ਹੈ।

ਤਾਜ਼ਾ ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5,517 ਤੱਕ ਪਹੁੰਚ ਗਈ ਹੈ। ਇਸ ਸੀਜ਼ਨ ਦੌਰਾਨ ਫਿਰੋਜ਼ਪੁਰ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਿਸ ਕਾਰਨ ਹਵਾ ਦੀ ਗੁਣਵੱਤਾ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ।ਅਧਿਕਾਰਤ ਅੰਕੜਿਆਂ ਮੁਤਾਬਕ, ਮੰਗਲਵਾਰ ਨੂੰ ਸੂਬੇ ਭਰ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ 345 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸ ਨਾਲ ਕੁੱਲ ਗਿਣਤੀ 5,002 ਹੋ ਗਈ ਸੀ। ਇਸ ਤੋਂ ਅਗਲੇ ਹੀ ਦਿਨ ਬੁੱਧਵਾਰ ਨੂੰ ਇਨ੍ਹਾਂ ਘਟਨਾਵਾਂ ਵਿੱਚ ਹੋਰ ਵਾਧਾ ਹੋਇਆ ਅਤੇ ਇਹ ਅੰਕੜਾ 5,517 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ 15 ਸਤੰਬਰ ਤੋਂ 9 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 4,657 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਪਰ ਪਿਛਲੇ ਕੁਝ ਦਿਨਾਂ ਵਿੱਚ ਇਨ੍ਹਾਂ ਘਟਨਾਵਾਂ ਦੀ ਰਫ਼ਤਾਰ ਤੇਜ਼ ਹੋਈ ਹੈ।

​ਜ਼ਿਲ੍ਹਾਵਾਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਫਿਰੋਜ਼ਪੁਰ ਜ਼ਿਲ੍ਹਾ 728 ਮਾਮਲਿਆਂ ਨਾਲ ਸੂਬੇ ਵਿੱਚ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਤਰਨਤਾਰਨ ਵਿੱਚ 687, ਸੰਗਰੂਰ ਵਿੱਚ 628 ਅਤੇ ਬਠਿੰਡਾ ਜ਼ਿਲ੍ਹੇ ਵਿੱਚ 499 ਮਾਮਲੇ ਸਾਹਮਣੇ ਆਏ ਹਨ। ਬਹੁਤ ਸਾਰੇ ਕਿਸਾਨ ਸਰਕਾਰੀ ਸਲਾਹਾਂ ਨੂੰ ਨਜ਼ਰਅੰਦਾਜ਼ ਕਰਦਿਆਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਜਾਰੀ ਰੱਖ ਰਹੇ ਹਨ।

​ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਆਰਥਿਕ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ 1,695 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ੇ ਵਜੋਂ 85 ਲੱਖ ਰੁਪਏ ਤੋਂ ਵੱਧ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 37 ਲੱਖ ਰੁਪਏ ਤੋਂ ਵੱਧ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਭਾਰਤੀ ਦੰਡਾਵਲੀ ਦੀ ਧਾਰਾ 223 (ਸਰਕਾਰੀ ਅਧਿਕਾਰੀ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ) ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ ਖ਼ਿਲਾਫ਼ 1,259 ਐਫ.ਆਈ.ਆਰ.ਦਰਜ਼ ਕੀਤੀਆਂ ਗਈਆਂ ਹਨ।

​ ਅਧਿਕਾਰੀਆਂ ਨੇ ਸਖ਼ਤ ਕਦਮ ਚੁੱਕਦਿਆਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ 1,637 'ਰੈੱਡ ਐਂਟਰੀਆਂ' ਵੀ ਦਰਜ ਕੀਤੀਆਂ ਹਨ। ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਹੋਣ ਕਾਰਨ ਸਬੰਧਿਤ ਕਿਸਾਨ ਆਪਣੀ ਖੇਤੀਬਾੜੀ ਵਾਲੀ ਜ਼ਮੀਨ 'ਤੇ ਨਾ ਤਾਂ ਕੋਈ ਕਰਜ਼ਾ ਲੈ ਸਕਦੇ ਹਨ ਅਤੇ ਨਾ ਹੀ ਉਸ ਜ਼ਮੀਨ ਨੂੰ ਵੇਚ ਸਕਦੇ ਹਨ।

​ਜ਼ਿਕਰਯੋਗ ਹੈ ਕਿ ਸੂਬੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਨੂੰ ਸ਼ੁਰੂ ਹੋਣ ਤੋਂ ਦੋ ਹਫ਼ਤੇ ਪਹਿਲਾਂ ਭਾਵ 15 ਸਤੰਬਰ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸਾਲਾਨਾ ਨਿਗਰਾਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ। ਅਕਤੂਬਰ ਅਤੇ ਨਵੰਬਰ ਵਿੱਚ ਝੋਨੇ ਦੀ ਵਾਢੀ ਤੋਂ ਬਾਅਦ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਲਈ ਸਮਾਂ ਬਹੁਤ ਘੱਟ ਹੁੰਦਾ ਹੈ, ਜਿਸ ਕਾਰਨ ਕੁਝ ਕਿਸਾਨ ਅਗਲੀ ਫ਼ਸਲ ਲਈ ਖੇਤ ਨੂੰ ਜਲਦੀ ਸਾਫ਼ ਕਰਨ ਦੇ ਮਕਸਦ ਨਾਲ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ। ਜੇਕਰ ਪਿਛਲੇ ਸਾਲਾਂ ਦੇ ਅੰਕੜਿਆਂ ਦੀ ਤੁਲਨਾ ਕਰੀਏ ਤਾਂ ਸਾਲ 2025 ਦੇ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ 5,114 ਮਾਮਲੇ ਦਰਜ ਹੋਏ ਸਨ, ਜਦਕਿ 2024 ਵਿੱਚ 10,909 ਅਤੇ 2023 ਵਿੱਚ 36,663 ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।

Latest News