ਬਾਗ਼ੀ ਧੜਿਆਂ ਦੀਆਂ ਭਰਤੀ ਪ੍ਰਕਿਰਿਆ ਸਿੱਖ ਮਰਿਆਦਾ ਦੀ ਉਲੰਘਣਾ – ਅਕਾਲੀ ਆਗੂ
- ਰਾਜਨੀਤੀ
- 13 Mar,2025

ਤਰਨਤਾਰਨ, 13 ਮਾਰਚ (ਰਾਕੇਸ਼ ਨਈਅਰ ਚੋਹਲਾ) –
ਸ਼੍ਰੋਮਣੀ ਅਕਾਲੀ ਦਲ ਨੇ ਬਾਗ਼ੀ ਆਗੂਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਰਤੀ ਕੀਤੀ ਜਾ ਰਹੀ ਨਵੀਂ ਪ੍ਰਕਿਰਿਆ ਦੀ ਸਖ਼ਤ ਨਿੰਦਾ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਗੁਰਸੇਵਕ ਸਿੰਘ ਸ਼ੇਖ ਅਤੇ ਸਤਨਾਮ ਸਿੰਘ ਚੋਹਲਾ ਸਾਹਿਬ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਮਰਿਆਦਾ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ, ਪਰ ਬਾਗ਼ੀ ਧੜਿਆਂ ਨੇ 5 ਮੈਂਬਰੀ ਕਮੇਟੀ ਬਣਾਕੇ ਗੈਰ-ਕਾਨੂੰਨੀ ਤਰੀਕੇ ਨਾਲ ਭਰਤੀ ਸ਼ੁਰੂ ਕੀਤੀ ਹੈ, ਜੋ ਕਿ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੈ।
ਉਨ੍ਹਾਂ ਦੱਸਿਆ ਕਿ ਬਾਗ਼ੀ ਧੜਿਆਂ ਵੱਲੋਂ ਜਾਰੀ ਕੀਤੀ ਭਰਤੀ ਨੋਟੀਫਿਕੇਸ਼ਨ ਵਿੱਚ ਕਿਸੇ ਵੀ ਸੰਪਰਕ ਨੰਬਰ ਜਾਂ ਐਡਰੈੱਸ ਦੀ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਕਾਰਨ ਇਹ ਸਿੱਧ ਹੋ ਜਾਂਦਾ ਹੈ ਕਿ ਇਹ ਲੋਕ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਇਹ ਭਰਤੀ ਪ੍ਰਕਿਰਿਆ ਜਾਇਜ਼ ਹੈ, ਤਾਂ ਬਾਗ਼ੀ ਧੜੇ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮੰਜ਼ੂਰੀ ਨਾਲ ਚੱਲ ਰਹੀ ਹੈ।
ਉਨ੍ਹਾਂ ਸ਼ੰਕਾ ਜਤਾਈ ਕਿ ਬਾਗ਼ੀ ਆਗੂ ਸਿੱਖਾਂ ਦੀ ਧਾਰਮਿਕ ਆਸਥਾ ਨੂੰ ਆਪਣੀ ਨਿੱਜੀ ਰਾਜਨੀਤਿਕ ਲਾਭ ਲਈ ਵਰਤ ਰਹੇ ਹਨ। ਜੇਕਰ ਇਹ ਧੜਾ ਵਾਕਈ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਨਦਾ ਹੈ, ਤਾਂ ਉਹ ਭਰਤੀ ਸਲਿਪ 'ਤੇ ਇਸਦਾ ਜ਼ਿਕਰ ਕਿਉਂ ਨਹੀਂ ਕਰ ਰਹੇ? ਇਹ ਸਿੱਧ ਕਰਦਾ ਹੈ ਕਿ ਇਹ ਸਿਰਫ਼ ਆਪਣੀ ਸਿਆਸੀ ਰੋਟੀ ਛੇਕਣ ਦੀ ਕੋਸ਼ਿਸ਼ ਕਰ ਰਹੇ ਹਨ।
ਬ੍ਰਹਮਪੁਰਾ, ਸ਼ੇਖ ,ਜਹਾਂਗੀਰ ਅਤੇ ਸਤਨਾਮ ਸਿੰਘ ਨੇ ਇਹ ਵੀ ਦੱਸਿਆ ਕਿ ਜੇਕਰ ਬਾਗ਼ੀ ਧੜਿਆਂ ਨੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਨਾ ਕੀਤਾ, ਤਾਂ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਧੋਖੇਬਾਜ਼ੀ ਦੇ ਸ਼ਿਕਾਰ ਨਾ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀ ਗਈ ਸੱਚੀ ਜਾਣਕਾਰੀ 'ਤੇ ਭਰੋਸਾ ਰੱਖਣ।
Posted By:

Leave a Reply