ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਦੀਵਾਲੀ ਵਿਖੇ ਵਿਸ਼ਾਲ ਮੀਟਿੰਗ
ਰਾਜਵਿੰਦਰ ਥਿਆੜਾ ਨੇ ਨਸ਼ਾ ਮੁਕਤ ਸਮਾਜ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਦਿੱਤਾ ਜ਼ੋਰ
ਰਾਕੇਸ਼ ਨਈਅਰ ਚੋਹਲਾ
ਜਲੰਧਰ ਕੈਂਟ,1 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਕੈਂਟ ਹਲਕੇ ਦੇ ਪਿੰਡ ਦੀਵਾਲੀ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਮਾਜ ਅਤੇ ਨੌਜਵਾਨ ਪੀੜ੍ਹੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰੀ ਉਪਰਾਲਿਆਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਵੀ ਜ਼ਰੂਰੀ ਹੈ। ਉਨ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ, ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਸਮਾਜਿਕ ਪੱਧਰ ’ਤੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਰਪੰਚ ਸੰਦੀਪ ਕੁਮਾਰ ਵਾਸੁਦੇਵ, ਹਲਕਾ ਕੋਆਰਡੀਨੇਟਰ , ਦੋਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਸ਼ੰਟੀ ਭਗਤ, ਏਡੀਸੀ ਅਮਰਜੀਤ ਬੈਂਸ, ਡੀਸੀਪੀ ਅਦਿੱਤਯ ਸਿੰਘ, ਏਡੀਸੀਪੀ ਮਾਧਵੀ ਸ਼ਰਮਾ, ਤਹਿਸੀਲਦਾਰ ਅੰਕੁਸ਼ ਕੁਮਾਰ ਅਤੇ ਬੀ.ਡੀ.ਓ. ਅਮਰਜੀਤ ਸਿੰਘ ਸਮੇਤ ਵੱਖ-ਵੱਖ ਅਧਿਕਾਰੀ, ਆਗੂ ਅਤੇ ਪਿੰਡ ਵਾਸੀ ਮੌਜੂਦ ਸਨ।
Posted By: GURBHEJ SINGH ANANDPURI