ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ 'ਬੰਦੀ ਸਿੰਘ ਰਿਹਾਈ ਮਾਰਚ' ਪੂਰੇ ਜਾਹੋ-ਜਲਾਲ ਨਾਲ ਆਰੰਭ
- ਰਾਜਨੀਤੀ
- (Asia/Kolkata)
ਫ਼ਤਿਹਗੜ੍ਹ ਸਾਹਿਬ / ਸੰਗਰੂਰ , ਨਜ਼ਰਾਨਾ ਟਾਈਮਜ ਬਿਊਰੋ
ਅੱਜ (2 ਅਕਤੂਬਰ) ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਦੇ ਬੰਦੀ ਸਿੰਘ ਰਿਹਾਈ ਮਾਰਚ ਦਾ ਪਹਿਲਾ ਪੜਾਅ ਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਤੱਕ ਪੂਰੇ ਜਾਹੋ-ਜਲਾਲ ਅਤੇ ਪੰਥਕ ਜਜ਼ਬੇ ਨਾਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ-ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਆਰੰਭ ਹੋਇਆ। ਮਾਰਚ ਦੀ ਆਰੰਭਤਾ ਵੇਲੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਅਰਦਾਸ ਕੀਤੀ ਗਈ।
ਇਸ ਮਾਰਚ ਨੇ ਸਮੁੱਚੇ ਖਾਲਸਾ ਪੰਥ ਵਿੱਚ ਇੱਕ ਵੱਡੀ ਕੌਮੀ ਏਕਤਾ ਦਾ ਪ੍ਰਗਟਾਵਾ ਕੀਤਾ ਹੈ। ਮਾਰਚ ਵਿੱਚ ਵੱਖ-ਵੱਖ ਪੰਥਕ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ, ਕਿਸਾਨ ਆਗੂਆਂ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਸੰਗਤਾਂ ਸਮੇਤ ਸ਼ਮੂਲੀਅਤ ਕੀਤੀ। ਇਸ ਵਿੱਚ ਮੁੱਖ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ, ਪਰਮਿੰਦਰ ਸਿੰਘ ਢੀਂਡਸਾ, ਬਾਬਾ ਸੇਵਾ ਸਿੰਘ, ਭਾਈ ਜਸਵੀਰ ਸਿੰਘ ਰੋਡੇ, ਜਥੇਦਾਰ ਗੁਰਚਰਨ ਸਿੰਘ ਹਵਾਰਾ ਦੇ ਨੁਮਾਇੰਦੇ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਗੁਰਦੀਪ ਸਿੰਘ ਬਠਿੰਡਾ, ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਵਾਰਿਸ ਪੰਜਾਬ ਦੇ ਸੰਗਠਨ ਵੱਲੋਂ ਬਾਪੂ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਯਾਲੀ, SGPC ਮੈਂਬਰ ਭਾਈ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਵਿੰਦਰ ਸਿੰਘ ਟੌਹੜਾ, ਪਾਲ ਸਿੰਘ ਫਰਾਸ਼ ,ਹਰਿੰਦਰਪਾਲ ਟੌਹੜਾ, ਬਲਜੀਤ ਸਿੰਘ ਭੁੱਟਾ, ਅਵਤਾਰ ਸਿੰਘ ਰਿਆ ਮੈਂਬਰ, ਹਰਭਜਨ ਸਿੰਘ ਚਰਨਾਥਲ , ਹਰਜਿੰਦਰ ਕੌਰ ਮੈਂਬਰ, ਰਵਿੰਦਰ ਖਾਲਸਾ, ਬਾਬਾ ਮਨਮੋਹਨ ਸਿੰਘ ਬਾਰਨ, ਗੁਰਦੀਪ ਸਿੰਘ ਕੰਗ ਮਨੇਜਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਦਲਵੀਰ ਸਿੰਘ ਸਿੱਧੂਪੁਰ , ਲਖਬੀਰ ਸਿੰਘ ਸਟੋਰ , ਮਹਿੰਦਰਜੀਤ ਸਿੰਘ ਖਰੌੜੀ , ਮਨਦੀਪ ਸਿੰਘ ਤਰਖਾਣ ਮਾਜਰਾਸਮੇਤ ਭਾਰਤੀ ਕਿਸਾਨ ਯੂਨੀਅਨ (BKU) ਦੇ ਸਾਰੇ ਧੜਿਆਂ ਦੇ ਆਗੂਆਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਇਹ ਮਾਰਚ ਸਰਹੰਦ ਮੰਡੀ, ਸਾਨੀਪੁਰ, ਖੋਜੇ ਮਾਜਰਾ, ਸੰਗਤਪੁਰਾ, ਚਨਾਰਥਲ ਖੁਰਦ, ਚਨਾਰਥਲ ਕਲਾਂ ਅਤੇ ਟੌਹੜਾ ਵਰਗੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਲੰਘਿਆ, ਜਿੱਥੇ ਪਿੰਡ-ਪਿੰਡ ਸੰਗਤਾਂ ਨੇ ਪੂਰੇ ਸ਼ਰਧਾ ਤੇ ਸਤਿਕਾਰ ਨਾਲ ਮਾਰਚ ਦਾ ਸਵਾਗਤ ਕੀਤਾ। ਅੱਜ ਰਾਤ ਇਹ ਮਾਰਚ ਗੁਰਦੁਆਰਾ ਨਾਨਕਿਆਣਾ ਸਾਹਿਬ / ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਵਿਸ਼ਰਾਮ ਕਰੇਗਾ। ਕੱਲ੍ਹ ਸਵੇਰੇ 10 ਵਜੇ ਉੱਥੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਸੰਪੂਰਨ ਹੋਵੇਗਾ। ਅਗਲੇ ਮਾਰਚਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਸ ਮਾਰਚ ਦਾ ਮੁੱਖ ਮਨੋਰਥ ਸਿੱਖ ਸੰਗਤਾਂ ਨੂੰ ਲਾਮਬੰਦ ਕਰਨਾ ਹੈ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਪੰਥ ਵੱਲੋਂ ਆਰੰਭੇ ਜਾਣ ਵਾਲੇ ਵੱਡੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਦੀ ਭਾਰਤ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮਾਫ਼ ਨਹੀਂ ਕਰਦੀ, ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਜੀ ਨੂੰ ਮਿਲਣ ਲਈ ਪੈਰੋਲ ਤੱਕ ਨਹੀਂ ਦਿੰਦੀ, ਤਾਂ ਪੂਰੇ ਭਾਰਤ ਵਿੱਚ 'ਜੇਲ੍ਹ ਭਰੋ ਅੰਦੋਲਨ' ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਿੱਖਾਂ ਨਾਲ ਹੋ ਰਹੀ ਲਗਾਤਾਰ ਧੱਕੇਸ਼ਾਹੀ ਅਤੇ ਸਿੱਖਾਂ ਦੀ ਵੱਖਰੀ ਤੇ ਆਜ਼ਾਦ ਹਸਤੀ ਨੂੰ ਖ਼ਤਮ ਕਰਨ ਦੀਆਂ ਚਾਲਾਂ ਵਿਰੁੱਧ ਭਾਰਤ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ (BJP) ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।
ਜਥੇਦਾਰ ਪੰਜੋਲੀ ਨੇ ਮੰਗ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਤੁਰੰਤ 'ਸਰਬੱਤ ਖਾਲਸਾ' ਸੱਦਣਾ ਚਾਹੀਦਾ ਹੈ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 'ਵਿਸ਼ਵ ਸਿੱਖ ਕਨਵੈਨਸ਼ਨ' ਬੁਲਾ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਫ਼ੈਸਲਾ ਲਿਆ ਜਾਵੇ। ਇਹਨਾਂ ਅਹਿਮ ਫ਼ੈਸਲਿਆਂ 'ਤੇ ਅੰਤਿਮ ਮੋਹਰ 'ਕੌਮੀ ਇਨਸਾਫ਼ ਮੋਰਚੇ' ਦੀ ਅਗਲੀ ਭਵਿੱਖੀ ਇਕੱਤਰਤਾ ਵਿੱਚ ਲਗਾਈ ਜਾਵੇਗੀ।
ਕੌਮੀ ਇਨਸਾਫ਼ ਮੋਰਚੇ ਵੱਲੋਂ ਇਸ ਮਾਰਚ ਵਿੱਚ ਸ਼ਾਮਲ ਹੋਈਆਂ ਸਮੁੱਚੀਆਂ ਧਾਰਮਿਕ ਸੰਪਰਦਾਵਾਂ, ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਸੰਗਤਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ। SGPC ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਪੂਰਨ ਸਹਿਯੋਗ ਲਈ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜਥੇਦਾਰ ਪੰਜੋਲੀ ਨੇ ਆਸ ਪ੍ਰਗਟਾਈ ਕਿ ਅਕਾਲ ਪੁਰਖ ਵਾਹਿਗੁਰੂ ਮਿਹਰ ਕਰਨ, 2027 ਦੀਆਂ ਚੋਣਾਂ ਤੋਂ ਪਹਿਲਾਂ-ਪਹਿਲਾਂ ਸਮੁੱਚੇ ਖਾਲਸਾ ਪੰਥ ਵਿੱਚ ਮੁਕੰਮਲ ਏਕਤਾ ਕਾਇਮ ਹੋਵੇ, ਤਾਂ ਜੋ ਪੰਥ-ਵਿਰੋਧੀ ਸ਼ਕਤੀਆਂ ਦਾ ਡਟ ਕੇ ਟਾਕਰਾ ਕੀਤਾ ਜਾ ਸਕੇ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਸੰਭਵ ਹੋ ਸਕੇ।
Leave a Reply