ਆਪਣੇ ਖਾਲੀ ਪਲਾਂਟਾਂ ਵਿਚੋਂ ਕੂੜਾ ਨਾ ਚੁਕਵਾਉਣ 12 ਮਾਲਕਾਂ ਨੂੰ ਲਾਇਆ ਤਿੰਨ ਲੱਖ ਜੁਰਮਾਨਾ
- ਕਨੂੰਨ
- 30 Aug,2025

ਜਲੰਧਰ ,ਮਨਜਿੰਦਰ ਸਿੰਘ ਭੋਗਪੁਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਖਾਲੀ ਪਲਾਟਾਂ ’ਚੋਂ ਕੂੜਾ ਨਾ ਚੁੱਕਵਾਉਣ ਵਾਲੇ 12 ਪਲਾਟ ਮਾਲਕਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ 'ਡੀਸੀ ਦਫ਼ਤਰ ਐਕਸ਼ਨ ਹੈਲਪਲਾਈਨ' ਰਾਹੀਂ ਹੁਣ ਤੱਕ 440 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਸ ਤੋਂ ਬਾਅਦ ਸਾਰੇ 440 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ 'ਤੇ 12 ਮਾਮਲਿਆਂ ਵਿੱਚ ਰੈੱਡ ਐਂਟਰੀ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।
ਡਾ. ਅਗਰਵਾਲ ਨੇ ਨਿਵਾਸੀਆਂ ਨੂੰ ਵਟਸਐਪ ਹੈਲਪਲਾਈਨ ਨੰਬਰ 9646-222-555 ਰਾਹੀਂ ਖਾਲੀ ਪਲਾਟਾਂ ਵਿੱਚ ਕੂੜਾ ਇਕੱਠਾ ਹੋਣ, ਪਲਾਟਾਂ ਦਾ ਸਹੀ ਸਥਾਨ ਅਤੇ ਸੰਖੇਪ ਜਾਣਕਾਰੀ ਸਾਂਝੀ ਕਰਕੇ ਇਸ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਨੰਬਰ ਸਿਰਫ਼ ਵਟਸਐਪ ਸੰਦੇਸ਼ ਲਈ ਹੈ, ਫ਼ੋਨ ਕਾਲਾਂ ਲਈ ਨਹੀਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 111 ਖਾਲੀ ਪਲਾਟਾਂ ’ਚੋਂ ਕੂੜਾ-ਕਰਕਟ ਹਟਾਇਆ ਜਾ ਚੁੱਕਾ ਹੈ।
ਡਾ. ਅਗਰਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਐਕਸ਼ਨ ਹੈਲਪਲਾਈਨ 'ਤੇ 37 ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਬਾਅਦ 64 ਬੇਸਹਾਰਾ ਪਸ਼ੂ ਸ਼ੈਲਟਰਾਂ 'ਚ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਗੈਰ-ਕਾਨੂੰਨੀ ਤਾਰਾਂ ਵਿਛਾਉਣ ਵਾਲੀਆਂ ਟੈਲੀਕਾਮ ਕੰਪਨੀਆਂ ਨੂੰ ਜੁਰਮਾਨਾ ਲਗਾਉਣ ਤੋਂ ਇਲਾਵਾ ਅਣਵਰਤੀਆਂ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਸੜਕ ਸਫ਼ਾਈ ਮਿਸ਼ਨ ਤਹਿਤ ਸੌਂਪੀਆਂ ਡਿਊਟੀਆਂ ਨਿਭਾਉਣ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।
Posted By:
