Nazrana Times

ਪੰਜਾਬੀ

ਖ਼ਾਲਿਸਤਾਨ ਪੱਖੀ ਆਗੂਆਂ ਨੂੰ ਵਿਦੇਸ਼ਾਂ ਵਿੱਚ ਨਿਸ਼ਾਨਾ ਬਣਾਉਣਾ ਮੰਦਭਾਗਾ : ਭਾਈ ਦਲਜੀਤ ਸਿੰਘ ਕਸ਼ਮੀਰ

25 Nov, 2026 07:46 PM

ਅੰਮ੍ਰਿਤਸਰ, 23 ਨਵੰਬਰ , ਰਣਜੀਤ ਸਿੰਘ ਖ਼ਾਲਸਾ - ਖ਼ਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਨਿਊਯਾਰਕ ਦੀ ਸੰਘੀ ਅਦਾਲਤ ਵੱਲੋਂ ਨਿਖਿਲ ਗੁਪਤਾ ਨੂੰ 19 ਸਾਲ 7 ਮਹੀਨਿਆਂ ਦੀ ਕੈਦ ਸੁਣਾਏ ਜਾਣ ’ਤੇ ਭਾਈ ਦਲਜੀਤ ਸਿੰਘ ਕਸ਼ਮੀਰ ਨੇ ਅਮਰੀਕੀ ਸਰਕਾਰ ਦਾ ਧੰਨਵਾਦ ਕੀਤਾ। ਗੁਪਤਾ ਨੇ ਇਸੇ ਸਾਲ ਫ਼ਰਵਰੀ ਵਿੱਚ ਆਪਣਾ ਦੋਸ਼ ਕਬੂਲ ਕੀਤਾ ਸੀ। ਅਮਰੀਕੀ ਨਿਆਂ ਵਿਭਾਗ ਮੁਤਾਬਕ, ਗੁਪਤਾ ਨੇ ਭਾਰਤ ਸਰਕਾਰ ਦੇ ਇੱਕ ਕਰਮਚਾਰੀ ਦੇ ਨਿਰਦੇਸ਼ਾਂ ਹੇਠ ਇਸ ਸਾਜ਼ਿਸ਼ ਵਿੱਚ ਹਿੱਸਾ ਲਿਆ ਸੀ।

ਭਾਈ ਦਲਜੀਤ ਸਿੰਘ ਕਸ਼ਮੀਰ ਨੇ ਭਾਈ ਹਰਦੀਪ ਸਿੰਘ ਨਿੱਜਰ ਅਤੇ ਭਾਈ ਪਰਮਜੀਤ ਸਿੰਘ ਪੰਜਵੜ ਦੇ ਕਤਲਾਂ ਤੇ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਦਾ ਜ਼ਿਕਰ ਕਰਦਿਆਂ ਇਨ੍ਹਾਂ ਮਾਮਲਿਆਂ ਵਿੱਚ ਭਾਰਤ ਸਰਕਾਰ ਦੀ ਭੂਮਿਕਾ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਬਰਤਾਨੀਆ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੋਂ ਆਪੋ-ਆਪਣੇ ਦੇਸ਼ ਵਿੱਚ ਵਾਪਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਨਤੀਜੇ ਜਨਤਕ ਕਰਨ ਦੀ ਮੰਗ ਕੀਤੀ।

ਉਨ੍ਹਾਂ ਖ਼ਾਲਿਸਤਾਨ ਰੈਫਰੈਂਡਮ ਨੂੰ ਕਾਨੂੰਨੀ ਦਾਇਰੇ ਅੰਦਰ ਚੱਲ ਰਹੀ ਸ਼ਾਂਤਮਈ ਸਿਆਸੀ ਮੁਹਿੰਮ ਦੱਸਦਿਆਂ ਕਿਹਾ ਕਿ ਕਿਸੇ ਨੂੰ ਉਸ ਦੇ ਸਿਆਸੀ ਵਿਚਾਰਾਂ ਕਰਕੇ ਹਿੰਸਾ ਦਾ ਨਿਸ਼ਾਨਾ ਬਣਾਉਣਾ ਨਿੰਦਣਯੋਗ ਹੈ। ਉਨ੍ਹਾਂ ਜੂਨ 1984 ਦੇ ਫ਼ੌਜੀ ਹਮਲੇ ਅਤੇ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਕਿ ਵਿਦੇਸ਼ਾਂ ਵਿੱਚ ਖ਼ਾਲਿਸਤਾਨ ਪੱਖੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਦੀ ਪੂਰੀ ਜਾਂਚ ਹੋਵੇ ਅਤੇ ਜਿਨ੍ਹਾਂ ਦੀ ਭੂਮਿਕਾ ਸਬੂਤਾਂ ਨਾਲ ਸਾਹਮਣੇ ਆਵੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

Latest News