ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ (ਜ) ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜਾ
- ਕਨੂੰਨ
- 19 Sep,2025

ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਜ਼ਿਲ੍ਹੇ ਦੀਆਂ ਮੰਡੀਆਂ ‘ਚ 3.88 ਲੱਖ ਮੀਟਰਿਕ ਝੋਨਾ ਆਉਣ ਦੀ ਸੰਭਾਵਨਾ
ਪਨਗਰੇਨ, ਪਨਸਪ, ਮਾਰਕਫੈਡ, ਵੇਅਰਹਾਊਸ ਅਤੇ ਐਫ.ਸੀ.ਆਈ ਕਰੇਗੀ ਖ਼ਰੀਦ
ਸ਼ਹੀਦ ਭਗਤ ਸਿੰਘ ਨਗਰ, 19 ਸਤੰਬਰ ,ਮਨਜਿੰਦਰ ਸਿੰਘ ਭੋਗਪੁਰ
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ (ਜ) ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਫ਼ ਸੀਜਨ 2025-26 ਦੌਰਾਨ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਬਲਾਚੌਰ ਅਤੇ ਨਵਾਂਸ਼ਹਿਰ ਦੀਆਂ ਮੰਡੀਆਂ ‘ਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਬੰਧਾਂ ਅਤੇ ਤਿਆਰੀਆਂ ਦੀ ਵਿਸਥਾਰਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਫਸਲ ਨਿਰਧਾਰਤ ਸਮੇਂ ਵਿੱਚ ਖਰੀਦ ਕੇ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਨੇ ਖਰੀਦ ਏਜੰਸੀਆਂ ਜਿਨ੍ਹਾਂ ਵਿੱਚ ਪਨਗਰੇਨ, ਪਨਸਪ, ਮਾਰਕਫੈਡ, ਵੇਅਰਹਾਊਸ ਅਤੇ ਐਫ.ਸੀ.ਆਈ ਸ਼ਾਮਲ ਹਨ ਦੇ ਅਧਿਕਾਰੀਆਂ ਨਾਲ ਝੋਨੇ ਦੀ ਨਮੀ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ 3.88 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਹਰੇਕ ਮੰਡੀ ਵਿੱਚ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਦੀ ਲੌੜ ਅਨੁਸਾਰ ਬੰਦੋਬਸਤ ਅਮਲ ਵਿੱਚ ਲਿਆਂਦੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਬਹਿਰਾਮ ਅਤੇ ਬੰਗਾ ਮੰਡੀਆਂ ਦਾ ਦੌਰਾ ਕਰਕੇ ਚੈਕਿੰਗ ਕੀਤੀ। ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨੇ, ਸਾਫ਼-ਸਫ਼ਾਈ, ਲਾਈਟਾਂ, ਤਰਪਾਲਾਂ ਆਦਿ ਦੀ ਵਿਵਸਥਾ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਨਾਲ ਸਬੰਧਤ ਢੁਕਵੇਂ ਇੰਤਜਾਮ ਕੀਤੇ ਗਏ ਹਨ ਅਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੇ ਦਰਮਿਆਨ ਹੀ ਕੰਬਾਇਨਾਂ ਚਲਵਾਉਣ ਅਤੇ ਕੰਬਾਇੰਨ ’ਤੇ ਸੁਪਰ ਐਸ.ਐਮ.ਐਸ. ਜਰੂਰ ਲੱਗਾ ਹੋਵੇ।
ਇਸ ਮੌਕੇ ਤੇ ਮੰਡੀ ਬਹਿਰਾਮ ਅਤੇ ਬੰਗਾ ਦੇ ਆੜ੍ਹਤੀਏ ਵੀ ਮੌਕੇ ਤੇ ਮੌਜੂਦ ਸਨ। ਇਸ ਮੌਕੇ ਤੇ ਜ਼ਿਲ੍ਹਾ ਮੰਡੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਜਸ਼ਨ ਸਿੰਘ, ਸੈਕਟਰੀ ਮਾਰਕਿਟ ਕਮੇਟੀ ਵਰਿੰਦਰ ਕੁਮਾਰ, ਏ.ਐੱਫ.ਐੱਸ.ਓ ਹਰੀਸ਼ ਕੁਮਾਰ, ਨਾਇਬ ਤਹਿਸੀਲਦਾਰ ਬਿਕਰਮ ਗੁੰਮਰ ਅਤੇ ਹੋਰ ਵੀ ਸਰਕਾਰੀ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।
Posted By:

Leave a Reply