ਭਾਈ ਤਰਲੋਚਨ ਸਿੰਘ ਮਾਨੋਚਾਹਲ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਭਾਈ ਤਰਲੋਚਨ ਸਿੰਘ ਮਾਨੋਚਾਹਲ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 12 ਸਤੰਬਰ-ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੇ ਛੋਟੇ ਭਰਾ ਧਰਮੀ ਫੌਜੀ ਭਾਈ ਤਰਲੋਚਨ ਸਿੰਘ ਮਾਨੋਚਾਹਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਸਪੁੱਤਰ ਸ. ਗੁਰਨਿਸਾਨ ਸਿੰਘ, ਭਰਾ ਸ. ਨਰਿੰਦਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੌਮੀ ਸੰਘਰਸ ਲੜਦਿਆਂ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੇ ਵੀ ਵੱਡੇ ਤਸ਼ੱਦਦ ਝੱਲੇ ਹਨ। ਉਨ੍ਹਾਂ ਕਿਹਾ ਕਿ ਭਾਈ ਤਰਲੋਚਨ ਸਿੰਘ ਨੇ ਜੂਨ 1984 'ਚ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੇ ਰੋਸ ਵਜੋਂ ਫੌਜ ਦੀ ਨੌਕਰੀ ਛੱਡੀ, ਜਿਸ ਲਈ ਉਨ੍ਹਾਂ ਨੂੰ ਜੇਲ੍ਹ ਵੀ ਕੱਟਣੀ ਪਈ। ਉਨ੍ਹਾਂ ਕਿਹਾ ਕਿ ਕੌਮ ਨੂੰ ਸਮਰਪਿਤ ਅਜਿਹੇ ਵਿਅਕਤੀ ਦੇ ਸੰਸਾਰ ਤੋਂ ਜਾਣ ਨਾਲ ਵੱਡਾ ਘਾਟਾ ਪਿਆ ਹੈ।
ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਵੀ ਭਾਈ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿੱਤ ਅਰਦਾਸ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.