SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
- ਧਾਰਮਿਕ/ਰਾਜਨੀਤੀ
- 26 Feb, 2026 01:51 PM (Asia/Kolkata)
ਅੰਮ੍ਰਿਤਸਰ , ਕੰਵਰ ਪ੍ਰਤਾਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਬੇਹੇਦ ਸਖ਼ਤ ਫ਼ੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਸੇਵਾਵਾਂ ਖ਼ਤਮ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਲਏ ਗਏ ਫ਼ੈਸਲੇ ਨੂੰ ਲੈ ਕੇ ਮੈਨੂੰ ਕੋਈ ਦੁੱਖ਼ ਨਹੀਂ ਹੈ। ਮੈਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਇਹ ਫ਼ੈਸਲਾ ਆਵੇਗਾ, ਇਸ ਕਰਕੇ ਮੈਂ ਇਸ ਫ਼ੈਸਲੇ ਲਈ ਪਹਿਲਾਂ ਤੋਂ ਹੀ ਤਿਆਰ ਸੀ। ਉਨ੍ਹਾਂ ਕਿਹਾ ਕਿ ਮੇਰੇ ਮਸਲੇ ਪਿੱਛੇ 2 ਦਸੰਬਰ ਦਾ ਫ਼ੈਸਲਾ ਸੀ, ਜੋਕਿ ਬਾਦਲ ਪਰਿਵਾਰ ਨੂੰ ਹਜ਼ਮ ਨਹੀਂ ਹੋਇਆ ਸੀ। ਮੇਰੇ 'ਤੇ ਬਾਦਲ ਪਰਿਵਾਰ ਦੇ ਹੱਕ ਵਿਚ ਫ਼ੈਸਲਾ ਸੁਣਾਉਣ ਦਾ ਦਬਾਅ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਸਬੂਤ ਜਲਦੀ ਹੀ ਸੰਗਤ ਦਾ ਸਾਹਮਣੇ ਲੈ ਕੇ ਆਵਾਂਗਾ।
ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਗਿਆਨੀ ਰਘਬੀਰ ਸਿੰਘ 'ਤੇ ਕਈ ਗੰਭੀਰ ਇਲਜ਼ਾਮ ਲਾਏ ਹਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਗਤੀਵਿਧੀਆਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸੰਸਥਾ ਦੀ ਬਦਨਾਮੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਕਿਸੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਨਿਰਧਾਰਤ ਸਮੇਂ 'ਚ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਪ੍ਰਧਾਨ ਧਾਮੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਹੁਦੇ 'ਤੇ ਰਹਿੰਦਿਆਂ ਨਿਯਮਾਂ ਅਤੇ ਮਰਿਆਦਾ ਦੀ ਘੋਰ ਅਣਦੇਖੀ ਕੀਤੀ ਹੈ।
ਜ਼ਿਕਰਯੋਗ ਹੈ ਕਿ 18 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਕਲੱਬ ਜਲੰਧਰ 'ਚ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਕਮੇਟੀ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਦੇ ਜਵਾਬ 'ਚ 19 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਅੰਦਰ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਲਈ ਕਿਹਾ ਸੀ। ਹਾਲਾਂਕਿ ਸਬੂਤ ਦੇਣ ਦੀ ਬਜਾਏ ਗਿਆਨੀ ਰਘਬੀਰ ਸਿੰਘ ਨੇ 22 ਫਰਵਰੀ ਨੂੰ ਇਕ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਹੀ 72 ਘੰਟਿਆਂ ਵਿੱਚ ਆਪਣੇ ਚੁੱਕੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਸੀ।
Leave a Reply