ਮਾਨਸਾ 'ਚ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ ਡੀਸੀ ਦਫ਼ਤਰ ਬਾਹਰ ਲੋਕਾਂ ਦਾ ਵਿਸ਼ਾਲ ਹੱਲਾ ਬੋਲ: ਪ੍ਰਦਰਸ਼ਨ ਤੇ ਜ਼ਬਰਦਸਤ ਹੰਗਾਮਾ
ਮਾਨਸਾ , ਨਜ਼ਰਾਨਾ ਟਾਈਮਜ਼ ਬਿਓਰੋ
:ਪੰਜਾਬ ਦੇ ਮਾਨਸਾ 'ਚ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ।ਬੀਤੇ ਕੱਲ ਪੁਲਿਸ ਵੱਲੋਂ ਆਗੂਆਂ ਦੀ ਗ੍ਰਿਫਤਾਰੀ ਦੀਆਂ ਕਾਰਵਾਈਆਂ ਨੂੰ ਲੈ ਕੇ ਅੰਦੋਲਨਕਾਰੀ ਧਿਰਾਂ ਅਤੇ ਪ੍ਰਸ਼ਾਸਨ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ, ਮਾਨਸਾ ਦੇ ਦਫ਼ਤਰ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਜ਼ਬਰਦਸਤ ਹੱਲਾ ਬੋਲ ਪ੍ਰਦਰਸ਼ਨ ਸੁ਼ੁਰੂ ਕਰ ਦਿੱਤਾ ਹੈ ਅਤੇ ਪ੍ਰਸ਼ਾਸਨ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਮਾਹੌਲ ਉਸ ਸਮੇਂ ਅਤਿਅੰਤ ਭਾਵੁਕ ਅਤੇ ਗਰਮਾ ਗਿਆ ਜਦੋਂ ਸਮਾਜਿਕ ਕਾਰਕੁਨ ਅਤੇ ਬਲਾਗਰ ਭਾਨਾ ਸਿੱਧੂ ਨੇ ਮੰਚ ਤੋਂ ਹੱਥ ਜੋੜ ਕੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਅਪੀਲ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਰੇ ਨਿਰਦੋਸ਼ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਮਿਲੀ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਢੰਗ ਨਾਲ ਆਪਣਾ ਹੱਕ ਮੰਗ ਰਹੇ ਨੌਜਵਾਨਾਂ ਅਤੇ ਸਮਾਜਿਕ ਕਰਮਚਾਰੀਆਂ ਨੂੰ ਨਾਜਾਇਜ਼ ਤੌਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਡੀਸੀ ਦਫ਼ਤਰ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਦੌਰਾਨ ਲੋਕਾਂ ਦਾ ਗੁੱਸਾ ਸੱਤਵੇਂ ਆਸਮਾਨ 'ਤੇ ਹੈ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨਾਲ ਭਾਰੀ ਧੱਕਾ-ਮੁੱਕੀ ਅਤੇ ਹੰਗਾਮਾ ਦੇਖਣ ਨੂੰ ਮਿਲਿਆ। ਪੁਲਿਸ ਵੱਲੋਂ ਮੌਕੇ 'ਤੇ ਭਾਰੀ ਨਫ਼ਰੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਮਾਹੌਲ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।ਧਰਨੇ ਦੌਰਾਨ ਭਾਨਾ ਸਿੱਧੂ ਨੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹੱਕ ਅਤੇ ਸੱਚ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਭਾਵੁਕ ਹੁੰਦਿਆਂ ਦੋਵੇਂ ਹੱਥ ਜੋੜ ਕੇ ਕਿਹਾ ਕਿ ਜਿਨ੍ਹਾਂ ਸਾਥੀਆਂ ਨੂੰ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਹੈ, ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਹ ਸਿਰਫ਼ ਜਨਤਾ ਦੀ ਆਵਾਜ਼ ਚੁੱਕ ਰਹੇ ਸਨ। ਭਾਨਾ ਸਿੱਧੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਨੂੰ ਜਲਦ ਤੋਂ ਜਲਦ ਬਿਨਾਂ ਸ਼ਰਤ ਰਿਹਾਅ ਨਾ ਕੀਤਾ ਗਿਆ, ਤਾਂ ਇਹ ਧਰਨਾ ਹੋਰ ਵਿਸ਼ਾਲ ਰੂਪ ਧਾਰਨ ਕਰ ਲਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਡੀਸੀ ਦਫ਼ਤਰ ਦੇ ਬਾਹਰ ਹੋਏ ਇਸ ਹੱਲਾ ਬੋਲ ਪ੍ਰਦਰਸ਼ਨ ਵਿੱਚ ਵੱਖ-ਵੱਖ ਜਥੇਬੰਦੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਸਰਕਾਰ ਧੱਕੇਸ਼ਾਹੀ ਨਾਲ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਕਾਰਨ ਡੀਸੀ ਦਫ਼ਤਰ ਦੇ ਆਸ-ਪਾਸ ਦੀਆਂ ਸੜਕਾਂ 'ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਅਤੇ ਲੰਬਾ ਜਾਮ ਲੱਗ ਗਿਆ।ਜਿਸ ਕਾਰਨ ਆਮ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੌਕੇ 'ਤੇ ਪਹੁੰਚੇ ਉੱਚ ਪੁਲਿਸ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਨੁਮਾਇੰਦਿਆਂ ਵੱਲੋਂ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਪਰ ਪ੍ਰਦਰਸ਼ਨਕਾਰੀ ਆਪਣੇ ਅੜੀਅਲ ਰੁੱਖ 'ਤੇ ਕਾਇਮ ਰਹੇ ਅਤੇ ਉਨ੍ਹਾਂ ਦਾ ਸਪੱਸ਼ਟ ਕਹਿਣਾ ਸੀ ਕਿ ਜਦੋਂ ਤੱਕ ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਦੇ ਠੋਸ ਹੁਕਮ ਜਾਰੀ ਨਹੀਂ ਹੁੰਦੇ, ਉਦੋਂ ਤੱਕ ਡੀਸੀ ਦਫ਼ਤਰ ਬਾਹਰੋਂ ਇਹ ਧਰਨਾ ਅਤੇ ਹੰਗਾਮਾ ਖ਼ਤਮ ਨਹੀਂ ਹੋਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ ਅਤੇ ਸਥਾਨਕ ਪ੍ਰਸ਼ਾਸਨ ਹਾਲਾਤ 'ਤੇ ਨਜ਼ਰ ਬਣਾਈ ਰੱਖ ਰਿਹਾ ਹੈ।