ਪੁਲਿਸ ਹੀ ਡਰ ਦੇ ਸਾਏ ਹੇਠ ਤਾਂ ਆਮ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ? : ਰਮਨਦੀਪ ਕੌਰ,ਬਿੱਲਾ ਸ਼ੇਰੋਂ
ਵਾਇਰਲ ਆਡੀਓ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,22 ਸਤੰਬਰ
ਪੰਜਾਬ ਪੁਲਿਸ ਨਾਲ ਸਬੰਧਤ ਇੱਕ ਆਡੀਓ ਅਤੇ ਕਥਿੱਤ ਸਰਕਾਰੀ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਈ ਸਿਆਸੀ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ ਹਨ।
ਇਸੇ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵੀ ਮਾਮਲੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸੂਬੇ ਦੀ ਪੁਲਿਸ ਹੀ ਹਮਲਿਆਂ ਦੇ ਡਰ ਦੇ ਸਾਏ ਹੇਠ ਰਹੇਗੀ ਤਾਂ ਆਮ ਲੋਕ ਆਪਣੀ ਸੁਰੱਖਿਆ ਲਈ ਕਿਸ ਕੋਲ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਪੁਲਿਸ ਮੁਲਾਜ਼ਮਾਂ ਵਿੱਚ ਹੀ ਸੁਰੱਖਿਆ ਸਬੰਧੀ ਚਿੰਤਾ ਪੈਦਾ ਹੋਣੀ ਗੰਭੀਰ ਮਾਮਲਾ ਹੈ, ਜਿਸ ’ਤੇ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ।
ਬਿੱਲਾ ਸ਼ੇਰੋਂ ਨੇ ਹਾਲ ਹੀ ਦੌਰਾਨ ਹਲਕਾ ਖਡੂਰ ਸਾਹਿਬ ਵਿੱਚ ਵਪਾਰੀਆਂ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਅਜਿਹੀਆਂ ਘਟਨਾਵਾਂ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੁਕਾਨਦਾਰ ਪਹਿਲਾਂ ਵੀ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਾਹਮਣਾ ਕਰ ਚੁੱਕੇ ਹਨ।
ਬਿੱਲਾ ਸ਼ੇਰੋਂ ਨੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣੇ ਚਾਹੀਦੇ ਸਨ, ਪਰ ਕਿਸੇ ਤਰ੍ਹਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਬਿਆਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਸੁਰੱਖਿਆ ਦੀ ਲੋੜ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਮੀਨੀ ਪੱਧਰ ’ਤੇ ਸੁਧਾਰ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦਾ ਭਰੋਸਾ ਕਾਇਮ ਕੀਤਾ ਜਾ ਸਕੇ।
Posted By: GURBHEJ SINGH ANANDPURI