ਆਮ ਆਦਮੀ ਪਾਰਟੀ ਛੱਡ ਕੇ ਸੇਵਾਮੁਕਤ ਡੀਐੱਸਪੀ ਕੁਲਵੰਤ ਸਿੰਘ ਮਹਿਤਾ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ
ਪੰਜਾਬ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਾਰਟੀ ਵਿੱਚ ਕੀਤਾ ਸਵਾਗਤ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਆਮ ਆਦਮੀ ਪਾਰਟੀ ਨੂੰ ਛੱਡ ਕੇ ਸੇਵਾਮੁਕਤ ਡੀਐੱਸਪੀ ਕੁਲਵੰਤ ਸਿੰਘ ਮਹਿਤਾ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਕਰਵਾਇਆ।ਇਸ ਮੌਕੇ ਡੈਨੀ ਬੰਡਾਲਾ ਨੇ ਕੁਲਵੰਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਦਾ ਕਾਂਗਰਸ ਪਰਿਵਾਰ ਵਿੱਚ ਸਵਾਗਤ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ, ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਸਵਾਲ ਉੱਠ ਰਹੇ ਹਨ। ਉਨ੍ਹਾਂ ਅਨੁਸਾਰ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਅਸਫਲ ਰਹੀ ਹੈ ਅਤੇ ਲੋਕ ਹੁਣ ਬਦਲਾਅ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜੰਡਿਆਲਾ ਗੁਰੂ ਇਲਾਕੇ ਦੇ ਲੋਕ ਲਗਾਤਾਰ ਕਾਂਗਰਸ ਪਰਿਵਾਰ ਨਾਲ ਜੁੜ ਰਹੇ ਹਨ। ਕੁਲਵੰਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਵੀ ਇਸੇ ਦਾ ਹਿੱਸਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਨਾਲ ਜੁੜਨਗੇ।
Posted By: SURJIT SINGH KHALSA