ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿੱਚ ਦਲਜੀਤ ਸਿੰਘ ਤੇ ਜੁਗਰਾਜ ਸਿੰਘ ਨੇ ਗਤਕਾ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਜ਼ਿਲ੍ਹਾ ਪੱਧਰ ’ਤੇ ਸੋਨੇ ਦੇ ਤਗ਼ਮੇ ਜਿੱਤਣ ਤੋਂ ਬਾਅਦ ਸੂਬਾ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ, ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ
ਰਵੀ ਖਹਿਰਾ , ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਪੰਜਾਬ ਦੀ ਰਵਾਇਤੀ ਅਤੇ ਕੌਮੀ ਵਿਰਾਸਤੀ ਮਾਰਸ਼ਲ ਆਰਟ ਗਤਕਾ ਵੀ ਸ਼ਾਮਲ ਹੈ।
ਗਤਕਾ ਮੁਕਾਬਲਿਆਂ ਵਿੱਚ ਦਲਜੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਆਪਣੀ ਉਮਰ ਵਰਗ ਵਿੱਚ ਸਿੰਗਲ ਸੋਟੀ ਮੁਕਾਬਲੇ ਵਿੱਚ ਸੋਨੇ ਦੇ ਤਗ਼ਮੇ ਹਾਸਲ ਕੀਤੇ। ਇਸ ਤੋਂ ਇਲਾਵਾ ਦੋਵਾਂ ਖਿਡਾਰੀਆਂ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਸੋਨੇ ਦੇ ਤਗ਼ਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਇਨ੍ਹਾਂ ਖਿਡਾਰੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੀ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ। ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਸੂਬਾ ਪੱਧਰੀ ਗਤਕਾ ਮੁਕਾਬਲਿਆਂ ਵਿੱਚ ਦਲਜੀਤ ਸਿੰਘ ਅਤੇ ਜੁਗਰਾਜ ਸਿੰਘ ਦੀ ਟੀਮ ਨੇ ਆਪਣੀ ਉਮਰ ਵਰਗ ਵਿੱਚ ਸੋਨੇ ਦਾ ਤਗ਼ਮਾ ਹਾਸਲ ਕੀਤਾ। ਇਸੇ ਮੁਕਾਬਲੇ ਵਿੱਚ ਜੁਗਰਾਜ ਸਿੰਘ ਨੇ ਵਿਅਕਤੀਗਤ ਸੋਟੀ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗ਼ਮਾ ਆਪਣੇ ਨਾਮ ਕੀਤਾ।
ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ 13 ਤੋਂ 14 ਟੀਮਾਂ ਨੇ ਭਾਗ ਲਿਆ, ਜਿੱਥੇ ਸਖ਼ਤ ਮੁਕਾਬਲੇ ਦੇ ਬਾਵਜੂਦ ਦੋਵਾਂ ਖਿਡਾਰੀਆਂ ਨੇ ਆਪਣੀ ਖੇਡ, ਹੌਸਲੇ, ਮਿਹਨਤ ਅਤੇ ਅਨੁਸ਼ਾਸਨ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਨ੍ਹਾਂ ਪ੍ਰਾਪਤੀਆਂ ਨਾਲ ਦਲਜੀਤ ਸਿੰਘ ਅਤੇ ਜੁਗਰਾਜ ਸਿੰਘ ਨੇ ਨਾ ਸਿਰਫ਼ ਆਪਣਾ ਨਾਮ ਚਮਕਾਇਆ, ਸਗੋਂ ਆਪਣੇ ਜ਼ਿਲ੍ਹੇ ਦਾ ਮਾਣ ਵੀ ਵਧਾਇਆ। ਇਨ੍ਹਾਂ ਖਿਡਾਰੀਆਂ ਦੀ ਸਫਲਤਾ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੈ ਅਤੇ ਇਹ ਦਰਸਾਉਂਦੀ ਹੈ ਕਿ ਲਗਾਤਾਰ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
Posted By: RAVINDER SINGH KHERA