16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਪੱਟੀ ਦੌਰੇ ਨੂੰ ਲੈ ਕੇ ਬ੍ਰਹਮਪੁਰਾ ਵੱਲੋਂ ਤਿਆਰੀਆਂ ਤੇਜ਼
- ਰਾਜਨੀਤੀ
- (Asia/Kolkata)
ਪਿੰਡ ਸਭਰਾ ਵਿਖੇ ਹੋਣ ਵਾਲੀ ਲੋਕ ਮਿਲਣੀ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਸਰਪੰਚਾਂ,ਬਲਾਕ ਸੰਮਤੀ ਮੈਂਬਰਾਂ ਅਤੇ ਪਾਰਟੀ ਵਰਕਰਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਪੱਟੀ,10 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 16 ਨਵੰਬਰ ਨੂੰ ਹਲਕਾ ਪੱਟੀ ਦੇ ਪਿੰਡ ਸਭਰਾ ਵਿਖੇ ਕੀਤੇ ਜਾ ਰਹੇ ਦੌਰੇ ਅਤੇ ਲੋਕ ਮਿਲਣੀ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।ਇਸੇ ਸਬੰਧ ਵਿੱਚ ਉਨ੍ਹਾਂ ਵੱਲੋਂ ਹਲਕੇ ਦੇ ਸਰਪੰਚਾਂ,ਬਲਾਕ ਸੰਮਤੀ ਮੈਂਬਰਾਂ,ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੁੱਖ ਮੰਤਰੀ ਦੇ ਦੌਰੇ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਸ.ਬ੍ਰਹਮਪੁਰਾ ਨੇ ਮੀਟਿੰਗ ਦੌਰਾਨ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦੌਰਾ ਹਲਕਾ ਪੱਟੀ ਦੇ ਲੋਕਾਂ ਲਈ ਅਹਿਮ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਆਗੂ ਅਤੇ ਵਰਕਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵੇ।
ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਪਿੰਡ ਸਭਰਾ ਦੌਰੇ ਦੌਰਾਨ ਲੋਕਾਂ ਨਾਲ ਮੁਲਾਕਾਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨ ਦਾ ਪ੍ਰੋਗਰਾਮ ਵੀ ਅਹਿਮ ਰਹੇਗਾ। ਸ.ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਪੱਟੀ ਦੇ ਲੋਕਾਂ ਦੀਆਂ ਲੋੜਾਂ,ਵਿਕਾਸ ਕਾਰਜਾਂ ਅਤੇ ਸਥਾਨਕ ਮੁੱਦਿਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਇਹ ਇੱਕ ਮਹੱਤਵਪੂਰਨ ਮੌਕਾ ਹੈ। ਇਸ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਸਾਹਮਣੇ ਲਿਆਉਣ ਲਈ ਵੀ ਟੀਮ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।
2027 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦਾ ਟੀਚਾ।
ਸ.ਬ੍ਰਹਮਪੁਰਾ ਨੇ ਕਿਹਾ ਕਿ ਹਲਕਾ ਪੱਟੀ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਪਹਿਲ ਦੇਣਾ ਪਾਰਟੀ ਦੀ ਮੁੱਖ ਤਰਜੀਹ ਹੈ। ਪਿੰਡ ਪੱਧਰ ’ਤੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹਲਕਾ ਪੱਟੀ ਦੌਰੇ ਨੂੰ ਲੈ ਕੇ ਪਾਰਟੀ ਦੀ ਸਮੁੱਚੀ ਟੀਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ 16 ਨਵੰਬਰ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਲਗਾਤਾਰ ਜਾਰੀ ਹਨ।
ਇਸ ਮੌਕੇ ਮੀਟਿੰਗ ਵਿੱਚ ਸਰਪੰਚ ਸੁਖਦੇਵ ਸਿੰਘ ਜੌੜਾ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ,ਸਰਪੰਚ ਰਣਜੀਤ ਸਿੰਘ ਵਿਰਕ ਕੋਟ ਬੁੱਢਾ,ਜਤਿੰਦਰ ਸਿੰਘ ਜੱਤੀ ਕੈਰੋਂ,ਲਵਪ੍ਰੀਤ ਸਿੰਘ ਕੈਰੋਂ, ਗੁਰਪਿੰਦਰ ਸਿੰਘ ਉੱਪਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪੱਟੀ,ਸਰਪੰਚ ਜਰਮਨਜੀਤ ਸਿੰਘ ਭੰਗਾਲਾ,ਗੁਰਲਾਲ ਸਿੰਘ ਜੋਤੀ ਸ਼ਾਹ, ਚੇਅਰਮੈਨ ਪ੍ਰਗਟ ਸਿੰਘ ਜਵੰਦਾ,ਜੋਧਾ ਉਬੋਕੇ ਬਲਾਕ ਪ੍ਰਧਾਨ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਗੁਰਜੀਤ ਸਿੰਘ ਉਬੋਕੇ, ਜਸਦੀਪ ਸਿੰਘ ਮੈਂਬਰ ਪੰਚਾਇਤ ਨੱਥੂਚੱਕ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Leave a Reply