ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ*
- ਧਾਰਮਿਕ/ਰਾਜਨੀਤੀ
- 05 Nov,2025
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ
ਅੰਮ੍ਰਿਤਸਰ 5 ਨਵੰਬਰ ਤਾਜੀਮਨੂਰ ਕੌਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤਾਂ ਨੇ ਦਰਸ਼ਨ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਕਵੀ ਦਰਬਾਰ ਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ., ਜਸਬੀਰ ਸਿੰਘ, ਸ. ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Posted By:
GURBHEJ SINGH ANANDPURI
Leave a Reply