ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਨਵੀਂ ਕੈਬਨਿਟ ਕਮੇਟੀ ਦਾ ਗਠਨ
- ਰਾਜਨੀਤੀ
- 27 Feb,2025

ਚੰਡੀਗੜ੍ਹ 27 ਫਰਵਰੀ ,ਨਜ਼ਰਾਨਾ ਟਾਈਮਜ਼ ਬਿਊਰੋ
ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਤਹਿਤ, ਪੰਜਾਬ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਦਿਆਂ 5 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ, ਜਦਕਿ ਮੈਂਬਰਾਂ ਵਿੱਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਸ਼ਾਮਲ ਹਨ। ਇਹ ਕਮੇਟੀ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰੇਗੀ ਅਤੇ ਨਸ਼ਾ ਮੁਕਤ ਪੰਜਾਬ ਦੇ ਲੱਖ ਨੂੰ ਹਾਸਲ ਕਰਨ ਲਈ ਨਵੀਂ ਨੀਤੀਆਂ ਦਾ ਨਿਰਮਾਣ ਕਰੇਗੀ।
ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਮੁੱਖ ਸਕੱਤਰ ਕੇਏਪੀ ਸਿਨਹਾ ਦੀ ਅਗਵਾਈ ਹੇਠ ਇੱਕ ਸਟੇਟ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਸੀ, ਜਿਸਦਾ ਨੋਡਲ ਅਫ਼ਸਰ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮਾਂ ਦੀ ਨਿਗਰਾਨੀ ਕਰਦੀ ਹੈ ਅਤੇ ਨਵੀਂ ਨੀਤੀ ਤਿਆਰ ਕਰਨ ਲਈ ਕੰਮ ਕਰ ਰਹੀ ਹੈ, ਜਿਸਦਾ ਕੇਂਦਰ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣਾ ਹੈ।
ਨਵੀਂ ਨੀਤੀ ਦੇ ਤਹਿਤ, ਵਿਦਿਅਕ ਅਦਾਰਿਆਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਸਿਲੇਬਸ ਵਿੱਚ ਸਬੰਧਤ ਪਾਠਕ੍ਰਮ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਤੋਂ ਇਲਾਵਾ, ਔਰਤਾਂ ਲਈ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕਲੀਨਿਕ ਲੁਧਿਆਣਾ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਪਹਿਲਾਂ ਹੀ 303 ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਵਿੱਚ ਪ੍ਰਾਈਵੇਟ ਕੇਂਦਰ ਵੀ ਸ਼ਾਮਲ ਹਨ।
ਪੰਜਾਬ ਸਰਕਾਰ ਦਾ ਇਹ ਕਦਮ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਭਵਿੱਖ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਪਹਲ ਹੈ।
Posted By:

Leave a Reply