ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 8 ਸਖ਼ਤ ਸ਼ਰਤਾਂ ਨਾਲ ਦਿੱਤੀ ਵਿਦੇਸ਼ ਜਾਣ ਦੀ ਮਨਜ਼ੂਰੀ
ਹਰਵਿੰਦਰ ਕੌਰ ਖੁੱਡੀ ਕਲਾਂ
ਬਰਨਾਲਾ , 24 ਨਵੰਬਰ
:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਯਾਤਰਾ ਕਰਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਅੰਤਿਮ ਸੁਣਵਾਈ ਕਰਦਿਆਂ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਇਹ ਮਨਜ਼ੂਰੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਮਜੀਠੀਆ ਨੂੰ ਵਿਦੇਸ਼ ਯਾਤਰਾ ਦੌਰਾਨ 8 ਸਖ਼ਤ ਸ਼ਰਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਪਵੇਗੀ, ਜਿਨ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅਦਾਲਤ ਵੱਲੋਂ ਲਗਾਈਆਂ ਗਈਆਂ ਮੁੱਖ ਸ਼ਰਤਾਂ ਅਨੁਸਾਰ ਬਿਕਰਮ ਮਜੀਠੀਆ ਨੂੰ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ 30 ਲੱਖ ਰੁਪਏ ਦੀ ਬੈਂਕ ਗਾਰੰਟੀ, 30 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਇੰਨੀ ਹੀ ਰਕਮ ਦਾ ਇੱਕ ਭਰੋਸੇਯੋਗ ਜ਼ਮਾਨਤੀ ਅਦਾਲਤ ਵਿੱਚ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਅਚੱਲ ਜਾਇਦਾਦਾਂ ਦਾ ਪੂਰਾ ਅਤੇ ਸਹੀ ਵੇਰਵਾ ਇੱਕ ਹਲਫ਼ਨਾਮੇ ਰਾਹੀਂ ਅਦਾਲਤ ਵਿੱਚ ਜਮ੍ਹਾਂ ਕਰਵਾਉਣਾ ਪਵੇਗਾ। ਅਦਾਲਤ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਮਜੀਠੀਆ ਨੂੰ ਤੈਅ ਸਮਾਂ-ਸੀਮਾ ਖ਼ਤਮ ਹੁੰਦਿਆਂ ਹੀ ਹਰ ਹਾਲਤ ਵਿੱਚ ਭਾਰਤ ਵਾਪਸ ਪਰਤਣਾ ਹੋਵੇਗਾ ਅਤੇ ਵਿਦੇਸ਼ ਵਿੱਚ ਉਨ੍ਹਾਂ ਦੇ ਠਹਿਰਨ ਵਾਲੇ ਸਥਾਨ ਦਾ ਪੂਰਾ ਪਤਾ, ਸੰਪਰਕ ਨੰਬਰ ਅਤੇ ਹੋਰ ਜ਼ਰੂਰੀ ਵੇਰਵੇ ਵੀ ਅਦਾਲਤ ਤੇ ਜਾਂਚ ਏਜੰਸੀ ਨੂੰ ਮੁਹੱਈਆ ਕਰਵਾਉਣੇ ਪੈਣਗੇ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਆਪਣੀ ਨਿੱਜੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਵਿਦੇਸ਼ ਯਾਤਰਾ ਦਾ ਪੂਰਾ ਪ੍ਰੋਗਰਾਮ ਜਨਤਕ ਕਰਨ ਦੀ ਬਜਾਏ ਇੱਕ ਬੰਦ ਲਿਫ਼ਾਫ਼ੇ ਵਿੱਚ ਅਦਾਲਤ ਅਤੇ ਜਾਂਚ ਅਧਿਕਾਰੀ ਨੂੰ ਸੌਂਪਿਆ ਸੀ। ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਮਜੀਠੀਆ ਨੂੰ ਸਰਕਾਰ ਵੱਲੋਂ ਸੁਰੱਖਿਆ ਮਿਲੀ ਹੋਈ ਹੈ ਅਤੇ ਉਹ ਸਰਹੱਦ ਪਾਰ ਦੇ ਅੱਤਵਾਦੀ ਸੰਗਠਨਾਂ ਤੇ ਨਾਮੀ ਗੈਂਗਸਟਰਾਂ ਦੀ ਹਿੱਟ ਲਿਸਟ ਵਿੱਚ ਸ਼ਾਮਿਲ ਹਨ। ਅਜਿਹੀ ਸਥਿਤੀ ਵਿੱਚ ਜੇਕਰ ਉਨ੍ਹਾਂ ਦੀ ਯਾਤਰਾ ਦਾ ਪ੍ਰੋਗਰਾਮ ਜਨਤਕ ਹੁੰਦਾ ਹੈ, ਤਾਂ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ, ਜਿਸ ਕਰਕੇ ਯਾਤਰਾ ਦੇ ਵੇਰਵਿਆਂ ਨੂੰ ਗੁਪਤ ਰੱਖਣਾ ਬੇਹੱਦ ਜ਼ਰੂਰੀ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੇ ਵਕੀਲਾਂ ਨੇ ਮਜੀਠੀਆ ਦੀ ਇਸ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਸਰਕਾਰੀ ਪੱਖ ਦਾ ਕਹਿਣਾ ਸੀ ਕਿ ਬੰਦ ਲਿਫ਼ਾਫ਼ੇ ਵਿੱਚ ਦਿੱਤੀ ਗਈ ਜਾਣਕਾਰੀ ਅਧੂਰੀ ਅਤੇ ਅਸਪਸ਼ਟ ਹੈ, ਕਿਉਂਕਿ ਇਸ ਵਿੱਚ ਫਲਾਈਟ ਦੇ ਵੇਰਵੇ, ਮੰਜ਼ਿਲ ਵਾਲੇ ਸ਼ਹਿਰ ਅਤੇ ਵਿਦੇਸ਼ ਵਿੱਚ ਰਹਿਣ ਦੀ ਪੱਕੀ ਥਾਂ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ ਗਈ, ਸਗੋਂ ਸਿਰਫ਼ ਸੰਭਾਵਿਤ ਤਰੀਕਾਂ ਦਾ ਹੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ 22 ਅਗਸਤ 2025 ਨੂੰ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ, ਜਦਕਿ ਹੁਣ ਸਿਰਫ਼ ਸਹਿ-ਮੁਲਜ਼ਮਾਂ ਖ਼ਿਲਾਫ਼ ਹੀ ਪੂਰਕ ਚਲਾਨ ਦਾਇਰ ਕੀਤਾ ਗਿਆ ਹੈ। ਅਦਾਲਤ ਨੇ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਸਿਰਫ਼ ਮੁਕੱਦਮਾ ਲੰਬਿਤ ਹੋਣ ਦੇ ਆਧਾਰ 'ਤੇ ਕਿਸੇ ਵੀ ਵਿਅਕਤੀ ਨੂੰ ਵਿਦੇਸ਼ ਜਾਣ ਦੇ ਬੁਨਿਆਦੀ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।
ਇਸ ਪੂਰੇ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਸੱਤ ਦਿਨ ਪਹਿਲਾਂ 16 ਨਵੰਬਰ ਨੂੰ ਸ਼ੁਰੂ ਹੋਈ ਸੀ। ਜਦੋਂ ਬਿਕਰਮ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਬਾਅਦ 18 ਅਤੇ 19 ਨਵੰਬਰ ਨੂੰ ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਸੀ। ਪਰ ਸਰਕਾਰੀ ਧਿਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ਕਾਰਨ ਸੁਣਵਾਈ 21 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ। 21 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਵਿਜੀਲੈਂਸ ਵਿਭਾਗ ਨੇ ਯਾਤਰਾ ਦੇ ਵੇਰਵੇ ਅਧੂਰੇ ਹੋਣ 'ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਕੀਤੀ ਸੀ ਅਤੇ ਸੋਮਵਾਰ ਨੂੰ ਆਪਣਾ ਅੰਤਿਮ ਫੈਸਲਾ ਸੁਣਾਇਆ।
ਦਰਅਸਲ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸ਼ਰਤਾਂ ਵਾਲੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹਨ। ਸੁਪਰੀਮ ਕੋਰਟ ਵੱਲੋਂ ਲਗਾਈਆਂ ਗਈਆਂ ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਮੁਹਾਲੀ ਦੀ ਟਰਾਇਲ ਕੋਰਟ ਦੀ ਅਗਾਊਂ ਮਨਜ਼ੂਰੀ ਲਏ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ। ਇਸ ਤੋਂ ਇਲਾਵਾ, ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਹਾਲਾਂਕਿ ਅਦਾਲਤੀ ਦਖ਼ਲ ਤੋਂ ਬਾਅਦ ਉਸ 'ਤੇ ਰੋਕ ਲੱਗ ਚੁੱਕੀ ਹੈ। ਜੇਕਰ ਮਜੀਠੀਆ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ, ਤਾਂ ਉਨ੍ਹਾਂ ਦੀ ਜ਼ਮਾਨਤ ਰੱਦ ਹੋ ਸਕਦੀ ਸੀ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਜਨਵਰੀ 2027 ਨੂੰ ਤੈਅ ਕੀਤੀ ਹੈ, ਜਿਸ ਦਿਨ ਤੱਕ ਮਜੀਠੀਆ ਨੂੰ ਵਾਪਸ ਦੇਸ਼ ਪਰਤਣਾ ਹੋਵੇਗਾ।