ਪੰਜਾਬ ਵਿੱਚ 31 ਹਜ਼ਾਰ ਤੋਂ ਵੱਧ ਅਧਿਆਪਕ ਅਸਾਮੀਆਂ ਖਾਲੀ ਹੋਣ 'ਤੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਸਰਕਾਰ ਨੂੰ ਘੇਰਿਆ

ਪੰਜਾਬ ਵਿੱਚ 31 ਹਜ਼ਾਰ ਤੋਂ ਵੱਧ ਅਧਿਆਪਕ ਅਸਾਮੀਆਂ ਖਾਲੀ ਹੋਣ 'ਤੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਸਰਕਾਰ ਨੂੰ ਘੇਰਿਆ

ਆਮ ਆਦਮੀ ਪਾਰਟੀ ਦੀ ਬਿਨਾਂ ਅਧਿਆਪਕ ਖੋਖਲੀ ਸਿੱਖਿਆ ਕ੍ਰਾਂਤੀ: ਬੀਬਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,6 ਅਗਸਤ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਸਾਹਮਣੇ ਆਈ ਜਾਣਕਾਰੀ ਅਨੁਸਾਰ ਸੂਬੇ ਵਿੱਚ ਅਧਿਆਪਕ ਵਰਗ ਦੀਆਂ 31 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ ਹਨ। ਇਸ ਮਾਮਲੇ 'ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।ਇਸੇ ਕੜੀ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ।
ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਅਧਿਆਪਕਾਂ ਦੀਆਂ 31 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਆਧਾਰ 'ਤੇ ਪੰਜਾਬ ਅਤੇ ਹੋਰ ਰਾਜਾਂ ਵਿੱਚ "ਸਿੱਖਿਆ ਕ੍ਰਾਂਤੀ" ਦਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਲੋੜੀਂਦੇ ਅਧਿਆਪਕ ਹੀ ਮੌਜੂਦ ਨਹੀਂ ਹੋਣਗੇ ਤਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਕਿਵੇਂ ਮਿਲ ਸਕਦੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਕਈ ਵਾਰ ਲਾਠੀਚਾਰਜ ਕੀਤਾ ਗਿਆ,ਜਦਕਿ ਸਰਕਾਰ ਨੂੰ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਵਿੱਚ ਹੋਈ ਦੇਰੀ ਦਾ ਸਿੱਧਾ ਨੁਕਸਾਨ ਪੰਜਾਬ ਦੇ ਵਿਦਿਆਰਥੀਆਂ ਨੂੰ ਝੱਲਣਾ ਪੈ ਰਿਹਾ ਹੈ।
ਬੀਬਾ ਸੇਰੋਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੇਪਰ ਲੀਕ ਵਰਗੇ ਮਾਮਲਿਆਂ 'ਤੇ ਉਹ ਸਿਰਫ਼ ਬਿਆਨਬਾਜ਼ੀ ਕਰਕੇ ਆਪਣਾ ਪੱਲਾ ਝਾੜ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਿੱਖਿਆ ਕ੍ਰਾਂਤੀ ਦੇ ਨਾਂ 'ਤੇ ਸਿਰਫ਼ ਰਾਜਨੀਤੀ ਕੀਤੀ ਗਈ ਹੈ,ਜਦਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਬਜਾਏ ਉਹ ਹੋਰ ਹੇਠਾਂ ਗਿਆ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.