ਮੋਗਾ ਵਿੱਚ ਭਾਜਪਾ ਦੀ ਹੋ ਰਹੀ ਰੈਲੀ ਨੂੰ ਲੈ ਕੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤਾ ਪਾਰਟੀ ਵਰਕਰਾਂ ਨੂੰ ਲਾਮਬੰਦ
- ਰਾਜਨੀਤੀ
- 10 Mar, 2026 06:08 PM (Asia/Kolkata)
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,10 ਮਾਰਚ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨਤਾਰਨ ਵੱਲੋਂ ਆਉਣ ਵਾਲੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਸਰਕਲ ਪ੍ਰਧਾਨ ਨਰਿੰਦਰ ਸਿੰਘ ਦੇ ਗ੍ਰਹਿ ਪਿੰਡ ਕੱਲਾ ਵਿਖੇ ਜਿਲ੍ਹਾ ਸਕੱਤਰ ਹਰਮਨਜੀਤ ਸਿੰਘ ਦੀ ਮਿਹਨਤ ਸਦਕਾ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਦੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੂੰ ਮੀਟਿੰਗ ਦੌਰਾਨ ਲਾਮਬੰਦ ਕੀਤਾ ਗਿਆ।
ਇਸ ਬੈਠਕ ਦੌਰਾਨ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵੱਖ-ਵੱਖ ਇਲਾਕਿਆਂ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿੱਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਅਤੇ ਭਰੋਸਾ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਮੋਗਾ ਵਿੱਚ 14 ਮਾਰਚ ਨੂੰ ਹੋਣ ਵਾਲੀ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਇਕ ਨਵਾਂ ਇਤਿਹਾਸ ਸਿਰਜੇਗੀ ਅਤੇ ਇਸ ਰੈਲੀ ਵਿੱਚ ਤਰਨਤਾਰਨ ਜ਼ਿਲ੍ਹੇ ਤੋਂ ਵੀ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਮਰਥਕ ਸ਼ਿਰਕਤ ਕਰਨਗੇ।ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਵਰਕਰ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਭਾਜਪਾ ਦੀ ਪਕੜ ਹੋਰ ਮਜ਼ਬੂਤ ਹੋਵੇਗੀ।ਉਨ੍ਹਾਂ ਨੇ ਸਰਕਲ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਵਰਕਰਾਂ ਅਤੇ ਸਮਰਥਕਾਂ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਮੋਗਾ ਰੈਲੀ ਵਿੱਚ ਲਿਜਾਣ ਲਈ ਯਤਨ ਕਰਨ।ਬੈਠਕ ਦੌਰਾਨ ਹਾਜ਼ਰ ਆਗੂਆਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਆਪਣੀ ਪੂਰੀ ਭੂਮਿਕਾ ਨਿਭਾਉਣਗੇ।ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਵਿੱਚ ਭਾਜਪਾ ਦੀ ਵਧ ਰਹੀ ਲੋਕਪ੍ਰਿਯਤਾ ਦਾ ਪ੍ਰਤੀਕ ਬਣੇਗੀ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਇਸ ਵਿੱਚ ਸ਼ਿਰਕਤ ਕਰਕੇ ਪਾਰਟੀ ਦੀ ਤਾਕਤ ਦਾ ਪ੍ਰਦਰਸ਼ਨ ਕਰਨਗੇ।ਇਸ ਮੌਕੇ ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਂਈਪੂਈ, ਅੰਸ਼ਦੀਪ ਸਿੰਘ,ਮਨਜਿੰਦਰ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Leave a Reply