ਪੰਜਾਬ ਮੁੜ ਤੋਂ ਦੇਸ਼ ਦਾ ਮੋਹਰੀ ਆਰਥਿਕ ਸੂਬਾ ਬਣ ਕੇ ਉੱਭਰੇਗਾ-ਮੁੱਖ ਮੰਤਰੀ ਮਾਨ
2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ।
ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ
ਚੰਡੀਗੜ੍ਹ, 24 ਨਵੰਬਰ
— ਸੂਬਾ ਸਰਕਾਰ ਦੀ ਦੂਰਅੰਦੇਸ਼ੀ ਅਤੇ ਲੋਕ-ਪੱਖੀ ਅਗਵਾਈ ਹੇਠ ਪੰਜਾਬ ਦੇਸ਼-ਵਿਦੇਸ਼ ਦੇ ਉੱਦਮੀਆਂ ਅਤੇ ਉਦਯੋਗਪਤੀਆਂ ਲਈ ਇੱਕ ਪ੍ਰਮੁੱਖ ਅਤੇ ਭਰੋਸੇਮੰਦ ਨਿਵੇਸ਼ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਸਾਲ 2022 ਵਿੱਚ ਮੌਜੂਦਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1.92 ਲੱਖ ਕਰੋੜ ਰੁਪਏ ਦੇ ਇਤਿਹਾਸਕ ਅਤੇ ਰਿਕਾਰਡ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਇਨ੍ਹਾਂ ਵੱਡੇ ਨਿਵੇਸ਼ ਪ੍ਰੋਜੈਕਟਾਂ ਦੇ ਜ਼ਮੀਨੀ ਪੱਧਰ 'ਤੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਲਈ 5.89 ਲੱਖ ਤੋਂ ਵੱਧ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ।
ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਗਈਆਂ ਨਿਵੇਸ਼ਕ-ਪੱਖੀ ਉਦਯੋਗਿਕ ਨੀਤੀਆਂ, ਕਾਰੋਬਾਰ ਕਰਨ ਦੀ ਸੌਖ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਲਿਆਂਦੀ ਗਈ ਪੂਰੀ ਪਾਰਦਰਸ਼ਤਾ ਨੇ ਉਦਯੋਗ ਜਗਤ ਦਾ ਭਰੋਸਾ ਜਿੱਤਿਆ ਹੈ। ਸੂਬੇ ਵਿੱਚ 'ਇਨਵੈਸਟ ਪੰਜਾਬ' ਅਤੇ 'ਸਿੰਗਲ ਵਿੰਡੋ ਸਿਸਟਮ' ਰਾਹੀਂ ਵੱਖ-ਵੱਖ ਉਦਯੋਗਿਕ ਪ੍ਰੋਜੈਕਟਾਂ ਨੂੰ ਮਿਲ ਰਹੀਆਂ ਤੇਜ਼, ਸਰਲ ਅਤੇ ਸਮਾਂਬੱਧ ਮਨਜ਼ੂਰੀਆਂ ਕਾਰਨ ਵਪਾਰਕ ਮਾਹੌਲ ਬੇਹੱਦ ਸੁਖਾਵਾਂ ਅਤੇ ਮਜ਼ਬੂਤ ਹੋਇਆ ਹੈ। ਪਹਿਲਾਂ ਜਿੱਥੇ ਉਦਯੋਗਪਤੀਆਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ, ਉੱਥੇ ਹੁਣ ਡਿਜੀਟਲ ਪ੍ਰਣਾਲੀ ਰਾਹੀਂ ਘਰ ਬੈਠੇ ਹੀ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਰਹੀਆਂ ਹਨ।
ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਸੜਕਾਂ ਦਾ ਮਜ਼ਬੂਤ ਜਾਲ, ਨਿਰਵਿਘਨ ਅਤੇ ਸਸਤੀ ਬਿਜਲੀ ਸਪਲਾਈ, ਅਤੇ ਸ਼ਾਂਤਮਈ ਉਦਯੋਗਿਕ ਮਾਹੌਲ ਨਿਵੇਸ਼ਕਾਂ ਨੂੰ ਖਾਸ ਤੌਰ 'ਤੇ ਆਕਰਸ਼ਿਤ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤੇ ਗਏ ਨਿਵੇਸ਼ ਸੰਮੇਲਨਾਂ ਅਤੇ ਉਦਯੋਗਪਤੀਆਂ ਨਾਲ ਸਿੱਧੇ ਰਾਬਤੇ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਖੇਤੀਬਾੜੀ ਆਧਾਰਿਤ ਉਦਯੋਗਾਂ, ਫੂਡ ਪ੍ਰੋਸੈਸਿੰਗ, ਮੈਨੂਫੈਕਚਰਿੰਗ, ਟੈਕਸਟਾਈਲ, ਆਟੋਮੋਬਾਈਲ, ਫਾਰਮਾਸਿਊਟੀਕਲ, ਗ੍ਰੀਨ ਐਨਰਜੀ ਅਤੇ ਆਈ.ਟੀ. ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਕਈ ਨਾਮੀ ਘਰੇਲੂ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਅਤੇ ਵਿਸਥਾਰ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਿਕ ਕਲੱਸਟਰਾਂ ਦਾ ਵਿਸਥਾਰ ਕਰਨ ਅਤੇ ਹੁਨਰ ਵਿਕਾਸ ਕੇਂਦਰਾਂ ਰਾਹੀਂ ਸਥਾਨਕ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਸਿਖਲਾਈ ਦੇਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਕੰਪਨੀਆਂ ਨੂੰ ਹੁਨਰਮੰਦ ਕਾਮੇ ਆਸਾਨੀ ਨਾਲ ਮਿਲ ਸਕਣ। ਸਰਕਾਰ ਦਾ ਮੁੱਖ ਉਦੇਸ਼ ਨਾ ਸਿਰਫ਼ ਵੱਡੇ ਉਦਯੋਗਿਕ ਘਰਾਣਿਆਂ ਨੂੰ ਸੂਬੇ ਵਿੱਚ ਲਿਆਉਣਾ ਹੈ, ਸਗੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੀ ਉਤਸ਼ਾਹਿਤ ਕਰਕੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਰਥਿਕ ਖੁਸ਼ਹਾਲੀ ਲਿਆਉਣਾ ਹੈ। ਉਦਯੋਗਿਕ ਵਿਕਾਸ ਦੀ ਇਸ ਤੇਜ਼ ਰਫ਼ਤਾਰ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸੂਬਾ ਮੁੜ ਤੋਂ ਦੇਸ਼ ਦਾ ਮੋਹਰੀ ਆਰਥਿਕ ਸੂਬਾ ਬਣ ਕੇ ਉੱਭਰੇਗਾ।
Leave a Reply