ਮਟੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ, ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈੱਕਅੱਪ ਅਤੇ ਦਵਾਈਆਂ ਵੰਡੀਆਂ...
- ਸਮਾਜ ਸੇਵਾ
- (Asia/Kolkata)
ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ 'ਚ ਹਰ ਐਤਵਾਰ ਨੂੰ ਲਗਾਏ ਜਾ ਰਹੇ ਸਿਹਤ ਕੈਂਪ ‘ਸਿਹਤਮੰਦ ਅਤੇ ਸੁਰੱਖਿਅਤ ਮੋਹਾਲੀ’ ਦਾ ਰਹੇ ਸੰਦੇਸ਼ : ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਕਤੂਬਰ (ਮੰਗਤ ਸਿੰਘ ਸੈਦਪੁਰ) : ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਸ੍ਰੀ ਸੱਤਿਆ ਨਾਰਾਇਣ ਮੰਦਿਰ, ਮਟੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਪਹਿਲਕਦਮੀ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਲਗਭਗ 600 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਕੈਂਪ ਵਿੱਚ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਅੱਖਾਂ ਅਤੇ ਦੰਦਾਂ ਦੀ ਜਾਂਚ ਦੇ ਨਾਲ-ਨਾਲ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਇਸ ਸਿਹਤ ਸਹੂਲਤ ਦਾ ਲਾਭ ਉਠਾਇਆ। ਇਹ ਕੈਂਪ ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿੱਚ ਲਗਾਤਾਰ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਦਾ ਹਿੱਸਾ ਹੈ। ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਹਰ ਐਤਵਾਰ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੇ ਆਯੋਜਨ ਵਿੱਚ ਮੋਹਾਲੀ ਫਸਟ ਫਾਊਂਡੇਸ਼ਨ, ਹੈਡਨ ਕਲੀਨਿਕਸ ਅਤੇ ਤੇਰਾ ਹੀ ਤੇਰਾ ਸੰਸਥਾ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਨਾਲ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਾਉਣ ਨਾਲ ਗੰਭੀਰ ਬਿਮਾਰੀਆਂ ਤੋਂ ਬਚਾਅ ਸੰਭਵ ਹੁੰਦਾ ਹੈ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਇਨ੍ਹਾਂ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੁੱਝੇ ਹੋਣ ਕਾਰਨ ਸਿਹਤ ਦੀ ਜਾਂਚ ਨੂੰ ਅਣਗੌਲਿਆ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ 'ਤੇ ਪਛਾਣ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ, “ਜੇਕਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਉਨ੍ਹਾਂ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ। ਇਸੇ ਲਈ ਸਾਡਾ ਯਤਨ ਹੈ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਪਹੁੰਚ ਵਿੱਚ ਹੋਣ ਅਤੇ ਕਿਸੇ ਵੀ ਵਿਅਕਤੀ ਨੂੰ ਸਿਰਫ਼ ਆਰਥਿਕ ਮਜਬੂਰੀ ਕਾਰਨ ਆਪਣੀ ਸਿਹਤ ਦੀ ਜਾਂਚ ਤੋਂ ਵਾਂਝਾ ਨਾ ਰਹਿਣਾ ਪਵੇ।” ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਨ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਬਿਮਾਰੀਆਂ ਤੋਂ ਬਚਾਅ, ਸਮੇਂ ਸਿਰ ਜਾਂਚ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਉਣ ਦਾ ਉਪਰਾਲਾ ਜਾਰੀ ਰਹੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣ। ਉਨ੍ਹਾਂ ਅੰਤ ਵਿੱਚ “ਸਿਹਤਮੰਦ ਮੋਹਾਲੀ, ਸੁਰੱਖਿਅਤ ਮੋਹਾਲੀ” ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਤੰਦਰੁਸਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੀ ਇਨ੍ਹਾਂ ਕੈਂਪਾਂ ਦੀ ਅਸਲ ਸਫਲਤਾ ਹੈ। ਇਸ ਮੌਕੇ ਕੈਂਪ ਵਿੱਚ ਪਤਵੰਤੇ ਸੱਜਣਾਂ ਵਜੋਂ ਤੇਰਾ ਹੀ ਤੇਰਾ ਸੰਸਥਾ ਦੇ ਮੁਖੀ ਸਭਰਵਾਲ ਵੀਰ ਜੀ, ਅਮਰੀਕ ਸਿੰਘ ਸੋਮਲ, ਗੁਰਮੀਤ ਸਿੰਘ ਬੈਦਵਾਨ ਕੁੰਭੜਾ, ਪਰਮ ਬੈਦਵਾਨ, ਗਗਨ ਧਾਲੀਵਾਲ, ਗੁਰਜੀਤ ਸਿੰਘ ਮਟੌਰ, ਰਾਜੇਸ਼ ਲਖੋਤਰਾ, ਰਣਦੀਪ ਸਿੰਘ, ਗੁਰਮੀਤ ਸਿੰਘ ਸਿਆਣ, ਅਜੈਬ ਸਿੰਘ ਬਾਕਰਪੁਰ, ਦਰਸ਼ਨ ਸਿੰਘ ਚੱਕੀ ਵਾਲੇ, ਨਰਿੰਦਰ ਵਤਸ, ਪ੍ਰਦੀਪ ਸੋਨੀ, ਰਾਜਾ ਮੋਹਾਲੀ ਅਤੇ ਗੋਪਾਲ ਸ਼ਰਮਾ ਹਾਜ਼ਰ ਸਨ।
Leave a Reply