ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਹੋਇਆ ਸੰਪੂਰਨ
ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨਾਲ ਮੀਰੀ-ਪੀਰੀ ਖ਼ਾਲਸਾ ਮਾਰਚ ਨੇ ਦਿੱਤਾ ਪੰਥਕ ਏਕਤਾ ਤੇ ਚੜ੍ਹਦੀ ਕਲਾ ਦਾ ਸੰਦੇਸ਼
ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਤੇ ਸੰਗਤਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 25 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਿੰਨ ਪੜਾਅ ਪੂਰੇ ਕਰਦਿਆਂ ਅੱਜ ਸੰਗਤਾਂ ਦੇ ਵਿਸ਼ਾਲ ਇਕੱਠ ਅਤੇ ਚੜ੍ਹਦੀ ਕਲਾ ਦੇ ਮਾਹੌਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਸੈਂਕੜੇ ਪਿੰਡਾਂ-ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਪੁੱਜਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸਮਰਪਣ ਅਤੇ ਮੀਰੀ-ਪੀਰੀ ਦੇ ਸਿਧਾਂਤ ਨਾਲ ਆਪਣੀ ਸਾਂਝ ਨੂੰ ਪ੍ਰਗਟ ਕੀਤਾ।
ਇਸ ਖਾਲਸਾ ਮਾਰਚ ਦੌਰਾਨ ਵੱਖ ਵੱਖ ਪੜਾਵਾਂ ਤੇ ਸੰਗਤਾਂ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪਰੰਪਰਾਵਾਂ, ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇੱਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਰਹੀਆਂ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਸਮੂਹ ਸੰਗਤਾਂ, ਧਾਰਮਿਕ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾਦਾਰਾਂ ਅਤੇ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਹ ਖਾਲਸਾ ਮਾਰਚ ਸੰਗਤ ਦੀ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ, ਸੇਵਾ-ਭਾਵਨਾ ਅਤੇ ਸਹਿਯੋਗ ਸਦਕਾ ਇਤਿਹਾਸਕ ਰੂਪ ਵਿੱਚ ਸੰਪੂਰਨ ਹੋਇਆ ਹੈ। ਰਾਹਾਂ ਵਿੱਚ ਸੰਗਤ ਵੱਲੋਂ ਕੀਤੀ ਸੇਵਾ, ਲੰਗਰ, ਰਹਿਣ-ਸਹਿਣ ਅਤੇ ਹੋਰ ਪ੍ਰਬੰਧਾਂ ਨੇ ਗੁਰਸਿੱਖੀ ਦੀ ਸੇਵਾ-ਪਰੰਪਰਾ ਨੂੰ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੰਤਵ ਕੇਵਲ ਇੱਕ ਮਾਰਚ ਦੀ ਸੰਪੂਰਨਤਾ ਤੱਕ ਸੀਮਤ ਨਹੀਂ, ਸਗੋਂ ਗੁਰਮਤਿ ਚੇਤਨਾ, ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਪੰਥਕ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੰਤਵ ਲਈ ਮਿਲਿਆ ਸਹਿਯੋਗ ਹਮੇਸ਼ਾ ਯਾਦ ਰਹੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨਤਾ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ ਸਾਹਿਬਾਨ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਜਗਸੀਰ ਸਿੰਘ ਮਾਗੇਆਣਾ, ਅਕਾਲੀ ਆਗੂ ਸ. ਸੁਰਜੀਤ ਸਿੰਘ ਭਲਵਾਨ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਤੇਜਿੰਦਰ ਸਿੰਘ ਪੱਡਾ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਅਜ਼ਾਦ ਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਜਿੰਦਰ ਸਿੰਘ, ਬਾਬਾ ਭਗਤ ਸਿੰਘ, ਬਾਬਾ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Posted By: GURBHEJ SINGH ANANDPURI