Nazrana Times

ਪੰਜਾਬੀ

ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰੇ ਬੰਦ ਕਰੇ : ਭਾਈ ਗੁਰਪ੍ਰੀਤ ਸਿੰਘ

12 Oct, 2026 07:24 PM

ਅੰਮ੍ਰਿਤਸਰ, 12 ਅਕਤੂਬਰ (ਚਰਨਜੀਤ ਸਿੰਘ): ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰੇ ਬੰਦ ਕਰੇ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ ਅਤੇ ਬੰਦੀ ਸਿੰਘਾਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹਵਾਈ ਅੱਡਿਆਂ ’ਤੇ ਸਿੱਖਾਂ ਦੀ ਕਿਰਪਾਨ ਉੱਤੇ ਪਾਬੰਦੀਆਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਪੰਜਾਬੀ ਬੋਲੀ ਨਾਲ ਵਿਤਕਰਾ ਵੀ ਬਾਦਸਤੂਰ ਜਾਰੀ ਹੈ।

ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਹੁਤ ਬਜ਼ੁਰਗ ਅਤੇ ਲਗਾਤਾਰ ਬਿਮਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਮਾਤਾ ਜੀ ਦੀ ਗੰਭੀਰ ਹਾਲਤ ਦੇ ਬਾਵਜੂਦ ਜਥੇਦਾਰ ਹਵਾਰਾ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾ ਰਹੀ? ਉਨ੍ਹਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਪੈਰੋਲ ਲਈ ਲਿਖਿਆ ਹੈ।

ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਗੁਲਾਮਾਂ ਵਰਗਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਧਿਆਪਕਾਂ ਤੇ ਕਿਸਾਨਾਂ ਨਾਲ ਧੱਕੇਸ਼ਾਹੀ ਦੀ ਵੀ ਨਿਖੇਧੀ ਕੀਤੀ ਅਤੇ ਇਸ ਨੂੰ ਬਰਦਾਸ਼ਤ ਤੋਂ ਬਾਹਰ ਦੱਸਿਆ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ, ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ ਅਤੇ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ।

Posted By: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Latest News