ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ
03 Sep, 2025 10:59 PM
·ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਕੰਮ ਕਰਨ ਅਧਿਕਾਰੀ-ਡੀ.ਸੀ. ਨਵਜੋਤ ਕੌਰ
·ਰਜਿਸਟਰੀਆਂ, ਇੰਤਕਾਲਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ
ਮਾਨਸਾ, 03 ਸਤੰਬਰ:, ਮਨਜਿੰਦਰ ਸਿੰਘ ਭੋਗਪੁਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਸਾਰੇ ਅਧਿਕਾਰੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਵਿੱਚ ਲਾਪ੍ਰਵਾਹੀ ਅਤੇ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਰਜਿਸਟਰੀਆਂ, ਇੰਤਕਾਲਾਂ ਆਦਿ ਨਾਲ ਸਬੰਧਤ ਕੰਮਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਨਿਰਵਿਘਨ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਤਹਿਸੀਲ ਦਫ਼ਤਰ ਵਿਖੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।
ਇਸ ਮੌਕੇ ਗੁਰਲੀਨ ਕੌਰ ਆਈ.ਏ.ਐਸ (ਯੂ.ਟੀ.) ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਵੀ ਮੌਜੂਦ ਸਨ।
Posted By: GURBHEJ SINGH ANANDPURI








