2027 'ਚ ਅਕਾਲੀ ਸਰਕਾਰ ਬਣਨ 'ਤੇ ਖਡੂਰ ਸਾਹਿਬ 'ਚ ਸਿਹਤ ਸੇਵਾਵਾਂ ਦਾ ਸੁਧਾਰ ਹੋਵੇਗਾ 'ਪਹਿਲਾ ਕੰਮ'- ਸੁਖਬੀਰ ਬਾਦਲ ਵੱਲੋਂ ਬ੍ਰਹਮਪੁਰਾ ਨੂੰ ਭਰੋਸਾ
14 Mar, 2026 02:20 AM
ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਅੱਗੇ ਰੱਖੀ ਹਲਕੇ ਦੇ ਮਾੜੇ ਸਿਹਤ ਢਾਂਚੇ ਦੀ ਗੱਲ
ਚੇਅਰਮੈਨ ਸ਼ੇਖ ਨੇ ਖਡੂਰ ਸਾਹਿਬ ਦੇ ਹੋਰ ਭਖਦੇ ਮਸਲਿਆਂ ਤੋਂ ਕਰਵਾਇਆ ਜਾਣੂੰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੰਮ੍ਰਿਤਸਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਦੇ ਨਿੱਘਰ ਰਹੇ ਸਿਹਤ ਢਾਂਚੇ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ।ਇਸ ਮੁਲਾਕਾਤ ਦੌਰਾਨ ਸ੍ਰ.ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਕਿ ਮੌਜੂਦਾ ਸਰਕਾਰ ਦੀ ਅਣਦੇਖੀ ਕਾਰਨ ਇਲਾਕੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਆਧੁਨਿਕ ਮਸ਼ੀਨਰੀ ਦੀ ਭਾਰੀ ਘਾਟ ਹੈ। ਸਿਹਤ ਸਹੂਲਤਾਂ ਦੀ ਘਾਟ ਕਾਰਨ ਗਰੀਬ ਅਤੇ ਆਮ ਲੋਕਾਂ ਨੂੰ ਇਲਾਜ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਅਤੇ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵੱਲ ਰੁਖ਼ ਕਰਨਾ ਪੈ ਰਿਹਾ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰ.ਬ੍ਰਹਮਪੁਰਾ ਨਾਲ ਗੱਲਬਾਤ ਦੌਰਾਨ ਭਰੋਸਾ ਦਿੱਤਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਖਡੂਰ ਸਾਹਿਬ ਸਮੇਤ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਇਲਾਕੇ ਵਿੱਚ ਉੱਚ ਪੱਧਰੀ ਆਧੁਨਿਕ ਹਸਪਤਾਲ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ।ਇਸਤੋਂ ਇਲਾਵਾ ਸ੍ਰ.ਬਾਦਲ ਨੇ ਭਰੋਸਾ ਦਿਵਾਇਆ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸ੍ਰੀ ਗੋਇੰਦਵਾਲ ਸਾਹਿਬ 'ਚ ਨਵੀਂ ਇੰਡਸਟਰੀ ਲਿਆਂਦੀ ਜਾਵੇਗੀ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।ਇਸ ਦੇ ਨਾਲ ਹੀ ਇਲਾਕੇ ਵਿੱਚ 'ਸਿਹਤ ਸਹੂਲਤਾਂ' ਨੂੰ ਪਹਿਲ ਦੇ ਆਧਾਰ 'ਤੇ ਉੱਚਾ ਚੁੱਕਿਆ ਜਾਵੇਗਾ।ਇਸ ਅਹਿਮ ਮੁਲਾਕਾਤ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀਨੀਅਰ ਅਕਾਲੀ ਆਗੂ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਸ੍ਰ.ਬਾਦਲ ਨੂੰ ਖਡੂਰ ਸਾਹਿਬ ਦੇ ਉਨ੍ਹਾਂ ਹੋਰ ਅਹਿਮ ਅਤੇ ਭਖਦੇ ਮੁੱਦਿਆਂ ਤੋਂ ਜਾਣੂ ਕਰਵਾਇਆ ਜਿੰਨ੍ਹਾਂ ਦੇ ਹੱਲ ਦੀ ਇਲਾਕਾ ਨਿਵਾਸੀਆਂ ਨੂੰ ਸਖ਼ਤ ਲੋੜ ਹੈ।ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਤੋਂ ਇਲਾਵਾ ਇਲਾਕੇ ਦੇ ਬੁਨਿਆਦੀ ਢਾਂਚੇ ਦੀ ਤਰਸਯੋਗ ਹਾਲਤ ਅਤੇ ਹੋਰ ਜ਼ਰੂਰੀ ਮਸਲਿਆਂ ਵੱਲ ਮੌਜੂਦਾ ਸਰਕਾਰ ਨੇ ਪੂਰੀ ਤਰ੍ਹਾਂ ਪਿੱਠ ਕਰ ਲਈ ਹੈ ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।ਸੀਨੀਅਰ ਆਗੂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਕੁਝ 'ਸਿਆਸੀ ਸੈਲਾਨੀ' ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਅਸਫ਼ਲ ਯਤਨ ਕਰ ਰਹੇ ਹਨ ਪਰ ਬ੍ਰਹਮਪੁਰਾ ਪਰਿਵਾਰ ਦੇ ਅਟੁੱਟ ਕਿਲ੍ਹੇ ਵਿੱਚ ਸੰਨ੍ਹ ਲਗਾਉਣੀ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ। ਖਡੂਰ ਸਾਹਿਬ ਦੇ ਲੋਕ ਸਿਰਫ਼ ਅਕਾਲੀ ਦਲ ਦੀ ਉਸਾਰੂ ਸਿਆਸਤ ਅਤੇ ਬ੍ਰਹਮਪੁਰਾ ਪਰਿਵਾਰ ਦੀ ਦੂਰਅੰਦੇਸ਼ੀ ਅਗਵਾਈ 'ਤੇ ਹੀ ਮੋਹਰ ਲਗਾਉਣਗੇ।
Posted By: GURBHEJ SINGH ANANDPURI







