Nazrana Times

ਪੰਜਾਬੀ

ਖਹਿਰਾ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼

12 Jan, 2026 11:09 AM
ਖਹਿਰਾ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼

ਚੰਡੀਗੜ੍ਹ / ਜਲੰਧਰ | 12 ਜਨਵਰੀ 2026

ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਗੰਭੀਰ ਅਤੇ ਮਜ਼ਬੂਤ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਸਥਾ, ਭਰੋਸੇ ਅਤੇ ਇੰਨਸਾਫ਼ ਨਾਲ ਕੀਤੀ ਗਈ ਗ਼ਦਾਰੀ ਦਾ ਤੁਰੰਤ ਸੰਗਿਆਨ ਲਿਆ ਜਾਵੇ।
ਖਹਿਰਾ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਪੀਕਰ ਨੇ ਅਹੁਦਾ ਸੰਭਾਲਣ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਸਹੁੰ ਖਾ ਕੇ ਇਹ ਭਰੋਸਾ ਦਿੱਤਾ ਸੀ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਵਿੱਚ ਡੇਢ ਮਹੀਨੇ ਅੰਦਰ ਇੰਨਸਾਫ਼ ਦਿੱਤਾ ਜਾਵੇਗਾ, ਪਰ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇੰਨਸਾਫ਼ ਨਹੀਂ ਮਿਲਿਆ।
ਖਹਿਰਾ ਨੇ ਕਿਹਾ ਕਿ ਗੁਰੂ ਸਾਹਿਬ ਅੱਗੇ ਚੁੱਕੀ ਸਹੁੰ ਨੂੰ ਨਿਭਾਉਣ ਵਿੱਚ ਨਾਕਾਮ ਰਹਿਣਾ ਅਤਿ ਗੰਭੀਰ ਧਾਰਮਿਕ ਮਸਲਾ ਹੈ, ਜਿਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਲਗਾਤਾਰ ਚੁੱਪੀ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਹੋ ਰਹੀ ਦੇਰੀ ਮਾਨ ਸਰਕਾਰ ਦੀ ਨੀਅਤ ਅਤੇ ਨੈਤਿਕ ਭਰੋਸੇਯੋਗਤਾ ’ਤੇ ਸਵਾਲ ਖੜੇ ਕਰਦੀ ਹੈ। ਖਹਿਰਾ ਨੇ ਧਿਆਨ ਦਿਵਾਇਆ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਕਲੇਰ ਵੱਲੋਂ ਅਦਾਲਤ ਵਿੱਚ ਕੀਤੀ ਗਈ ਕਬੂਲੀਅਤ ਦੇ ਬਾਵਜੂਦ ਵੀ ਗੁਰਮੀਤ ਰਾਮ ਰਹੀਮ ਨੂੰ ਪੁੱਛਗਿੱਛ ਲਈ ਤਲਬ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ, ਖਹਿਰਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ’ਤੇ ਸਫਾਈ ਦੇਣ ਦੀ ਖੁੱਲ੍ਹੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ 24 ਘੰਟਿਆਂ ਵਿੱਚ ਇੰਨਸਾਫ਼ ਦੇਣ ਦੇ ਐਲਾਨ ਅੱਜ ਤੱਕ ਪੂਰੇ ਨਹੀਂ ਹੋਏ।
ਉਨ੍ਹਾਂ ਨੇ 2017 ਦੇ ਮੌੜ ਬੰਬ ਧਮਾਕੇ ਦੇ ਮਾਮਲੇ ’ਚ ਵੀ ਇੰਨਸਾਫ਼ ਨਾ ਮਿਲਣ ’ਤੇ ਚਿੰਤਾ ਜਤਾਈ ਅਤੇ SGPC ਸਮੇਤ ਸਿੱਖ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਚੁੱਪੀ ਤਿਆਗ ਕੇ ਸਿੱਖ ਭਾਵਨਾਵਾਂ ਦੀ ਰੱਖਿਆ ਲਈ ਅੱਗੇ ਆਉਣ।
ਅੰਤ ਵਿੱਚ ਖਹਿਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵੋਚ ਅਥਾਰਟੀ ਹੈ ਅਤੇ ਜੋ ਵੀ ਨੇਤਾ ਗੁਰੂ ਸਾਹਿਬ ਅੱਗੇ ਝੂਠੀ ਸਹੁੰ ਚੁੱਕਦਾ ਹੈ, ਉਸ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।

Posted By: GURBHEJ SINGH ANANDPURI