ਖਾਲਸਾ ਕਾਲਜ ਚੋਹਲਾ ਸਾਹਿਬ ਦੇ 9 ਵਿਦਿਆਰਥੀਆਂ ਨੇ ਮੈਗਾ ਪਲੇਸਮੈਂਟ ਵਿੱਚ ਪ੍ਰਾਪਤ ਕੀਤੀਆਂ ਨੌਕਰੀਆਂ
15 Mar, 2026 09:07 PM
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,15 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ 9 ਵਿਦਿਆਰਥੀਆਂ ਨੇ ਮੈਗਾ ਪਲੇਸਮੈਂਟ ਦੌਰਾਨ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦੇ ਉੱਦਮ ਅਤੇ ਦੂਰਦਰਸ਼ੀ ਸੋਚ ਸਦਕਾ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਇੱਕ ਵਿਸ਼ਾਲ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਰੋਜ਼ਗਾਰ ਮੇਲੇ ਵਿੱਚ ਕਈ ਨਾਮੀ ਅਤੇ ਮਾਣਯੋਗ ਕੰਪਨੀਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਤੇ ਕਾਬਲੀਅਤ ਦੇ ਅਧਾਰ ‘ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ।ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇੰਟਰਵਿਊ ਅਤੇ ਚੋਣ ਪ੍ਰਕਿਰਿਆ ਦੌਰਾਨ ਕਾਲਜ ਦੇ 9 ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ਵਿੱਚ ਚੋਣ ਹੋਈ,ਜੋ ਕਿ ਕਾਲਜ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ।ਇਹ ਪ੍ਰਾਪਤੀ ਕਾਲਜ ਵਿੱਚ ਦਿੱਤੀ ਜਾ ਰਹੀ ਉੱਚ ਪੱਧਰੀ ਸਿੱਖਿਆ, ਅਧਿਆਪਕਾਂ ਦੀ ਰਹਿਨੁਮਾਈ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਦਾ ਨਤੀਜਾ ਹੈ।ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਦੇ ਉਤਮ ਮੌਕੇ ਪ੍ਰਾਪਤ ਹੁੰਦੇ ਹਨ ਅਤੇ ਉਹ ਆਪਣੇ ਜੀਵਨ ਵਿੱਚ ਕਾਮਯਾਬੀ ਵੱਲ ਅੱਗੇ ਵਧ ਸਕਦੇ ਹਨ।ਉਨ੍ਹਾਂ ਕਾਲਜ ਦੇ ਪਲੇਸਮੈਂਟ ਅਫਸਰ ਪ੍ਰੋ.ਹਿੰਮਤ ਸਿੰਘ ਅਤੇ ਕਾਲਜ ਦੇ ਅਧਿਆਪਕ ਪ੍ਰੋ.ਜਗਜੀਤ ਸਿੰਘ ਅਤੇ ਪ੍ਰੋ.ਅਮ੍ਰਿਤਪ੍ਰੀਤ ਕੌਰ ਦੀ ਮਿਹਨਤ ਅਤੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ,ਜਿਨ੍ਹਾਂ ਦੀ ਰਹਿਨੁਮਾਈ ਨਾਲ ਵਿਦਿਆਰਥੀਆਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਸਫਲਤਾ ਪ੍ਰਾਪਤ ਹੋਈ।ਕਾਲਜ ਦੇ ਪ੍ਰਿੰਸੀਪਲ,ਸਮੂਹ ਅਧਿਆਪਕ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਦੀ ਸਫਲ ਆਯੋਜਨਾ ਲਈ ਦਿਲੋਂ ਵਧਾਈ ਦਿੱਤੀ ਗਈ।ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਕੀਮਤੀ ਮੌਕੇ ਪ੍ਰਦਾਨ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਨੂੰ ਨਵੀਂ ਦਿਸ਼ਾ ਦੇਣ ਲਈ ਹੋਰ ਵਧੀਆ ਮੌਕੇ ਪ੍ਰਾਪਤ ਹੋ ਸਕਣ।
Posted By: GURBHEJ SINGH ANANDPURI







