ਪੰਜਾਬ ਦੀ ਤਰੱਕੀ ਦੇ ਦਰਵਾਜ਼ੇ ਖੋਲੇਗਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ-ਨਰਿੰਦਰ ਮੋਦੀ, ਪ੍ਰਧਾਨ ਮੰਤਰੀ
ਸ਼੍ਰੋਮਣੀ ਅਕਾਲੀ ਦਲ ਦੀ ਐੱਨਡੀਏ ਪਰਿਵਾਰ ਵਿੱਚ ਵਾਪਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿੱਘਾ ਸਵਾਗਤ।
ਹਰਵਿੰਦਰ ਕੌਰ ਖੁੱਡੀ ਕਲਾਂ
ਬਰਨਾਲਾ , 24 ਨਵੰਬਰ
: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਸਿਆਸੀ ਘਟਨਾਕ੍ਰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨਡੀਏ) ਵਿੱਚ ਵਾਪਸੀ ਹੋ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਹੋਏ ਇਸ ਰਸਮੀ ਐਲਾਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰਵਾਂ ਅਤੇ ਨਿੱਘਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਮੀਲ ਪੱਥਰ ਕਰਾਰ ਦਿੱਤਾ ਹੈ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਆਪਣੀਆਂ ਭਾਵਨਾਵਾਂ ਅਤੇ ਵਿਚਾਰ ਸਾਂਝੇ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਪਹਿਲਾਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਹੈ। ਉਨ੍ਹਾਂ ਬੇਹੱਦ ਖ਼ੁਸ਼ੀ ਜ਼ਾਹਰ ਕਰਦਿਆਂ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਤੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਮੁੜ ਐੱਨਡੀਏ ਪਰਿਵਾਰ ਦਾ ਹਿੱਸਾ ਬਣਿਆ ਹੈ, ਜੋ ਕਿ ਸੂਬੇ ਲਈ ਸ਼ੁਭ ਸੰਕੇਤ ਹੈ। ਪ੍ਰਧਾਨ ਮੰਤਰੀ ਨੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝ ਨੂੰ ਇੱਕ ‘ਸੁਭਾਵਿਕ ਗੱਠਜੋੜ’ ਦੱਸਦਿਆਂ ਕਿਹਾ ਕਿ ਇਹ ਗੱਠਜੋੜ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਲੋਕਾਂ ਨੂੰ ਇੱਕ ਸਥਿਰ, ਮਜ਼ਬੂਤ ਅਤੇ ਲੋਕ-ਪੱਖੀ ਸਰਕਾਰ ਮਿਲੇ, ਜੋ ਸੂਬੇ ਨੂੰ ਵਿਕਾਸ, ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗੀ।
ਆਪਣੇ ਸੰਦੇਸ਼ ਵਿੱਚ ਦੋਵਾਂ ਪਾਰਟੀਆਂ ਦੇ ਪੁਰਾਣੇ ਇਤਿਹਾਸਕ ਸਬੰਧਾਂ, ਆਪਸੀ ਵਿਸ਼ਵਾਸ ਅਤੇ ਸੀਨੀਅਰ ਲੀਡਰਸ਼ਿਪ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਹੀ ਸਮੇਂ ਦੀ ਹਰ ਕਸੌਟੀ ’ਤੇ ਖਰਾ ਉਤਰਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਗੂਆਂ ਨੇ ਪੰਜਾਬ ਵਿੱਚ ਭਾਈਚਾਰਕ ਸਾਂਝ, ਆਪਸੀ ਏਕਤਾ ਅਤੇ ਵਿਕਾਸ ਦੀ ਜੋ ਨੀਂਹ ਰੱਖੀ ਸੀ, ਇਹ ਮੁੜ ਹੋਇਆ ਮਿਲਾਪ ਉਸੇ ਵਿਰਾਸਤ ਨੂੰ ਅੱਗੇ ਤੋਰੇਗਾ। ਪ੍ਰਧਾਨ ਮੰਤਰੀ ਨੇ ਪੂਰਾ ਭਰੋਸਾ ਪ੍ਰਗਟਾਇਆ ਕਿ ਦੋਵਾਂ ਪਾਰਟੀਆਂ ਦੀ ਇਹ ਸਾਂਝ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗੀ ਅਤੇ ਸੂਬੇ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ।
ਜ਼ਿਕਰਯੋਗ ਹੈ ਕਿ ਕਰੀਬ ਛੇ ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਹੋਈ ਇਸ ਸਿਆਸੀ ਵਾਪਸੀ ਦਾ ਰਸਮੀ ਐਲਾਨ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਈ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਇਸ ਸਮਝੌਤੇ ਤਹਿਤ ਦੋਵੇਂ ਪਾਰਟੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਮਿਲ ਕੇ ਲੜਨਗੀਆਂ।ਸਿਆਸੀ ਮਾਹਿਰਾਂ ਅਨੁਸਾਰ ਪੰਜਾਬ ਦੇ ਮੌਜੂਦਾ ਆਰਥਿਕ, ਖੇਤੀਬਾੜੀ ਅਤੇ ਸਮਾਜਿਕ ਹਾਲਾਤਾਂ ਦੇ ਮੱਦੇਨਜ਼ਰ ਇਸ ਗੱਠਜੋੜ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕੇਂਦਰ ਵਿੱਚ ਐੱਨਡੀਏ ਦੀ ਸਰਕਾਰ ਹੋਣ ਕਾਰਨ ਇਸ ਸਾਂਝ ਨਾਲ ਸੂਬੇ ਲਈ ਵਿਸ਼ੇਸ਼ ਵਿਕਾਸ ਪੈਕੇਜਾਂ, ਬੁਨਿਆਦੀ ਢਾਂਚੇ ਦੇ ਸੁਧਾਰ, ਉਦਯੋਗਿਕ ਨਿਵੇਸ਼ ਅਤੇ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਇਸ ਫ਼ੈਸਲੇ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਸੂਬੇ ਦੇ ਸਮੁੱਚੇ ਸਿਆਸੀ ਸਮੀਕਰਨਾਂ ਵਿੱਚ ਵੱਡੀ ਤਬਦੀਲੀ ਆਉਣੀ ਤੈਅ ਮੰਨੀ ਜਾ ਰਹੀ ਹੈ।
Leave a Reply