Nazrana Times

ਪੰਜਾਬੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ...

31 Aug, 2026 08:57 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾੲਅਿਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਕਾਰਜ ਸਿੰਘ ਜੀ ਦੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਨੇ 1706ਈ ਨੂੰ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਗੁਰੂ ਕੀ ਕਾਂਸ਼ੀ -ਸਾਬੋ ਕੀ ਤਲਵੰਡੀ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਨੋਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਕਰਾ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਵਾਇਆ। ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਇਲਾਹੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਗੁਰਦੇਵ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਜਗਦੀਪ ਸਿੰਘ ਦਿੱਲੀ ਵਾਲੇ, ਬੀਬੀ ਜਸਲੀਨ ਕੌਰ ਲੁਧਿਆਣੇ ਵਾਲੇ, ਬੀਬੀ ਸਿਮਰਨਜੀਤ ਕੌਰ ਰਾਜਪੁਰੇ ਵਾਲੇ, ਭਾਈ ਅਵੀਨਾਸ਼ ਸਿੰਘ ਜੀ ਜਵੱਦੀ ਟਕਸਾਲ ਵਾਲੇ, ਬੀਬੀ ਕੰਵਲਜੀਤ ਕੌਰ, ਸ਼੍ਰੋਮਣੀ ਪ੍ਰਰਾਚਕ ਭਾਈ ਹਰਜੀਤ ਸਿੰਘ ਜੀ, ਭਾਈ ਮਹਿੰਦਰਪਾਲ ਸਿੰਘ, ਅਕਾਲ ਕਵੀਸ਼ਰੀ ਜੱਥਾ, ਭਾਈ ਹਰਜਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਨਾਮ ਸਿੰਘ ਨੇ ਕੀਰਤਨ, ਕਥਾ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਪੂਰਨਤਾ ਦਿਵਸ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਦਿਹਾੜੇ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News