ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਦੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀਆਂ

ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਦੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀਆਂ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪਰਵਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਨੂੰ ਜਾਰੀ ਰੱਖਣ ਦਾ ਪ੍ਰਣ ਲੈਣ ਦੀ ਪ੍ਰੇਰਨਾ। 

ਬਿੰਦਰ ਸਿੰਘ ਖੁੱਡੀ ਕਲਾਂ 
ਮਾਨਸਾ , 18 ਅਕਤੂਬਰ 

​:ਮਾਨਸਾ 'ਚ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਅਤੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਮਾਜਿਕ, ਧਾਰਮਿਕ ਅਤੇ ਸਿਆਸੀ ਹਲਕਿਆਂ ਤੋਂ ਲੈ ਕੇ ਕਲਾਕਾਰਾਂ ਤੱਕ ਹਰ ਕੋਈ ਇਸ ਘਟਨਾ ਦੀ ਸਖ਼ਤ ਨਿਖੇਧੀ ਕਰ ਰਿਹਾ ਹੈ।

ਪਰਵਿੰਦਰ ਸਿੰਘ ਝੋਟਾ ਵੱਲੋਂ ਪਿਛਲੇ ਦਿਨੀਂ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਉੱਤੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਫੇਸਬੁੱਕ ਲਾਈਵ ਦੌਰਾਨ ਇਹ ਮੰਦਭਾਗੀ ਘਟਨਾ ਵਾਪਰੀ ਸੀ।ਇਸ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਉੱਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਇਸ ਦੁੱਖਦਾਈ ਘਟਨਾ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਵਰਗਾਂ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਮਾਨਸਾ ਸ਼ਹਿਰ 'ਚ ਵੱਡੇ ਇਕੱਠ ਨਾਲ ਮੋਰਚਾ ਲਗਾ ਕੇ ਪਰਵਿੰਦਰ ਦੇ ਕਾਤਲ ਅਤੇ ਕਾਤਲ ਦੀ ਸਾਜਿ਼ਸ ਰਚਣ ਸਮੇਤ ਅਣਗਹਿਲੀ ਕਰਨ ਵਾਲੇ ਲੋਕਾਂ ਨੂੰ ਬੇਨਕਾਬ ਕਰਕੇ ਸਜਾ਼ਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਖ਼ਬਰ ਲਿਖੇ ਜਾਣ ਤੱਕ ਪਰਿਵਾਰ ਅਤੇ ਮੋਰਚੇ ਦੀ ਐਕਸ਼ਨ ਕਮੇਟੀ ਪਰਵਿੰਦਰ ਦੇ ਸਸਕਾਰ ਲਈ ਸਹਿਮਤ ਨਹੀਂ ਹੋਈ। ਪਰਵਿੰਦਰ ਦੀ ਮ੍ਰਿਤਕ ਦੇਹ ਹਸਪਤਾਲ ਵਿੱਚ ਪਈ ਹੈ।

​ ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਕਲਾਕਾਰਾਂ ਅਤੇ ਗਾਇਕਾਂ ਨੇ ਵੀ ਅੱਗੇ ਆ ਕੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ ਕੀਤੀਆਂ ਹਨ। ਰਣਜੀਤ ਬਾਵਾ, ਹਰਭਜਨ ਮਾਨ, ਬੱਬੂ ਮਾਨ,ਗੁਲਾਬ ਸਿੱਧੂ, ਅਰਜਨ ਢਿੱਲੋਂ, ਨਿਰਵੈਰ ਪੰਨੂ ਅਤੇ ਸ਼ੈਰੀ ਮਾਨ ਸਮੇਤ ਕਈ ਪ੍ਰਮੁੱਖ ਗਾਇਕਾਂ ਨੇ ਆਪਣੇ ਲਾਈਵ ਸ਼ੋਅਜ਼ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਰਵਿੰਦਰ ਝੋਟਾ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ। ਗੁਲਾਬ ਸਿੱਧੂ ਨੇ ਆਪਣੇ ਇੱਕ ਵਿਦੇਸ਼ੀ ਪ੍ਰੋਗਰਾਮ ਦੌਰਾਨ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਪਰਵਿੰਦਰ ਸਿੰਘ ਝੋਟਾ ਨੂੰ ਵੀ ਭਾਵੁਕ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਕਈ ਨੌਜਵਾਨ ਕਲਾਕਾਰਾਂ ਅਤੇ ਗਰੁੱਪਾਂ ਵੱਲੋਂ ਵਿਸ਼ੇਸ਼ ਗੀਤ ਵੀ ਜਾਰੀ ਕੀਤੇ ਗਏ ਹਨ।ਜਿਨ੍ਹਾਂ ਵਿੱਚ 'ਪੰਜਾਬ ਵਾਰੀਅਰਜ਼', ਆਦਿ ਸਮੇਤ ਬਹੁਤ ਸਾਰੇ ਹੋਰ ਗੀਤ ਸ਼ਾਮਿਲ ਹਨ।ਜੋ ਨਸ਼ਿਆਂ ਵਿਰੁੱਧ ਲੜਦਿਆਂ ਜਾਨ ਵਾਰ ਗਏ ਆਗੂ ਦੀ ਘਾਲਣਾ ਨੂੰ ਬਿਆਨ ਕਰਦੇ ਹਨ। ਪ੍ਰਸਿੱਧ ਗਾਇਕ ਬੱਬੂ ਮਾਨ ਸਮੇਤ ਕਈ ਹੋਰ ਨਾਮਵਰ ਹਸਤੀਆਂ ਨੇ ਵੀ ਇਸ ਘਟਨਾ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿੱਚ ਨਸ਼ਾਖੋਰੀ ਦੇ ਗੰਭੀਰ ਮੁੱਦੇ ਅਤੇ ਸੁਰੱਖਿਆ ਪ੍ਰਬੰਧਾਂ ਉੱਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਹਨ। ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਪਰਵਿੰਦਰ ਸਿੰਘ ਦੀ ਬੇਵਕਤ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਝੋਟਾ ਦੀ ਹਿੰਮਤ ਅਤੇ ਸਮਰਪਣ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ।ਮਾਨ ਨੇ ਪੰਜਾਬ ਵਿੱਚ ਨਸ਼ਾਖੋਰੀ ਵਿਰੁੱਧ ਸਮੂਹਿਕ ਲੜਾਈ ਜਾਰੀ ਰੱਖਣ ਅਤੇ ਝੋਟਾ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਜਨਤਾ ਨੂੰ ਅਪੀਲ ਕਰਨ ਵਾਸਤੇ ਆਪਣੇ ਵਿਸ਼ਾਲ ਪਲੇਟਫਾਰਮ ਦੀ ਵਰਤੋਂ ਕੀਤੀ।

​ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਹ ਹੈ, ਜਦਕਿ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਦੋਸ਼ੀ ਸਮੇਤ ਉਸਦੀ ਪਤਨੀ ਅਤੇ ਦੋ ਹੋਰ ਜਣਿਆਂ ਨੂੰ ਕਾਬੂ ਕਰਕੇ ਅੱਗੇ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ। ਪੰਜਾਬ ਦੇ ਲੋਕ ਅਤੇ ਵੱਖ-ਵੱਖ ਜਥੇਬੰਦੀਆਂ ਇਸ ਮਾਮਲੇ ਦੀ ਡੂੰਘਾਈ ਨਾਲ ਸੀ.ਬੀ.ਆਈ. ਜਾਂਚ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੀਆਂ ਹਨ। ਪਰਵਿੰਦਰ ਸਿੰਘ ਝੋਟਾ ਦਾ ਇਹ ਕਤਲ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਲੋਕਾਂ ਲਈ ਇੱਕ ਵੱਡਾ ਝਟਕਾ ਹੈ। ਪਰ ਪੰਜਾਬ ਦੇ ਲੋਕਾਂ ਅਤੇ ਕਲਾਕਾਰਾਂ ਵੱਲੋਂ ਦਿੱਤੀ ਜਾ ਰਹੀ ਲਗਾਤਾਰ ਹਮਾਇਤ ਇਹ ਦੱਸਦੀ ਹੈ ਕਿ ਨਸ਼ੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਹੌਸਲਾ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.