ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਚੂੰਗਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 30 ਅਕਤੂਬਰ-ਕੰਵਰ ਪ੍ਰਤਾਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਚੂੰਗਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬਲਦੇਵ ਸਿੰਘ ਚੂੰਗਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਬਲਦੇਵ ਸਿੰਘ ਚੂੰਗਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਸ. ਬਲਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਬਲਦੇਵ ਸਿੰਘ ਚੂੰਗਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।