ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਲੋਕ ਨਗਰ ਨਿਗਮ ਦਾ ਸਹਿਯੋਗ ਕਰਨ-ਐਡਵੋਕੇਟ ਚੰਦੀ
ਕਪੂਰਥਲਾ 1 ਸਤੰਬਰ ਗੌਰਵ ਮੜੀਆ
ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਮਿਸ਼ਨ ਕਲੀਨ ਪੰਜਾਬ ਨਾਮ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਪੂਰੇ ਸੂਬੇ ਵਿਚ ਕੈਬਨਿਟ ਮੰਤਰੀ,ਵਿਧਾਇਕ, lਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਫ਼ਾਈ ਕਾਰਜਾਂ ਨੂੰ ਤੇਜ਼ ਕਰ ਰਹੇ ਹਨ।ਸਾਫ਼ ਪੰਜਾਬ,ਮਾਣਮੱਤਾ ਪੰਜਾਬ’ ਦੇ ਸੰਕਲਪ ਤੇ ਆਧਾਰਿਤ ਇਹ ਮੁਹਿੰਮ ਖਾਸ ਤੌਰ ਤੇ ਉਨ੍ਹਾਂ ਥਾਵਾਂ(ਕੂੜੇ ਦੇ ਨਾਜ਼ੁਕ ਪੁਆਇੰਟਾਂ)ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਤੇ ਕੇਂਦਰਿਤ ਹੈ ਜਿੱਥੇ ਬਾਰ-ਬਾਰ ਕੂੜਾ ਸੁੱਟਿਆ ਜਾਂਦਾ ਹੈ।ਵਿਸ਼ੇਸ਼ ਟੀਮਾਂ ਵੱਲੋਂ ਇਹਨਾਂ ਥਾਵਾਂ ਦੀ ਡੂੰਘਾਈ ਨਾਲ ਸਫ਼ਾਈ ਕੀਤੀ ਜਾ ਰਹੀ ਹੈ,ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉੱਥੇ ਦੁਬਾਰਾ ਕੂੜਾ ਇਕੱਠਾ ਨਾ ਹੋਵੇ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਕਪੂਰਥਾਲਾ ਵਿਖੇ ਇਸ ਮੁਹਿੰਮ ਦੀ ਅਗਵਾਈ ਕੀਤੀ।ਉਨ੍ਹਾਂ ਨੇ ਖੁਦ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ।ਇਸ ਦੌਰਾਨ ਐਡਵੋਕੇਟ ਚੰਦੀ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਮੁਹਿੰਮ ਪੰਜਾਬ ਸਰਕਾਰ ਦੀ ਆਪਣੇ ਲੋਕਾਂ ਨੂੰ ਸਾਫ਼-ਸੁਥਰੇ ਅਤੇ ਸਿਹਤਮੰਦ ਸ਼ਹਿਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਸਫ਼ਾਈ ਦੀ ਜ਼ਿੰਮੇਵਾਰੀ ਸਿਰਫ਼ ਸਫ਼ਾਈ ਸੇਵਕਾਂ ਦੀ ਹੀ ਨਹੀਂ ਹੋ ਸਕਦੀ,ਸਗੋਂ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਆਮ ਨਾਗਰਿਕਾਂ,ਦੁਕਾਨਦਾਰਾਂ ਅਤੇ ਸਥਾਨਕ ਭਾਈਚਾਰੇ ਨੂੰ ਵੀ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ।ਐਡਵੋਕੇਟ ਚੰਦੀ ਨੇ ਕਿਹਾ ਇਹ ਮੁਹਿੰਮ ਸਿਰਫ਼ ਇੱਕ ਵਾਰ ਦੀ ਸਫ਼ਾਈ ਤੱਕ ਸੀਮਤ ਨਹੀਂ ਰਹੇਗੀ,ਸਗੋਂ ਨਿਯਮਤ ਨਿਗਰਾਨੀ ਅਤੇ ਬਾਰ-ਬਾਰ ਕੂੜਾ ਸੁੱਟਣ ਵਾਲੀਆਂ ਥਾਵਾਂ ਵਿਰੁੱਧ ਕਾਰਵਾਈ ਦੇ ਨਾਲ ਇੱਕ ਟਿਕਾਊ ਸਫ਼ਾਈ ਪ੍ਰਣਾਲੀ ਬਣਾਉਣ ਤੇ ਧਿਆਨ ਕੇਂਦਰਿਤ ਕਰੇਗੀ।ਉਨ੍ਹਾਂ ਨਾਗਰਿਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਜਨਤਕ ਥਾਵਾਂ ਤੇ ਕੂੜਾ ਨਾ ਸੁੱਟਣ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਇਹ ਮੁਹਿੰਮ ਇੱਕ ਸਮੂਹਿਕ ਯਤਨ ਹੈ ਜਿਸ ਵਿੱਚ ਸਿਰਫ਼ ਸਫ਼ਾਈ ਸੇਵਕ ਹੀ ਨਹੀਂ ਬਲਕਿ ਜ਼ਿਲ੍ਹਾ ਪ੍ਰਸ਼ਾਸਨ,ਨਗਰ ਕੌਂਸਲਾਂ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹਨ।ਐਡਵੋਕੇਟ ਚੰਦੀ ਨੇ ਨਿਵਾਸੀਆਂ ਨੂੰ ਸਫ਼ਾਈ ਅੰਦੋਲਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਦੇ ਨਤੀਜੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਵੀ ਬਰਕਰਾਰ ਰਹਿਣ।ਉਨ੍ਹਾਂਨੇ ਸਫ਼ਾਈ ਅਤੇ ਜਨਤਕ ਸਿਹਤ ਵਿਚਕਾਰ ਸਬੰਧਾਂ ਤੇ ਜ਼ੋਰ ਦਿੰਦਿਆਂ ਕਿਹਾ ਕਿ ਗੰਦਗੀ ਅਤੇ ਕੂੜੇ ਦੇ ਢੇਰ ਕਈ ਬੀਮਾਰੀਆਂ ਦੇ ਫੈਲਣ ਦਾ ਕਾਰਨ ਬਣਦੇ ਹਨ।ਉਨ੍ਹਾਂਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ ਤੇ ਕੂੜਾ ਨਾ ਸੁੱਟਣ ਅਤੇ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੇ ਆਲੇ-ਦੁਆਲੇ ਸਫ਼ਾਈ ਬਣਾਏ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ।
Posted By: Gaurav Maria