Nazrana Times

ਪੰਜਾਬੀ

ਥਾਣਾ ਮੁਖੀ ਚੋਹਲਾ ਸਾਹਿਬ ਰਣਜੀਤ ਸਿੰਘ ਦੀ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ

13 Jun, 2026 11:12 PM

ਇਲਾਕੇ ਵਿੱਚ ਵਧਾਈ ਗਈ ਗਸ਼ਤ ਤੇ ਚੈਕਿੰਗ,ਲੋਕਾਂ ਤੋਂ ਸਹਿਯੋਗ ਦੀ ਕੀਤੀ ਅਪੀਲ 
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,13 ਜੂਨ

ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐਸਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਲੋਂ ਵਿਸ਼ੇਸ਼ ਗਸਤ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ,ਤਾਂ ਜੋ ਅਪਰਾਧਿਕ ਗਤੀਵਿਧੀਆਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿੱਚ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਰਾਖੀ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐਸ.ਐਚ.ਓ ਰਣਜੀਤ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਆਪਣੇ ਕੋਲ ਰੱਖਣ।ਉਨ੍ਹਾਂ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਵੀ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਆਪਣੀ ਹੱਦ ਅੰਦਰ ਹੀ ਰੱਖਣ,ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਪੈਦਾ ਨਾ ਹੋਵੇ।
ਉਨ੍ਹਾਂ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਹ ਗੈਰ-ਕਾਨੂੰਨੀ ਧੰਦਾ ਤੁਰੰਤ ਬੰਦ ਕਰ ਦੇਣ,ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।ਥਾਣਾ ਮੁਖੀ ਨੇ ਆਮ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਸ਼ੱਕੀ ਵਿਅਕਤੀ ਜਾਂ ਸਮਾਜ ਵਿਰੋਧੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਫੋਟੋ: ਥਾਣਾ ਮੁਖੀ ਸਬ ਇੰਸਪੈਕਟਰ ਰਣਜੀਤ ਸਿੰਘ।

Posted By: TAJEEMNOOR KAUR

Latest News